ਅੰਮ੍ਰਿਤਸਰ (ਛੀਨਾ)- ਸ਼੍ਰੋਮਣੀ ਟਕਸਾਲ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਮੁਖੀ ਸੰਤ ਅਮਨਦੀਪ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸਿੱਖ ਕੌਮ ਦੀਆਂ ਮਹਾਨ ਸ਼ਖਸੀਅਤਾਂ ਸ਼ਹੀਦ ਭਾਈ ਮਨੀ ਸਿੰਘ ਜੀ, ਭਾਈ ਗੁਰਦਾਸ ਜੀ ਤੇ ਭਾਈ ਜਸਵੰਤ ਸਿੰਘ ਖਾਲੜਾ ਦੀਆਂ ਯਾਦਗਾਰਾਂ ਸਥਾਪਤ ਕਰਨ ਦੇ ਲਏ ਗਏ ਫੈਸਲੇ ਦੀ ਪੁਰਜੋਰ ਸ਼ਬਦਾਂ 'ਚ ਸ਼ਲਾਘਾ ਕੀਤੀ। ਇਸ ਸਬੰਧ 'ਚ ਡੇਰਾ ਸੰਤ ਅਮੀਰ ਸਿੰਘ ਗਲੀ ਸਤੋਵਾਲੀ, ਕਟੜਾ ਕਰਮ ਸਿੰਘ ਵਿਖੇ ਗੱਲਬਾਤ ਕਰਦਿਆਂ ਸੰਤ ਅਮਨਦੀਪ ਸਿੰਘ ਨੇ ਜਿੱਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸਮੂਹ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਧੰਨਵਾਦ ਕੀਤਾ ਉੱਥੇ ਇਸ ਉੱਦਮ ਨੂੰ ਸਿੱਖ ਪ੍ਰੰਪਰਾਵਾਂ ਅਤੇ ਵਿਰਾਸਤ ਨੂੰ ਸੰਭਾਲਣ ਵੱਲ ਇੱਕ ਵੱਡਾ ਕਦਮ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਮਨੀ ਸਿੰਘ ਜੀ ਤੇ ਭਾਈ ਗੁਰਦਾਸ ਜੀ ਦੇ ਇਹ ਯਾਦਗਾਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਗੁ. ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਦੋਵੇਂ ਪਾਸੇ ਤਿਆਰ ਕੀਤੇ ਜਾਣਗੇ। ਸੰਤ ਅਮਨਦੀਪ ਸਿੰਘ ਨੇ ਕਿਹਾ ਕਿ ਇਹ ਅਸਥਾਨ ਸੰਗਤਾਂ ਲਈ ਪ੍ਰੇਰਨਾ ਸਰੋਤ ਬਣਨਗੇ ਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਮਹਾਨ ਸਿੱਖ ਜਰਨੈਲਾਂ ਤੇ ਵਿਦਵਾਨਾਂ ਦੀਆਂ ਘਾਲਣਾਵਾਂ ਤੋਂ ਜਾਣੂ ਕਰਵਾਉਣਗੇ। ਸੰਤ ਅਮਨਦੀਪ ਸਿੰਘ ਨੇ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜੀਵਨ ਅਤੇ ਕੁਰਬਾਨੀ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਿੱਖ ਇਤਿਹਾਸ ਵਿੱਚ ਉਨ੍ਹਾਂ ਦਾ ਵਿਲੱਖਣ ਸਥਾਨ ਹੈ, ਜਿਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬੀੜ ਲਿਖਣ ਦੀ ਸੇਵਾ ਨਿਭਾਉਣ ਦੇ ਨਾਲ-ਨਾਲ ਧਰਮ ਅਤੇ ਸੱਚ ਦੀ ਰਾਖੀ ਲਈ ਆਪਣਾ ਬੰਦ-ਬੰਦ ਕਟਵਾ ਕੇ ਸ਼ਹਾਦਤ ਦਿੱਤੀ। ਉਨ੍ਹਾਂ ਦੀ ਕੁਰਬਾਨੀ ਸਿੱਖ ਕੌਮ ਦੇ ਅਟੁੱਟ ਹੌਂਸਲੇ ਅਤੇ ਅਕੀਦਤ ਦੀ ਪ੍ਰਤੀਕ ਹੈ।
ਸੰਤ ਅਮਨਦੀਪ ਸਿੰਘ ਨੇ ਕਿਹਾ ਕਿ ਭਾਈ ਗੁਰਦਾਸ ਜੀ, ਜਿਨ੍ਹਾਂ ਦੀਆਂ ਵਾਰਾਂ ਨੂੰ ਗੁਰਬਾਣੀ ਦੀ ਕੁੰਜੀ ਦਾ ਦਰਜਾ ਹਾਸਲ ਹੈ ਅਤੇ ਭਾਈ ਮਨੀ ਸਿੰਘ ਜੀ ਵਰਗੀਆਂ ਅਜ਼ੀਮ ਸ਼ਖਸੀਅਤਾਂ ਦੀਆਂ ਯਾਦਗਾਰਾਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਬਣਨ ਨਾਲ ਦੇਸ਼-ਵਿਦੇਸ਼ ਤੋਂ ਆਉਂਦੀਆਂ ਸੰਗਤਾਂ ਨੂੰ ਉਨ੍ਹਾਂ ਦੇ ਮਹਾਨ ਇਤਿਹਾਸ ਨਾਲ ਜੁੜਨ ਦਾ ਸੁਭਾਗ ਪ੍ਰਾਪਤ ਹੋਵੇਗਾ। ਸੰਤ ਅਮਨਦੀਪ ਸਿੰਘ ਨੇ ਅਖੀਰ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਕਿ ਯਾਦਗਾਰ ਬਣਾਉਣ ਦੇ ਕਾਰਜ ਨੂੰ ਜਲਦ ਤੋਂ ਜਲਦ ਆਰੰਭ ਕੀਤਾ ਜਾਵੇ।
ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਅਹਿਮ ਫੈਸਲੇ
NEXT STORY