ਅਮ੍ਰਿਤਪਾਲ ਸਿੰਘ
''ਵਾਰਿਸ ਪੰਜਾਬ ਦੇ'' ਮੁਖੀ ਅਮ੍ਰਿਤਪਾਲ ਸਿੰਘ ਨੂੰ ਫੜ੍ਹਨ ਲਈ ਪੰਜਾਬ ਪੁਲਿਸ ਦੀ ਦੂਜੇ ਦਿਨ ਵੀ ਕਾਰਵਾਈ ਜਾਰੀ ਹੈ।
ਹਾਲਾਂਕਿ, ਪੁਲਿਸ ਨੇ ਅਮ੍ਰਿਤਪਾਲ ਸਿੰਘ ਦੇ 78 ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।
ਪੁਲਿਸ ਦਾ ਦਾਅਵਾ ਹੈ ਕਿ ਇਹਨਾਂ ਕੋਲੋ 8 ਰਾਇਫਲਾਂ ਸਣੇ 9 ਹਥਿਆਰ ਫੜ੍ਹੇ ਗਏ ਹਨ ਅਤੇ ਆਪਰੇਸ਼ਨ ਦੌਰਾਨ ਇੱਕ ਰਿਵਾਲਵਰ ਵੀ ਬਰਾਮਦ ਹੋਇਆ ਹੈ।
ਇਸੇ ਮਾਮਲੇ ਵਿੱਚ ਸ਼ਨੀਵਾਰ ਨੂੰ ਜਲੰਧਰ ਅਤੇ ਸ਼ਾਹਕੋਟ ਦੇ ਇਲਾਕਿਆਂ ਵਿੱਚ ਪੁਲਿਸ ਟੀਮਾਂ ਕਾਰਵਾਈ ਸ਼ੁਰੂ ਕੀਤੀ ਸੀ।
ਪੰਜਾਬ ਵਿੱਚ ਐਤਵਾਰ ਦੁਪਹਿਰ 12 ਵਜੇ ਤੱਕ ਇੰਟਰਵਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ।
ਪੰਜਾਬ ਵਿੱਚ ਸੁਰੱਖਿਆ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਪੁਲਿਸ ਵਾਹਨਾਂ ਦੀ ਤਲਾਸ਼ੀ ਲੈ ਰਹੀ ਹੈ।
ਅਮ੍ਰਿਤਪਾਲ ਦੀ ਗ੍ਰਿਫ਼ਤਾਰੀ ਹੋਈ ਜਾਂ ਨਹੀਂ
ਪੰਜਾਬ ਪੁਲਿਸ ਦੇ ਜਲੰਧਰ ਦੇ ਕਮਿਸ਼ਨਰ ਕੁਲਦੀਪ ਸਿੰਘ ਚਹਿਲ ਨੇ ਖ਼ਬਰ ਏਜੰਸੀ ਏਐੱਨਆਈ ਨੂੰ ਦੱਸਿਆ ਕਿ ਅਮ੍ਰਿਤਪਾਲ ਸਿੰਘ ਪੁਲਿਸ ਦੀ ਪਹੁੰਚ ਤੋਂ ਬਾਹਰ ਹੈ। ਭਾਵੇਂ ਕਿ ਉਸ ਦੇ 78 ਸਾਥੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।
ਅਮ੍ਰਿਤਪਾਲ ਦੀ ਭਾਲ਼ ਕਰਨ ਲਈ ਪੰਜਾਬ ਵਿੱਚ ਕਈ ਥਾਵਾਂ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਸੂਬੇ ਦੀਆਂ ਮੁੱਖ ਸੜ੍ਹਕਾਂ ਉੱਤੇ ਸਖ਼ਤ ਨਾਕੇਬੰਦੀ ਕੀਤੀ ਗਈ ਹੈ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਉੱਧਰ ਅਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਵੀ ਖ਼ਬਰ ਏਜੰਸੀ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਨੇ ਇਹ ਜਾਣਕਾਰੀ ਨਹੀਂ ਦਿੱਤੀ ਹੈ ਕਿ ਅਮ੍ਰਿਤਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ਜਾਂ ਨਹੀਂ।
ਉਨ੍ਹਾਂ ਪੁਲਿਸ ਵਲੋਂ ਅਮ੍ਰਿਤਪਾਲ ਦੇ ਕਾਫ਼ਲੇ ਨੂੰ ਰਾਹ ਵਿੱਚ ਰੋਕ ਦੇ ਗ੍ਰਿਫ਼ਤਾਰ ਕਰਨ ਉੱਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਉਹ ਸਵੇਰੇ 8 ਵਜੇ ਤੱਕ ਘਰ ਸੀ ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰ ਸਕਦੀ ਸੀ।
ਉਨ੍ਹਾਂ ਦੱਸਿਆ ਕਿ ਐੱਸਐੱਸਪੀ ਰੈਂਕ ਦਾ ਅਧਿਕਾਰੀ ਉਨ੍ਹਾਂ ਕੋਲ ਭਾਰੀ ਪੁਲਿਸ ਫੋਰਸ ਨਾਲ ਆਇਆ ਸੀ। ਉਨ੍ਹਾਂ ਪੁਲਿਸ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਕੀਤਾ ਹੈ।
ਅਮ੍ਰਿਤਪਾਲ ਸਿੰਘ ਉੱਤੇ ਕਿਹੜੇ ਕੇਸ ਦਰਜ ਕੀਤੇ ਗਏ
ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ‘ਵਾਰਿਸ ਪੰਜਾਬ ਦੇ’ ਦੇ ਕਾਰਕੁੰਨ ਚਾਰ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹਨ।
- ਇਹਨਾਂ ਵਿੱਚ ਸਮਾਜ ਵਿੱਚ ਅਸਥਿਰਤਾ ਫੈਲਾਉਣ, ਇਰਾਦਾ ਕਤਲ, ਪੁਲਿਸ ਮੁਲਾਜ਼ਮਾਂ ’ਤੇ ਹਮਲਾ ਕਰਨ ਅਤੇ ਸਰਕਾਰੀ ਕਰਮਚਾਰੀਆਂ ਦੀਆਂ ਡਿਊਟੀਆਂ ਨੂੰ ਕਾਨੂੰਨੀ ਤਰੀਕੇ ਨਾਲ ਨਿਭਾਉਣ ਵਿੱਚ ਵਿਘਨ ਪਾਉਣਾ ਸ਼ਾਮਿਲ ਹੈ।
- ਅਜਨਾਲਾ ਪੁਲਿਸ ਥਾਣੇ ’ਤੇ ਹਮਲੇ ਲਈ ‘ਵਾਰਿਸ ਪੰਜਾਬ ਦੇ’ ਦੇ ਕਾਰਕੁੰਨਾਂ ਵਿਰੁੱਧ 24 ਫਰਵਰੀ ਨੂੰ ਮੁਕੱਦਮਾ ਨੰਬਰ 39 ਦਰਜ ਕੀਤੀ ਗਿਆ ਸੀ।
ਅਮ੍ਰਿਤਪਾਲ ਸਿੰਘ ਦੇ ਘਰ ਦੇ ਬਾਹਰ ਪਿੰਡ ਜੱਲੂਪੁਰ ਖੇੜਾ ਵਿੱਚ ਪੁਲਿਸ ਤੈਨਾਤ ਕੀਤੀ ਗਈ ਹੈ।
ਹੁਣ ਤੱਕ ਕੀ-ਕੀ ਹੋਇਆ?
