ਬੁਢਲਾਡਾ (ਬਾਂਸਲ) : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚੇਅਰਮੈਨ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਿੰਦਰ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹੀਦ ਹੌਲਦਾਰ ਜੋਗਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਾਤੇਵਾਸ ਵਿਖੇ ਸੁਰੱਖਿਅਤ ਬਚਪਨ ਅਭਿਆਨ ਤਹਿਤ ਪੋਕਸੋ ਐਕਟ ਸਬੰਧੀ ਬੱਚਿਆਂ ਦੀ ਸੁਰੱਖਿਆ ਅਤੇ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਜੁਡੀਸ਼ੀਅਲ ਮੈਜਿਸਟ੍ਰੇਟ ਬੁਢਲਾਡਾ ਗੁਰਮੀਤ ਕੌਰ ਅਤੇ ਪੈਰਾਲੀਗਲ ਵਾਲੰਟੀਅਰ ਸੰਦੀਪ ਤਾਇਲ ਨੇ ਵਿਦਿਆਰਥੀਆਂ ਨੂੰ ਪੋਕਸੋ ਐਕਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਹ ਕਾਨੂੰਨ ਬੱਚਿਆਂ ਨੂੰ ਜਿਨਸੀ ਸ਼ੋਸ਼ਣ ਤੋਂ ਸੁਰੱਖਿਆ ਪ੍ਰਦਾਨ ਕਰਨ ਲਈ ਬਣਾਇਆ ਗਿਆ ਹੈ।
ਬੱਚਿਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਸੁਚੇਤ ਰਹਿਣ, ਅਣਉਚਿਤ ਵਿਹਾਰ ਦੀ ਪਛਾਣ ਕਰਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਬਾਰੇ ਮਾਪਿਆਂ, ਅਧਿਆਪਕਾਂ ਜਾਂ ਸਬੰਧਤ ਅਧਿਕਾਰੀਆਂ ਨੂੰ ਜਾਣਕਾਰੀ ਦੇਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੱਚਿਆਂ ਲਈ ਆਪਣੇ ਕਾਨੂੰਨੀ ਹੱਕਾਂ ਬਾਰੇ ਜਾਣਨਾ ਬਹੁਤ ਜ਼ਰੂਰੀ ਹੈ ਤਾਂ ਜੋ ਲੋੜ ਪੈਣ 'ਤੇ ਉਹ ਸਹੀ ਸਮੇਂ 'ਤੇ ਮਦਦ ਲੈ ਸਕਣ। ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ ਅਤੇ ਕਾਨੂੰਨੀ ਸੁਰੱਖਿਆ ਸਬੰਧੀ ਜਾਣਕਾਰੀ ਪ੍ਰਦਾਨ ਕਰਨਾ ਸੀ। ਇਸ ਮੌਕੇ ਮੈਡਮ ਨੈਣ ਤਾਰਾ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ।
ਪੰਜਾਬ ਦੀ ਤਰੱਕੀ ਲਈ ਖੇਤੀਬਾੜੀ, ਮਜ਼ਬੂਤ ਅਰਥਵਿਵਸਥਾ ਤੇ ਕਾਨੂੰਨ ਦਾ ਰਾਜ ਜ਼ਰੂਰੀ : ਜਗਦੀਪ ਨਕਈ
NEXT STORY