ਨਿਊਯਾਰਕ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਸੰਬੋਧਨ ਕਰਨ ਲਈ ਪਹੁੰਚੇ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਦਾ ਖਾਲਿਸਤਾਨ ਹਮਾਇਤੀਆਂ ਵੱਲੋਂ ਵਿਰੋਧ ਕੀਤੇ ਜਾਣ ਦੀਆਂ ਖ਼ਬਰਾਂ ਹਨ।
ਏਐੱਨਆਈ ਖ਼ਬਰ ਏਜੰਸੀ ਮੁਤਾਬਕ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਅਤੇ ਉਨ੍ਹਾਂ ਨੂੰ ਸਵਾਲ ਪੁੱਛੇ ਗਏ।
ਖਾਲਿਸਤਾਨ ਹਮਾਇਤੀਆਂ ਵੱਲੋਂ ਭਾਰਤੀ ਰਾਜਦੂਤ ਨੂੰ ਹਰਦੀਪ ਸਿੰਘ ਨਿੱਝਰ ਅਤੇ ਗੁਰਪਤਵੰਤ ਸਿੰਘ ਪੰਨੂ ਬਾਰੇ ਸਵਾਲ ਕੀਤੇ ਗਏ।
ਤਰਨਜੀਤ ਸਿੰਘ ਸੰਧੂ ਅਮਰੀਕਾ ਦੇ ਨਿਊਯਾਰਕ ਵਿੱਚ ਪੈਂਦੇ ਲੌਂਗ ਆਈਲੈਂਡ ਦੇ ਹਿੱਕਸਵਿੱਲ ਗੁਰਦੁਆਰਾ ਸਾਹਿਬ ਵਿੱਚ ਗਏ ਸਨ।
ਉਹ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਸਥਾਨਕ ਸਿੱਖ ਭਾਈਚਾਰੇ ਨੂੰ ਸੰਬੋਧਨ ਕਰਨ ਲਈ ਗਏ ਸਨ।
ਇਹ ਕਿਹਾ ਜਾ ਰਿਹਾ ਹੈ ਕਿ ਉਹ ਗੁਰਦੁਆਰਾ ਸਾਹਿਬ ਵਿਖੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਅਤੇ ਖਾਲਿਸਤਾਨ ਹਮਾਇਤੀਆਂ ਨੂੰ ਹਟਾ ਦਿੱਤਾ ਗਿਆ ਸੀ।
ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਆਪਣੇ ‘ਐਕਸ’ ਅਕਾਊਂਟ ਉੱਤੇ ਆਪਣੇ ਸੰਬੋਧਨ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ।
ਉਨ੍ਹਾਂ ਨੇ ਲਿਖਿਆ ਕਿ ਉਨ੍ਹਾਂ ਨੇ ਲੌਂਗ ਆਈਲੈਂਡ ਵਿਖੇ ਗੁਰਦੁਆਰਾ ਸਾਹਿਬ ਵਿੱਚ ਹਾਜ਼ਰੀ ਭਰੀ, “ਸਥਾਨਕ ਸੰਗਤ ਨਾਲ ਸ਼ਾਮਲ ਹੋ ਕੇ ਕੀਰਤਨ ਸੁਣਿਆ ਅਤੇ ਗੁਰੂ ਨਾਨਕ ਦੇ ਸਾਂਝੀਵਾਲਤਾ, ਏਕਤਾ ਅਤੇ ਸਮਾਨਤਾ ਬਾਰੇ ਉਨ੍ਹਾਂ ਨਾਲ ਸਾਂਝ ਪਾਈ।”
ਨਿੱਝਰ ਅਤੇ ਪੰਨੂ ਬਾਰੇ ਇਹ ਸਵਾਲ ਕੀਤੇ
ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਜਾ ਰਹੀ ਵੀਡੀਓ ਵਿੱਚ ਕੁਝ ਖਾਲਿਸਤਾਨ ਹਮਾਇਤੀ ਤਰਨਜੀਤ ਸਿੰਘ ਸੰਧੂ ਨੂੰ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦੇ ਨਾਲ-ਨਾਲ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜਿਸ਼ ਬਾਰੇ ਸਵਾਲ ਕਰਦੇ ਹੋਏ ਵੇਖੇ ਜਾ ਸਕਦੇ ਹਨ।
ਸਤੰਬਰ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ ਏਜੰਸੀਆਂ ਦੇ ਹਵਾਲੇ ਨਾਲ ਨਿੱਝਰ ਕਤਲ ਕੇਸ ਅਤੇ ਭਾਰਤ ਸਰਕਾਰ ਵਿਚਾਲੇ ਪ੍ਰਤੱਖ਼ ਲਿੰਕ ਹੋਣ ਦੀ ਗੱਲ ਕਹੀ ਸੀ।
ਭਾਰਤ ਸਰਕਾਰ ਨੇ ਜਸਟਿਨ ਟਰੂਡੋ ਦੇ ਇਨ੍ਹਾਂ ਇਲਜ਼ਾਮਾਂ ਨੂੰ ''ਬੇਬੁਨਿਆਦ'' ਦੱਸਿਆ ਸੀ।
22 ਨਵੰਬਰ ਨੂੰ ਬ੍ਰਿਟਿਸ਼ ਅਖ਼ਬਾਰ ਫਾਈਨੈਂਸ਼ੀਅਲ ਟਾਈਮਜ਼ ਨੇ ਆਪਣੀ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਸੀ ਕਿ ਅਮਰੀਕੀ ਅਧਿਕਾਰੀਆਂ ਨੇ ਇੱਕ ਸਿੱਖ ਵੱਖਵਾਦੀ ਨੇਤਾ ਦੇ ਕਤਲ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ।
ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਭਾਰਤ ਨੂੰ ਕੂਟਨੀਤਕ ਚੇਤਾਵਨੀ ਜਾਰੀ ਕਰਨ ਤੋਂ ਇਲਾਵਾ, ਅਮਰੀਕੀ ਸੰਘੀ ਸਰਕਾਰ ਦੇ ਵਕੀਲਾਂ ਨੇ ਨਿਊਯਾਰਕ ਦੀ ਇੱਕ ਜ਼ਿਲ੍ਹਾ ਅਦਾਲਤ ਵਿੱਚ ਇਸ ਮਾਮਲੇ ਵਿੱਚ ਘੱਟੋ-ਘੱਟ ਇੱਕ ਸ਼ੱਕੀ ਵਿਰੁੱਧ ਇਲਜ਼ਾਮ ਤੈਅ ਕੀਤੇ ਹਨ।
