ਮਾਨਸਾ: ਭਾਜਪਾ ਦੇ ਸੀਨੀਅਰ ਆਗੂ ਅਤੇ ਆੜ੍ਹਤੀਆਂ ਐਸੋਸੀਏਸ਼ਨ ਮਾਨਸਾ ਅਤੇ ਵਪਾਰ ਮੰਡਲ ਦੇ ਪ੍ਰਧਾਨ ਮਨੀਸ਼ ਕੁਮਾਰ ਬੱਬੀ ਦਾਨੇਵਾਲੀਆ ਨੇ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਦੀ ਸੁਸਤ ਰਫ਼ਤਾਰ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਮੇਂ ਸਿਰ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਅਤੇ ਆੜਤੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਡੀਆਂ ਝੋਨੇ ਨਾਲ ਨੱਕੋ-ਨੱਕ ਭਰੀਆਂ ਪਈਆਂ ਹਨ ਅਤੇ ਖਰੀਦ ਹੋਣ ਦੇ ਬਾਵਜੂਦ ਫ਼ਸਲ ਦੀ ਚੁਕਾਈ ਸਮੇਂ ਸਿਰ ਨਹੀਂ ਹੋ ਰਹੀ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਵੱਲੋਂ ਲਿਫਟਿੰਗ ਦੇ ਟੈਂਡਰ ਦਿੱਤੇ ਗਏ ਹਨ, ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਖੁਦ ਮੰਡੀਆਂ ਵਿੱਚ ਪਹੁੰਚ ਕੇ ਲਿਫਟਿੰਗ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਠੇਕੇਦਾਰਾਂ ਤੋਂ ਕੰਮ ਸਮੇਂ ਸਿਰ ਕਰਵਾਉਣਾ ਯਕੀਨੀ ਬਣਾਉਣ। ਸਿਰਫ਼ ਟੈਂਡਰ ਦੇ ਕੇ ਆਪਣੀ ਜ਼ਿੰਮੇਵਾਰੀ ਤੋਂ ਪਾਸਾ ਨਹੀਂ ਵੱਟਿਆ ਜਾ ਸਕਦਾ।
ਬੱਬੀ ਦਾਨੇਵਾਲੀਆ ਨੇ ਦੋਸ਼ ਲਾਇਆ ਕਿ ਲਿਫਟਿੰਗ ਵਿੱਚ ਦੇਰੀ ਹੋਣ ਤੋਂ ਬਾਅਦ ਆੜਤੀਆਂ ਤੋਂ ਕਟੌਤੀ ਦੇ ਨਾਂ ’ਤੇ ਪੈਸਿਆਂ ਦੀ ਮੰਗ ਕੀਤੀ ਜਾਂਦੀ ਹੈ, ਜੋ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਟੌਤੀ ਦੇ ਨਾਂ ’ਤੇ ਪੈਸੇ ਵਸੂਲਣ ਦੀ ਪ੍ਰਥਾ ਬੰਦ ਹੋਣੀ ਚਾਹੀਦੀ ਹੈ ਅਤੇ ਅਜਿਹੀ ਵਸੂਲੀ ਨੂੰ ਰਿਸ਼ਵਤਖੋਰੀ ਵਜੋਂ ਦੇਖਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਾਰ ਆੜਤੀ ਵਰਗ ਅਜਿਹੀ ਕਥਿਤ ਨਾਜਾਇਜ਼ ਵਸੂਲੀ ਖ਼ਿਲਾਫ਼ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰੇਗਾ ਅਤੇ ਲੋੜ ਪੈਣ ’ਤੇ ਇਸ ਦਾ ਜਥੇਬੰਦਕ ਤੌਰ ’ਤੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਭਾਜਪਾ ਦੀ ਹਾਈਕਮਾਂਡ ਦੇ ਧਿਆਨ ਵਿੱਚ ਵੀ ਲਿਆਂਦਾ ਗਿਆ ਹੈ।
ਉਨ੍ਹਾਂ ਡਿਪਟੀ ਕਮਿਸ਼ਨਰ ਮਾਨਸਾ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੰਡੀਆਂ ਵਿੱਚ ਰੋਜ਼ਾਨਾ ਲਿਫਟਿੰਗ ਯਕੀਨੀ ਬਣਾਈ ਜਾਵੇ ਅਤੇ ਕਟੌਤੀ ਦੇ ਨਾਂ ’ਤੇ ਆੜਤੀਆਂ ਤੋਂ ਕਿਸੇ ਵੀ ਤਰ੍ਹਾਂ ਦੀ ਨਾਜਾਇਜ਼ ਰਕਮ ਨਾ ਵਸੂਲੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਕਿ ਕਿਸਾਨਾਂ ਦੀ ਫ਼ਸਲ ਦੀ ਖਰੀਦ ਅਤੇ ਚੁਕਾਈ ਸੁਚਾਰੂ ਢੰਗ ਨਾਲ ਹੋਵੇ, ਤਾਂ ਜੋ ਕਿਸਾਨਾਂ ਅਤੇ ਆੜਤੀਆਂ ਨੂੰ ਬੇਲੋੜੀ ਖੱਜਲ-ਖੁਆਰੀ ਤੋਂ ਬਚਾਇਆ ਜਾ ਸਕੇ।
ਦਲਜੀਤ ਸਿੰਘ ਦੇ ਸਸਕਾਰ ਨੂੰ ਲੈ ਕੇ ਕਸੂਤੇ ਬਣੇ ਹਾਲਾਤ, ਪਰਿਵਾਰ ਨੂੰ ਮਨਾਉਣ ਧਰਨੇ 'ਚ ਪੁੱਜੀ ਪੰਚਾਇਤ
NEXT STORY