- ਸ਼ਨੀਵਾਰ ਨੂੰ ਪੁਲਿਸ ਵੱਲੋਂ ਅਮ੍ਰਿਤਪਾਲ ਸਿੰਘ ਨੂੰ ਫੜਨ ਲਈ ਜਲੰਧਰ ਅਤੇ ਸ਼ਾਹਕੋਟ ਦੇ ਇਲਾਕਿਆਂ ਵਿੱਚ ਕਾਰਵਾਈ ਕੀਤੀ ਗਈ ਸੀ।
- ਖ਼ਬਰ ਏਜੰਸੀ ਪੀਟੀਆਈ ਅਨੁਸਾਰ, ''''ਅਮ੍ਰਿਤਪਾਲ ਦੇ ਕਾਫਲੇ ਨੂੰ ਜਲੰਧਰ ਦੇ ਮਹਿਤਪੁਰ ਪਿੰਡ ਵਿੱਚ ਰੋਕਿਆ ਗਿਆ ਸੀ। ਇਹ ਦੱਸਿਆ ਜਾ ਰਿਹਾ ਹੈ ਕਿ ਅਮ੍ਰਿਤਪਾਲ ਉੱਥੋਂ ਨਿਕਲਣ ਵਿੱਚ ਕਾਮਯਾਬ ਹੋ ਗਏ।''''
- ਪੰਜਾਬ ਪੁਲਿਸ ਨੇ ਹੁਣ ਤੱਕ ਵਾਰਿਸ ਪੰਜਾਬ ਦੇ ਜਥੇਬੰਦੀ ਦੇ 78 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
- ਅਮ੍ਰਿਤਪਾਲ ਸਿੰਘ ਗ੍ਰਿਫ਼ਤ ਵਿੱਚੋਂ ਬਾਹਰ ਹੈ, ਪੁਲਿਸ ਟੀਮਾਂ ਭਾਲ ਕਰ ਰਹੀਆਂ ਹਨ।
- ਇਹਨਾਂ ਕੋਲੋ 8 ਰਾਇਫਲਾਂ ਸਣੇ 9 ਹਥਿਆਰ ਫੜ੍ਹੇ ਗਏ ਹਨ, ਆਪਰੇਸ਼ਨ ਦੌਰਾਨ ਇੱਕ ਰਿਵਾਲਵਰ ਬਰਾਮਦ ਹੋਇਆ।
- ਅਮ੍ਰਿਤਪਾਲ ਦੇ ਹਮਾਇਤੀਆਂ ਨੇ ਮੁਹਾਲੀ ਵਿੱਚ ਗੁਰਦੁਆਰਾ ਸੋਹਾਣਾ ਸਾਹਿਬ ਨੇੜੇ ਰਾਹ ਨੂੰ ਬੰਦ ਕਰ ਦਿੱਤਾ ਸੀ।
- ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਗਾਈ ਹੈ, ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ।
- ਸ਼ਾਹਕੋਟ ਵਿੱਚ ਭਾਰੀ ਪੁਲਿਸ ਬੰਦੋਬਸਤ ਹੈ ਅਤੇ ਥਾਂ-ਥਾਂ ਪੁਲਿਸ ਦੀ ਨਾਕੇਬੰਦੀ ਦੇਖੀ ਗਈ।
- ਬਟਾਲਾ ਵਿੱਚ ਵੀ ਪੁਲਿਸ ਵੱਲੋਂ ਫਲੈਗ ਮਾਰਚ ਕੀਤਾ ਗਿਆ ਸੀ।
- ਪੰਜਾਬ ਵਿੱਚ ਐਤਵਾਰ ਦੁਪਹਿਰ 12 ਵਜੇ ਤੱਕ ਇੰਟਰਵਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ।
ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ)

ਅਮ੍ਰਿਤਪਾਲ ਸਿੰਘ ਖਿਲਾਫ਼ ਪੰਜਾਬ ਪੁਲਿਸ ਦੀ ਕਾਰਵਾਈ, ਪੂਰੇ ਪੰਜਾਬ ''ਚ ਇੰਟਰਨੈੱਟ ਬੰਦ
NEXT STORY