ਫੈਡਰਲ ਸਰਕਾਰੀ ਵਕੀਲਾਂ ਦੀ ਇਹ ਰਿਪੋਰਟ ਫਿਲਹਾਲ ਸੀਲਬੰਦ ਹੈ। ਅਖ਼ਬਾਰ ਨੇ ਇਸ ਕਤਲ ਦੀ ਸਾਜਿਸ਼ ਦੇ ਨਿਸ਼ਾਨੇ ਦੀ ਪਛਾਣ ਗੁਰਪਤਵੰਤ ਸਿੰਘ ਪੰਨੂ ਵਜੋਂ ਕੀਤੀ ਸੀ।
ਇਸ ਮਗਰੋਂ ਭਾਰਤ ਸਰਕਾਰ ਨੇ ਵੀ ਪ੍ਰਤਿਕਿਰਿਆ ਦਿੱਤੀ ਸੀ, ਵਿਦੇਸ਼ ਮੰਤਰਾਲੇ ਨੇ ਕਿਹਾ, “ਭਾਰਤ ਅਜਿਹੀਆਂ ਜਾਣਕਾਰੀਆਂ ਨੂੰ ਬਹੁਤ ਹੀ ਗੰਭੀਰਤਾ ਨਾਲ ਲੈਂਦਾ ਹੈ ਕਿਉਂਕਿ ਇਹ ਭਾਰਤ ਦੀ ਖੁਦ ਦੀ ਸੁਰੱਖਿਆ ਲਈ ਵੀ ਅਹਿਮ ਹੁੰਦਾ ਹੈ। ਅਮਰੀਕਾ ਵੱਲੋਂ ਦਿੱਤੀ ਜਾਣਕਾਰੀ ਉੱਤੇ ਵੱਖ-ਵੱਖ ਵਿਭਾਗ ਪਹਿਲਾਂ ਹੀ ਕੰਮ ਕਰ ਰਹੇ ਹਨ।”
ਭਾਜਪਾ ਆਗੂਆਂ ਨੇ ਕੀ ਕਿਹਾ
ਇਸ ਘਟਨਾ ਬਾਰੇ ਖ਼ਬਰ ਏਜੰਸੀ ਏਐੱਨਆਈ ਨੂੰ ਇੱਕ ਸਵਾਲ ਦੇ ਜਵਾਬ ਵਿੱਚ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਭਾਰਤ ਆਪਣੇ ਕਿਸੇ ਦੁਸ਼ਮਣ ਦੇ ਅਜਿਹੇ ਕਤਲ ਜਾਂ ਅਜਿਹੀ ਕਿਸੇ ਸਾਜ਼ਿਸ਼ ਵਿੱਚ ਸ਼ਾਮਲ ਨਹੀਂ ਰਿਹਾ, ਚਾਹੇ ਉਹ ਦੇਸ ਦੇ ਅੰਦਰ ਹੋਵੇ ਜਾਂ ਬਾਹਰ।
"ਅਸੀਂ ਕਾਨੂੰਨ ਵਿੱਚ ਯਕੀਨ ਰੱਖਦੇ ਹਾਂ ਅਤੇ ਪਾਲਣਾ ਕਰਦੇ ਹਾਂ।"
ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਤਰਨਜੀਤ ਸਿੰਘ ਸੰਧੂ ਦੇ ਦਾਦਾ ਤੇਜਾ ਸਿੰਘ ਸਮੁੰਦਰੀ ਨੇ ਆਜ਼ਾਦੀ ਤੋਂ ਪਹਿਲਾਂ ਚਾਬੀਆਂ ਵਾਲਾ ਮੋਰਚਾ ਸਮੇਤ ਸਿੱਖ ਮੋਰਚਿਆਂ ਵਿੱਚ ਮੋਹਰੀ ਭੂਮਿਕਾ ਨਿਭਾਈ ਸੀ।
"ਤੇਜਾ ਸਿੰਘ ਸਮੁੰਦਰੀ ਦਾ ਦੇਹਾਂਤ ਵੀ ਪੁਲਿਸ ਹਿਰਾਸਤ ਵਿੱਚ ਹੋਇਆ ਸੀ।"
"ਮੇਰਾ ਮੰਨਣਾ ਹੈ ਕਿ ਉਨ੍ਹਾਂ ਨਾਲ ਅਜਿਹਾ ਵਿਵਹਾਰ ਜਾਇਜ਼ ਨਹੀਂ ਹੈ ਅਤੇ ਉਹ ਇਸਦੀ ਵਿਰੋਧਤਾ ਕਰਦੇ ਹਨ।
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ
ਉਨ੍ਹਾਂ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਸ਼ਰਾਰਤੀ ਲੋਕ ਅਜਿਹੀਆਂ ਹਰਕਤਾਂ ਕਰਦੇ ਹਨ।"
ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰਪੀ ਸਿੰਘ ਨੇ ਕਿਹਾ ਕਿ ਕੈਨੇਡਾ ਅਮਰੀਕਾ ਦੀਆਂ ਸਰਕਾਰਾਂ ਅਜਿਹੇ ਲੋਕਾਂ ''ਤੇ ਕਾਰਵਾਈ ਨਹੀਂ ਕਰਦੀਆਂ, “ਉਹ ਜਿੰਨੀ ਜਲਦੀ ਇਨ੍ਹਾਂ ਉੱਤੇ ਕਾਰਵਾਈ ਕਰਨਗੀਆਂ ਚੰਗਾ ਹੋਵੇਗਾ।”
ਭਾਰਤੀ ਨੁਮਾਇੰਦਿਆਂ ਨੂੰ ਪਹਿਲਾਂ ਵੀ ਰੋਕਿਆ ਜਾ ਚੁੱਕਾ ਹੈ
ਭਾਰਤੀ ਹਾਈ ਕਮਿਸ਼ਨਰ ਨੂੰ ਸਕੌਟਲੈਂਡ ਦੇ ਗਲਾਸਗੋ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਜਾਣ ਤੋਂ ਰੋਕਿਆ ਗਿਆ ਸੀ
ਇਸੇ ਸਾਲ ਅਕਤੂਬਰ ਵਿੱਚ ਵੀ ਭਾਰਤੀ ਹਾਈ ਕਮਿਸ਼ਨਰ ਨੂੰ ਸਕੌਟਲੈਂਡ ਦੇ ਗਲਾਸਗੋ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਜਾਣ ਤੋਂ ਰੋਕਿਆ ਗਿਆ ਸੀ।
ਕੁਝ ਲੋਕਾਂ ਨੇ ਉਨ੍ਹਾਂ ਦਾ ਵਿਰੋਧ ਕੀਤਾ, ਇਸ ਮਗਰੋਂ ਉਹ ਉੱਥੋਂ ਚਲੇ ਗਏ ਸਨ।
ਸਾਲ 2018 ਵਿੱਚ ਅਮਰੀਕਾ, ਕੈਨੇਡਾ ਅਤੇ ਬ੍ਰਿਟੇਨ ਵਿਚਲੇ ਕੁਝ ਗੁਰਦੁਆਰਿਆਂ ਦੀਆਂ ਕਮੇਟੀਆਂ ਦੇ ਵੱਲੋਂ ਗੁਰਦੁਆਰੇ ਵਿੱਚ ਭਾਰਤ ਸਰਕਾਰ ਦੇ ਨੁਮਾਇੰਦਿਆਂ ਦੇ ਦਾਖ਼ਲ ਹੋਣ ਉੱਤੇ ਪਾਬੰਦੀ ਲਾਉਣ ਦਾ ਐਲਾਨ ਕੀਤਾ ਸੀ।
ਇਨ੍ਹਾਂ ਕਮੇਟੀਆਂ ਨੇ 1984 ਸਿੱਖ ਕਤਲੇਆਮ, ਸਿੱਖ ਕੈਦੀਆਂ ਦੀ ਰਿਹਾਈ, ਪੰਜਾਬ ਦੇ ਦਰਿਆਵਾਂ ਸਬੰਧੀ ਕਈ ਕਾਰਨਾਂ ਨੂੰ ਇਸਦੀ ਵਜ੍ਹਾ ਦੱਸਿਆ ਸੀ।
ਪੰਜਾਬ ਦੀ ਖੇਤਰੀ ਪਾਰਟੀ ਸ਼੍ਰੌਮਣੀ ਅਕਾਲੀ ਦਲ ਨੇ ਇਸਦਾ ਵਿਰੋਧ ਕੀਤਾ ਸੀ।
ਹਰਦੀਪ ਸਿੰਘ ਨਿੱਝਰ ਕੌਣ ਸੀ?
