ਆਮ ਆਦਮੀ ਪਾਰਟੀ ਦਾ ਇਕ ਸਾਲ ਬਣਿਆ ਭ੍ਰਿਸ਼ਟਾਚਾਰ ਲਈ ਕਾਲ ‘ਐਂਟੀ ਕੁਰੱਪਸ਼ਨ ਐਕਸ਼ਨ ਲਾਈਨ’ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦਾ ਰਾਹ ਪੱਧਰਾ ਕੀਤਾ ਹੈ। ਹੁਣ ਤੱਕ 300 ਭ੍ਰਿਸ਼ਟਾਚਾਰੀਆਂ ਨੂੰ ਸੀਖਾਂ ਪਿੱਛੇ ਭੇਜਿਆ ਜਾ ਚੁੱਕਾ ਹੈ। ਭ੍ਰਿਸ਼ਟਾਚਾਰ ਦੀ ਲਾਹਨਤ ਸਾਡੇ ਸਮਾਜ ਦੀ ਸਭ ਤੋਂ ਵੱਡੀ ਦੁਸ਼ਮਣ ਹੈ। ਭ੍ਰਿਸ਼ਟ ਰਾਜ ’ਚ ਕਦੀ ਵੀ ਲੋਕਾਂ ਦੀ ਭਲਾਈ ਨਹੀਂ ਹੋ ਸਕਦੀ। ਲੋਕਰਾਜ ’ਚ ਲੋਕਾਂ ਦੀ, ਲੋਕਾਂ ਵੱਲੋਂ ਅਤੇ ਲੋਕਾਂ ਲਈ ਸਰਕਾਰ ਬਣਦੀ ਹੈ ਪਰ ਭ੍ਰਿਸ਼ਟ ਤੰਤਰ ’ਚ ਕਦੀ ਵੀ ਲੋਕਾਂ ਦੀ ਗੱਲ ਨਹੀਂ ਕੀਤੀ ਜਾਂਦੀ ਸਗੋਂ ਸਿਆਸਤਦਾਨਾਂ ਵੱਲੋਂ ਪਰਿਵਾਰਵਾਦ, ਨਿੱਜੀ ਹਿੱਤਾਂ ਅਤੇ ਲਾਲਫੀਤਾਸ਼ਾਹੀ ਨੂੰ ਪਹਿਲ ਦਿੱਤੀ ਜਾਂਦੀ ਹੈ।
ਗੁਰੂਆਂ, ਪੀਰਾਂ, ਦੇਵੀ ਦੇਵਤਿਆਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ, ਪੰਜਾਬ ਵਰਗਾ ਸੂਬਾ ਵੀ ਭ੍ਰਿਸ਼ਟਾਚਾਰ ਦੇ ਕਾਲੇ ਪਰਛਾਵੇਂ ਤੋਂ ਨਹੀਂ ਬਚ ਸਕਿਆ। ਇਹ ਬਦਕਿਸਮਤੀ ਵਾਲੀ ਗੱਲ ਹੈ ਕਿ ਦੇਸ਼ ਦੀ ਆਜ਼ਾਦੀ ਲਈ ਮਰ ਮਿਟਣ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ ਅਤੇ ਹੋਰਨਾਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦੀ ਬਜਾਏ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਸ਼ਰੇਆਮ ਭ੍ਰਿਸ਼ਟਾਚਾਰ ਨੂੰ ਹੱਲਾਸ਼ੇਰੀ ਿਦੱਤੀ ਅਤੇ ਆਪਣੇ ਪਰਿਵਾਰਾਂ ਦੇ ਸੁਪਨੇ ਪੂਰੇ ਕੀਤੇ। ਸਮੇਂ ਦੇ ਹੁਕਮਰਾਨਾਂ ਨੇ ਆਪਣੇ ਰਾਜ ’ਚ ਕਦੀ ਵੀ ਆਮ ਲੋਕਾਂ ਨੂੰ ਮੌਕਾ ਨਹੀਂ ਦਿੱਤਾ ਸਗੋਂ ਆਪਣੇ ਪੁੱਤਰ-ਪੁੱਤਰੀਆਂ, ਨੂੰਹਾਂ, ਜਵਾਈਆਂ ਅਤੇ ਹੋਰਨਾਂ ਰਿਸ਼ਤੇਦਾਰਾਂ ਨੂੰ ਸੱਤਾ ’ਚ ਹਿੱਸੇਦਾਰ ਬਣਾਇਆ।
