ਕਿਸੇ ਹੋਰ ਨੂੰ ਦੇਣ ਲਈ ਪੰਜਾਬ ਕੋਲ ਇਕ ਬੂੰਦ ਵੀ ਪਾਣੀ ਨਹੀਂ : ਬਾਦਲ
ਚੰਡੀਗੜ੍ਹ — ਸ਼੍ਰੋਮਣੀ ਅਕਾਲੀ ਦਲ ਦੇ ਚੀਫ ਪੈਟਰਨ ਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਇਕ ਬੂੰਦ ਪਾਣੀ ਵੀ ਨਹੀਂ ਹੈ। ਸੱਚ ਤਾਂ ਇਹ ਹੈ ਕਿ ਪੰਜਾਬ ਦੇ ਕਿਸਾਨ ਖੁਦ ਪਾਣੀ ਦੀ ਤੰਗੀ ਝਲ ਰਹੇ ਹਨ ਕਿਉਂਕਿ ਜ਼ਮੀਨ ਹੇਠਾਂ ਪਾਣੀ ਦਾ ਪੱਧਰ ਲਗਾਤਾਰ ਡਿਗਦਾ ਜਾ ਰਿਹਾ ਹੈ। ਐੱਸ. ਵਾਈ. ਐੱਲ. ਲਈ ਪੰਜਾਬ ਕੋਲ ਪਾਣੀ ਨਹੀਂ ਹੈ। ਇਸ ਲਈ ਪਾਣੀ ਦੀ ਇਕ ਬੂੰਦ ਵੀ ਐੱਸ. ਵਾਈ. ਐੱਲ. 'ਚ ਵਗਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਸ ਮੁੱਦੇ 'ਤੇ ਕੁਝ ਨੇਤਾਵਾਂ ਵਲੋਂ ਦਿੱਤੇ ਗਏ ਬਿਆਨਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਅੱਜ ਦੇਰ ਸ਼ਾਮ ਜਾਰੀ ਕੀਤੇ ਇਕ ਬਿਆਨ 'ਚ ਪੰਜਾਬ ਤੇ ਹਰਿਆਣਾ ਦੇ ਸਿਆਸੀ ਦਲਾਂ ਦੇ ਨੇਤਾਵਾਂ ਨੂੰ ਅਮਨ-ਸ਼ਾਂਤੀ ਅਤੇ ਸਥਿਰਤਾ ਦੀ ਕੀਮਤ 'ਤੇ ਸਸਤੀ ਸ਼ੋਹਰਤ ਹਾਸਲ ਕਰਨ ਦੇ ਹਥਕੰਡੇ ਅਪਦਾਉਣ ਤੋਂ ਗੁਰੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜਦੋਂ ਤਕ ਉਹ ਹਨ, ਉਦੋਂ ਤਕ ਕਿਸੇ ਨੂੰ ਵੀ ਪੰਜਾਬ ਦੇ ਹਿੱਤਾਂ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਕਰਨ ਦਾ ਭੈਅ ਨਹੀਂ ਹੋਣਾ ਚਾਹੀਦਾ। ਅਕਾਲੀ-ਭਾਜਪਾ ਸਰਕਾਰ ਇਸ ਅਤੇ ਹੋਰਨਾਂ ਮੁੱਦਿਆਂ 'ਤੇ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਸ ਲਈ ਕਿਸੇ ਨੂੰ ਵੀ ਇਸ ਮੁੱਦੇ 'ਤੇ ਝੂਠੀ ਬਹਾਦਰੀ ਦਿਖਾਉਣ ਦੀ ਲੋੜ ਨਹੀਂ।
ਸੂਬੇ 'ਚ ਤਾਜ਼ਾ ਸਥਿਤੀ 'ਤੇ ਟਿੱਪਣੀ ਕਰਦੇ ਹੋਏ ਬਾਦਲ ਨੇ ਕਿਹਾ ਕਿ ਐੱਸ. ਵਾਈ. ਐਲ. 'ਤੇ ਕਿਸੇ ਵੀ ਸੂਰਤ 'ਚ ਨਿਰਮਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਨਾ ਹੀ ਕਿਸੇ ਨੂੰ ਕਾਨੂੰਨ ਆਪਣੇ ਹੱਥ 'ਚ ਲੈਣ ਅਤੇ ਬੜੀ ਮੁਸ਼ਕਲ ਨਾਲ ਹਾਸਲ ਕੀਤੀ ਗਈ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਖਰਾਬ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਕੁਝ ਵੀ ਅਜਿਹਾ ਨਾ ਕਰਨ, ਜਿਸ ਨਾਲ ਸ਼ਾਂਤੀ ਜਾਂ ਕਾਨੂੰਨ ਵਿਵਸਥਾ ਦੀ ਸਥਿਤੀ ਭੰਗ ਹੋਵੇ। ਮੁੱਖ ਮੰਤਰੀ ਜੋ ਕਲ ਹੀ ਵਿਦੇਸ਼ ਤੋਂ ਵਾਪਸ ਪਰਤੇ ਹਨ, ਨੇ ਚੰਡੀਗੜ੍ਹ 'ਚ ਆਉਂਦੇ ਹੀ ਸਿਵਲ ਅਤੇ ਉਚ ਪੁਲਸ ਅਧਿਕਾਰੀਆਂ ਨਾਲ ਬੈਠਕ ਕਰਕੇ ਐੱਸ. ਵਾਈ. ਐੱਲ. ਦੇ ਮੁੱਦੇ 'ਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ 'ਚ ਲੈਣ ਦੀ ਇਜਾਜ਼ਤ ਨਾ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ ਤੇ ਇਸ ਸਿਲਸਿਲੇ 'ਚ ਲੋੜੀਂਦੇ ਸੁਰੱਖਿਆ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਐੱਸ. ਵਾਈ. ਐੱਲ. 'ਤੇ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਿਸੇ ਵੀ ਰਾਜ ਨਾਲ ਟਕਰਾਅ ਨਹੀਂ ਚਾਹੁੰਦੇ। ਉਹ ਸਿਰਫ ਆਪਣੇ ਹਿੱਤਾਂ ਅਤੇ ਅਧਿਕਾਰਾਂ ਦੀ ਰੱਖਿਆ ਕਰਨਾ ਚਾਹੁੰਦੇ ਹਨ। ਪੰਜਾਬ ਦੇ ਬੇਸ਼ੁਮਾਰ ਬਲਾਕ ਪਾਣੀ ਦੀ ਤੰਗੀ ਦੀ ਸਮੱਸਿਆ ਨਾਲ ਜੂਝ ਰਹੇ ਹਨ ਕਿਉਂਕਿ ਜ਼ਮੀਨ ਹੇਠਾਂ ਪਾਣੀ ਦੇ ਪੱਧਰ 'ਚ ਭਾਰੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ।
ਨਾਭਾ ਜੇਲ 'ਚ ਫਿਰ ਹੋਇਆ ਵੱਡਾ ਕਾਂਡ, ਜੇਲ ਪ੍ਰਸ਼ਾਸਨ 'ਚ ਮਚਿਆ ਹੜਕੰਪ (ਵੀਡੀਓ)
NEXT STORY