ਹਰਦੀਪ ਸਿੰਘ ਨਿੱਝਰ ਦੀ ਪੁਰਾਣੀ ਤਸਵੀਰ
ਹਰਦੀਪ ਸਿੰਘ ਨਿੱਝਰ (45) ਜਲੰਧਰ ਦੇ ਪਿੰਡ ਭਾਰ ਸਿੰਘ ਪੁਰਾ ਨਾਲ ਸਬੰਧਤ ਸੀ। ਭਾਰਤ ਸਰਕਾਰ ਅਨੁਸਾਰ, ਨਿੱਝਰ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਸੀ ਅਤੇ ਖਾਲਿਸਤਾਨ ਟਾਈਗਰ ਫੋਰਸ ਦੇ ਮਾਡਿਊਲ ਮੈਂਬਰਾਂ ਨੂੰ ਸੰਚਾਲਨ, ਨੈੱਟਵਰਕਿੰਗ, ਸਿਖਲਾਈ ਅਤੇ ਵਿੱਤੀ ਮਦਦ ਪ੍ਰਦਾਨ ਕਰਨ ਵਿੱਚ ਸਰਗਰਮੀ ਨਾਲ ਸ਼ਾਮਲ ਸੀ।
ਪੰਜਾਬ ਸਰਕਾਰ ਅਨੁਸਾਰ, ਕੌਮੀ ਜਾਂਚ ਏਜੰਸੀ (NIA) ਤਰਫੋਂ ਨਿੱਝਰ ਦੀ ਕੁੱਲ 11 ਕਨਾਲ 13.5 ਮਰਲੇ ਜ਼ਮੀਨ ਜਲੰਧਰ ਦੇ ਫਿਲੌਰ ਸਬ-ਡਿਵੀਜ਼ਨ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਭਾਰਾ ਸਿੰਘ ਪੁਰਾ ਵਿੱਚ ਜ਼ਬਤ ਕੀਤੀ ਗਈ ਸੀ।
ਸਿੱਖਸ ਫਾਰ ਜਸਟਿਸ ਦੇ ਖਿਲਾਫ ਇੱਕ ਵੱਖਰੇ ਖਾਲਿਸਤਾਨ ਰਾਸ਼ਟਰ ਲਈ ਆਪਣੀ ਆਨਲਾਈਨ ਮੁਹਿੰਮ "ਸਿੱਖ ਰੈਫਰੈਂਡਮ 2020" ਲਈ ਇੱਕ ਕੇਸ ਦੇ ਸਬੰਧ ਵਿੱਚ 2020 ਵਿੱਚ ਪੰਜਾਬ ਵਿੱਚ ਨਿੱਝਰ ਦੀ ਜਾਇਦਾਦ ਕੁਰਕ ਕੀਤੀ ਗਈ ਸੀ।
ਨਿੱਝਰ 1997 ਵਿੱਚ ਕੈਨੇਡਾ ਗਏ ਸੀ। ਉਨ੍ਹਾਂ ਦੇ ਮਾਤਾ-ਪਿਤਾ ਕੋਵਿਡ-19 ਲੌਕਡਾਊਨ ਤੋਂ ਪਹਿਲਾਂ ਪਿੰਡ ਆਏ ਸਨ। ਨਿੱਝਰ ਵਿਆਹੇ ਸੀ ਤੇ ਉਨ੍ਹਾਂ ਦੇ ਦੋ ਪੁੱਤਰ ਹਨ। ਕੈਨੇਡਾ ਵਿੱਚ ਨਿੱਝਰ ਪਲੰਬਰ ਵਜੋਂ ਕੰਮ ਕਰਦੇ ਸੀ।
ਭਾਰਤੀ ਦੀ ਕੌਮੀ ਜਾਂਚ ਏਜੰਸੀ (ਐੱਨਆਈਏ) ਮੁਤਾਬਕ ਨਿੱਝਰ ’ਤੇ ਇਲਜ਼ਾਮ ਸਨ ਕਿ ਉਹ ਕਥਿਤ ਤੌਰ ''ਤੇ ਕੇਟੀਐੱਫ਼ (ਖਾਲਿਸਤਾਨ ਟਾਈਗਰ ਫੋਰਸ) ਦੇ ਮੁਖੀ ਜਗਤਾਰ ਸਿੰਘ ਤਾਰਾ ਨਾਲ ਮੁਲਾਕਾਤ ਕਰਨ ਲਈ 2013-14 ਵਿੱਚ ਪਾਕਿਸਤਾਨ ਗਏ ਸੀ।
