ਚੰਡੀਗੜ (ਬਿਊਰੋ) - ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਪੰਚਾਇਤੀ ਰਾਜ ਸੰਸਥਾਵਾਂ ਦੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਿੰਡਾਂ ਦੇ ਵਿਕਾਸ ਦੇ ਨਾਲ-ਨਾਲ ਸੂਬੇ ਦੇ ਵਾਤਾਵਰਣ ਖਾਸ ਕਰ ਕੇ ਪਾਣੀ ਦੀ ਸੰਭਾਲ ਕਰਨ ਲਈ ਅੱਗੇ ਆਉਣ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬੀਆਂ ਨੇ ਅਜੇ ਵੀ ਪਾਣੀ ਨੂੰ ਸੰਭਾਲਣ ਦੀ ਕੋਸ਼ਿਸ਼ ਨਾ ਕੀਤੀ ਤਾਂ ਕੁਝ ਸਾਲਾਂ ਬਾਅਦ ਪੰਜਾਬ ਨੂੰ ਪਾਣੀ ਦੇ ਗੰਭੀਰ ਸੰਕਟ ਦਾ ਸਾਹਮਣਾ ਕਰਨਾ ਪਵੇਗਾ। ਰਾਜੀਵ ਗਾਂਧੀ ਪੰਚਾਇਤੀ ਰਾਜ ਸੰਚਾਲਨ ਦੀ ਪੰਜਾਬ ਇਕਾਈ ਵੱਲੋਂ ਅੱਜ ਇਥੋਂ ਦੇ ਪੰਜਾਬ ਕਾਂਗਰਸ ਭਵਨ ਵਿਚ 'ਪੰਚਾਇਤ ਦਿਵਸ' ਮਨਾਉਣ ਲਈ ਕਰਵਾਏ ਗਏ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਪੰਚਾਇਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ 148 ਬਲਾਕਾਂ ਵਿਚੋਂ 122 ਬਲਾਕਾਂ ਵਿਚ ਪਾਣੀ ਬਹੁਤ ਹੀ ਡੂੰਘਾ ਹੋ ਜਾਣ ਕਾਰਨ ਨਵੇਂ ਟਿਊਬਵੈੱਲ ਲਗਾਉਣ 'ਤੇ ਪਾਬੰਦੀ ਲਾਉਣੀ ਪੈ ਗਈ ਹੈ। ਸੂਬੇ ਵਿਚ ਕੁਝ ਮਹੀਨਿਆਂ ਬਾਅਦ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੀ ਤਿਆਰੀ ਸਬੰਧੀ ਦੱਸਦਿਆਂ ਬਾਜਵਾ ਨੇ ਕਿਹਾ ਕਿ ਇਨ੍ਹਾਂ ਚੋਣਾਂ ਦੀ ਵਾਰਡਬੰਦੀ ਅਤੇ ਰਾਖਵੇਂਕਰਨ ਦਾ ਚਲ ਰਿਹਾ ਕੰਮ ਇਸ ਮਹੀਨੇ ਦੇ ਅਖੀਰ ਤੱਕ ਨਿਬੜ ਜਾਵੇਗਾ। ਉਨ੍ਹਾਂ ਕਿਹਾ ਕਿ ਦੋ ਪੜਾਵਾਂ ਵਿਚ ਹੋਣ ਵਾਲੀਆਂ ਇਨ੍ਹਾਂ ਚੋਣਾਂ ਦੇ ਪਹਿਲੇ ਪੜਾਅ ਵਿਚ ਜ਼ਿਲਾ ਪ੍ਰੀਸ਼ਦਾਂ ਅਤੇ ਦੂਜੇ ਪੜਾਅ ਵਿਚ ਪੰਚਾਇਤਾਂ ਦੀਆਂ ਚੋਣਾਂ ਹੋਣਗੀਆਂ। ਪੰਚਾਇਤ ਮੰਤਰੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਪਾਰਦਰਸ਼ੀ, ਨਿਰਪੱਖ ਅਤੇ ਆਜ਼ਾਦਾਨਾ ਢੰਗ ਨਾਲ ਅਤੇ ਸਮੇਂ ਸਿਰ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਇਸ ਵਾਰੀ ਔਰਤਾਂ ਲਈ 50 ਫੀਸਦੀ ਰਾਖਵਾਂਕਰਨ ਹੋ ਜਾਣ ਕਾਰਨ ਔਰਤਾਂ ਨੂੰ ਹੁਣ ਤੋਂ ਹੀ ਇਨ੍ਹਾਂ ਚੋਣਾਂ ਲਈ ਤਿਆਰੀ ਕਰਨੀ ਚਾਹੀਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਗਠਨ ਦੀ ਪੰਜਾਬ ਇਕਾਈ ਦੇ ਕੋ-ਕਨਵੀਨਰ ਜਗਦੀਪ ਸਿੰਘ ਸੰਧੂ, ਦੀਪਕ ਵੈਦ, ਕੇਵਲ ਪਠਾਨੀਆ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੰਚ ਅਤੇ ਸਰਪੰਚ ਹਾਜ਼ਰ ਸਨ।
1 ਕਿਲੋ ਹੈਰੋਇਨ ਤੇ ਨਾਜਾਇਜ਼ ਅਸਲੇ ਸਣੇ ਕਾਬੂ
NEXT STORY