ਕਪੂਰਥਲਾ, (ਗੁਰਵਿੰਦਰ ਕੌਰ, ਮੱਲ੍ਹੀ)- ਪੰਜਾਬ ਦੀ ਕਾਂਗਰਸ ਸਰਕਾਰ ਵਿਰੁੱਧ ਪੰਜ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਵਲੋਂ ਸਾਂਝੇ ਤੌਰ 'ਤੇ ਅੱਜ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਜ਼ਿਲਾ ਪੱਧਰੀ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਜ਼ਿਲੇ ਭਰ ਦੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਆਗੂਆਂ ਤੇ ਵਰਕਰਾਂ ਨੇ ਵੱਧ-ਚੜ੍ਹ ਕੇ ਭਾਗ ਲੈਂਦੇ ਹੋਏ ਕਾਂਗਰਸ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨੇ ਤੋਂ ਬਾਅਦ ਕਾਂਗਰਸ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਲੋਂ ਸਾਂਝੇ ਤੌਰ 'ਤੇ ਆਪਣੀਆਂ ਮੰਗਾਂ ਸਬੰਧੀ ਪੰਜਾਬ ਰਾਜਪਾਲ ਦੇ ਨਾਮ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਈਅਬ ਨੂੰ ਮੰਗ ਪੱਤਰ ਦਿੱਤਾ ਗਿਆ।
ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਵਿੱਤ ਮੰਤਰੀ ਪੰਜਾਬ ਡਾ. ਉਪਿੰਦਰਜੀਤ ਕੌਰ, ਇਸਤਰੀ ਅਕਾਲੀ ਦਲ ਪ੍ਰਧਾਨ ਬੀਬੀ ਜਗੀਰ ਕੌਰ, ਵਿਧਾਇਕ ਫਗਵਾੜਾ ਸੋਮ ਪ੍ਰਕਾਸ਼, ਹਲਕਾ ਇੰਚਾਰਜ ਕਪੂਰਥਲਾ ਐਡਵੋਕੇਟ ਪਰਮਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਜ਼ਿਲਾ ਪ੍ਰਧਾਨ ਸਰਵਣ ਸਿੰਘ ਕੁਲਾਰ, ਭਾਜਪਾ ਦੇ ਜ਼ਿਲਾ ਪ੍ਰਧਾਨ ਸ਼ਾਮ ਸੁੰਦਰ ਅਗਰਵਾਲ, ਐੱਸ. ਜੀ. ਪੀ. ਸੀ. ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਮਾਰਕੀਟ ਕਮੇਟੀ ਕਪੂਰਥਲਾ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਖੋਜੇਵਾਲ ਆਦਿ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਹੋਂਦ 'ਚ ਆਇਆਂ ਤਿੰਨ ਮਹੀਨਿਆਂ ਦਾ ਸਮਾਂ ਹੋ ਗਿਆ ਹੈ।
ਇਸ ਸਮੇਂ ਦੌਰਾਨ ਸੂਬੇ 'ਚ ਦਿਨ-ਪ੍ਰਤੀ-ਦਿਨ ਵਿਗੜ ਰਹੀ ਕਾਨੂੰਨ ਵਿਵਸਥਾ, ਕਿਸਾਨਾਂ ਵਲੋਂ ਵੱਡੇ ਪੱਧਰ 'ਤੇ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ, ਕਿਸਾਨਾਂ ਦੇ ਕਰਜ਼ੇ ਮੁਆਫ ਕਰਨਾ, ਕਾਂਗਰਸ ਪਾਰਟੀ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਤੇ ਹੋਰ ਕਾਂਗਰਸੀ ਵਿਧਾਇਕਾਂ ਦੀ ਰੇਤ ਖੱਡਾਂ ਦੀ ਨਿਲਾਮੀ ਦੇ ਵੱਡੇ ਸਕੈਂਡਲ 'ਚ ਸ਼ਮੂਲੀਅਤ, ਬੇਹਤਾਸ਼ਾ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਨਾਲ ਦਲਿਤਾਂ 'ਤੇ ਹੋ ਰਹੇ ਅੱਤਿਆਚਾਰ ਆਦਿ ਨੇ ਪੰਜਾਬ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਮੌਕੇ ਉਪਰੋਕਤ ਆਗੂਆਂ ਨੇ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਰੇਤ ਖੱਡਾਂ ਦੀ ਨਿਲਾਮੀ 'ਚ ਸਿੱਧੇ ਤੌਰ 'ਤੇ ਆਪਣੇ ਮੁਲਾਜ਼ਮਾਂ ਰਾਹੀਂ ਕੀਤੀ ਗਈ ਸ਼ਮੂਲੀਅਤ ਨੂੰ ਮੁੱਖ ਰੱਖਦਿਆਂ ਜਿੰਨੀ ਦੇਰ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਮੰਤਰੀ ਅਹੁਦੇ ਤੋਂ ਨਹੀਂ ਹਟਾਇਆ ਜਾਂਦਾ, ਓਨੀ ਦੇਰ ਗਠਜੋੜ ਵਲੋਂ ਚੈਨ ਨਾਲ ਨਹੀਂ ਬੈਠਿਆ ਜਾਵੇਗਾ।
ਇਸ ਮੌਕੇ ਉਪਰੋਕਤ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਪਿਛਲੀ ਗਠਬੰਧਨ ਸਰਕਾਰ ਵਲੋਂ ਵਿਸ਼ੇਸ਼ ਕਰਕੇ ਗਰੀਬ ਵਰਗ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਨੂੰ ਕਾਂਗਰਸ ਸਰਕਾਰ ਵਲੋਂ ਬੰਦ ਕਰਨਾ ਵੀ ਇਸ ਸਰਕਾਰ 'ਤੇ ਭਾਰੀ ਬਣੇਗਾ।
ਅਕਾਲੀ ਦਲ ਵੱਲੋਂ ਕਾਂਗਰਸ ਖਿਲਾਫ਼ ਜ਼ਿਲਾ ਪੱਧਰੀ ਰੋਸ ਧਰਨਾ
NEXT STORY