ਤਾਰਾ ਨੂੰ 2015 ਵਿੱਚ ਥਾਈਲੈਂਡ ਵਿੱਚ ਗ੍ਰਿਫ਼ਤਾਰ ਕਰਕੇ ਭਾਰਤ ਲਿਆਂਦਾ ਗਿਆ ਸੀ।
ਏਜੰਸੀ ਮੁਤਾਬਕ ਨਿੱਝਰ ਭਾਰਤ ਵਿੱਚ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ ਨਾਲ ਵੀ ਜੁੜੇ ਹੋਏ ਸੀ। ਨਿੱਝਰ ਨੂੰ ਹਾਲ ਹੀ ''ਚ ਆਸਟ੍ਰੇਲੀਆ ''ਚ ਖਾਲਿਸਤਾਨ ਰੈਫਰੈਂਡਮ ਲਈ ਹੋਈ ਵੋਟਿੰਗ ਦੌਰਾਨ ਦੇਖਿਆ ਗਿਆ ਸੀ।
ਗੁਰਪਤਵੰਤ ਸਿੰਘ ਪੰਨੂ ਕੌਣ ਹਨ
ਪੇਸ਼ੇ ਤੋਂ ਵਕੀਲ ਗੁਰਪਤਵੰਤ ਸਿੰਘ ਪੰਨੂ ਦੇ ਪਰਿਵਾਰ ਦੇ ਵੱਡ-ਵਡੇਰੇ ਪਹਿਲਾਂ ਪੱਟੀ ਦੇ ਪਿੰਡ ਨੱਥੂਚੱਕ ਵਿੱਚ ਰਹਿੰਦੇ ਸਨ ਅਤੇ ਬਾਅਦ ਵਿੱਚ ਉਹ ਅੰਮ੍ਰਿਤਸਰ ਨੇੜੇ ਪੈਂਦੇ ਪਿੰਡ ਖਾਨਕੋਟ ਵਿਖੇ ਜਾ ਵਸੇ ਸਨ।
ਪੰਨੂ ਦਾ ਇੱਕ ਭਰਾ ਤੇ ਇੱਕ ਭੈਣ ਹਨ। ਉਨ੍ਹਾਂ ਦੀ ਸਾਰੀ ਪੜ੍ਹਾਈ ਭਾਰਤ ਵਿੱਚ ਹੀ, ਲੁਧਿਆਣਾ ਅਤੇ ਚੰਡੀਗੜ੍ਹ ਤੋਂ ਹੋਈ ਹੈ। ਉਨ੍ਹਾਂ ਨੇ ਕਾਨੂੰਨ ਦੀ ਪੜ੍ਹਾਈ ਵੀ ਭਾਰਤ ਵਿੱਚ ਹੀ ਕੀਤੀ ਹੈ। ਪੰਨੂ ਦੇ ਪਿਤਾ ਮਹਿੰਦਰ ਸਿੰਘ ਪੰਜਾਬ ਮਾਰਕੀਟਿੰਗ ਬੋਰਡ ਦੇ ਸਕੱਤਰ ਸਨ।
1990ਵਿਆਂ ਵਿੱਚ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਕਾਨੂੰਨ ਦੀ ਪੜ੍ਹਾਈ ਕੀਤੀ। ਕਾਲਜ ਦੇ ਸਮੇਂ ਤੋਂ ਹੀ ਉਹ ਸਟੂਡੈਂਟ ਐਕਟੀਵਿਸਟ ਬਣ ਗਏ ਸਨ ਅਤੇ ਸਟੂਡੈਂਟ ਪੌਲੀਟਿਕਸ ਵਿੱਚ ਐਕਟਿਵ ਹੋ ਗਏ ਸਨ।

ਲੰਗਰ ''ਚ ਸੇਵਾ ਕਰਨ ਵਾਲੀ 78 ਸਾਲਾ ਗੁਰਮੀਤ ਕੌਰ ਨੂੰ ਯੂਕੇ ਵਿੱਚ ਰੱਖਣ ਲਈ ਕਿਉਂ ਚੱਲੀ ਮੁਹਿੰਮ
NEXT STORY