ਪੰਜਾਬ ਦੇ ਆਮ ਲੋਕਾਂ ਲਈ ਸੱਤਾ ਤਾਂ ਦੂਰ ਦੀ ਗੱਲ,ਉਨ੍ਹਾਂ ਨੂੰ ਰੋਜ਼ਾਨਾ ਦੇ ਕੰਮਾਂ ਲਈ ਵੀ ਸਰਕਾਰੀ ਦਫਤਰਾਂ ’ਚ ਪ੍ਰੇਸ਼ਾਨ ਹੋਣਾ ਪੈਂਦਾ ਸੀ। ਸਰਕਾਰੀ ਦਫਤਰਾਂ ’ਚ ਲਾਲਫੀਤਾਸ਼ਾਹੀ ਆਪਣੀਆਂ ਜੜ੍ਹਾਂ ਟਿਕਾ ਚੁੱਕੀ ਸੀ। ਇਨ੍ਹਾਂ ਲੋਕਾਂ ਨੇ ਭ੍ਰਿਸ਼ਟਾਚਾਰ ’ਚ ਸ਼ਾਮਲ ਹੋ ਕੇ ਪੰਜਾਬ ਦੇ ਲੋਕਾਂ ਨਾਲ ਪਾਪ ਕਮਾਇਆ ਜਿਸ ਕਾਰਨ ਇਹ ਲੋਕ ਕਿਸੇ ਵੀ ਸੂਰਤ ’ਚ ਮਾਫੀ ਦੇ ਹੱਕਦਾਰ ਨਹੀਂ ਹਨ। ਇਹ ਹੋਰ ਵੀ ਦੁੱਖ ਵਾਲੀ ਗੱਲ ਹੈ ਕਿ ‘ਉਤਰ ਕਾਟੋ ਮੈਂ ਚੜ੍ਹਾਂ’ ਵਾਲੀ ਕਹਾਵਤ ਵਾਂਗ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਾਰੀ-ਵਾਰੀ ਸੱਤਾ ’ਤੇ ਕਾਬਜ਼ ਹੁੰਦੀਆਂ ਰਹੀਆਂ ਪਰ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਸਭ ਇਕ ਰਾਇ ਸਨ ਕਿ ਕਿਸੇ ਵੀ ਭ੍ਰਿਸ਼ਟਾਚਾਰੀ ਵਿਰੁੱਧ ਕੋਈ ਕਾਰਵਾਈ ਨਹੀਂ ਹੋਵੇਗੀ। ਪੰਜਾਬ ਦੇ ਲੋਕ ਇਸ ਭ੍ਰਿਸ਼ਟ ਨਿਜਾਮ ਤੋਂ ਬੁਰੀ ਤਰ੍ਹਾਂ ਪ੍ਰੇਸ਼ਾਨ ਹੋ ਚੁੱਕੇ ਸਨ। ਭ੍ਰਿਸ਼ਟਾਚਾਰ ਵਿਰੋਧੀ ਲਹਿਰ ਤੋਂ ਪੈਦਾ ਹੋਈ ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਦਾ ਵਾਅਦਾ ਕੀਤਾ ਸੀ। ਆਮ ਆਦਮੀ ਪਾਰਟੀ ਨੂੰ 92 ਸੀਟਾਂ ਦੀ ਸ਼ਾਨਦਾਰ ਜਿੱਤ ਦਿਵਾ ਕੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ।
ਹੁਣ ਪੰਜਾਬ ’ਚ ਆਮ ਲੋਕਾਂ ਦੀ ਸਰਕਾਰ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਰੋਹ ਕਰਵਾ ਕੇ ਆਪਣੇ ਨੇਕ ਇਰਾਦੇ ਸਪੱਸ਼ਟ ਕੀਤੇ ਸਨ। ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਛੇੜਣ ਦੀ ਸ਼ਰੂਆਤ 23 ਮਾਰਚ 2022 ਨੂੰ ਮਹਾਨ ਸ਼ਹੀਦਾਂ ਦੀ ਧਰਤੀ ਹੁਸੈਨੀਵਾਲਾ ਵਿਖੇ ਕੀਤੀ ਸੀ। ਉਸ ਦਿਨ ਮੁੱਖ ਮੰਤਰੀ ਨੇ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਪੰਜਾਬੀਆਂ ਨੂੰ ਸਪੱਸ਼ਟ ਰੂਪ ਨਾਲ ਸੰਦੇਸ਼ ਦਿੱਤਾ ਸੀ ਕਿ ਜੇ ਕੋਈ ਸਰਕਾਰੀ ਮੁਲਾਜ਼ਮ ਤੁਹਾਡੇ ਕੋਲੋਂ ਰਿਸ਼ਵਤ ਮੰਗਦਾ ਹੈ ਤਾਂ ਮਨਾ ਨਾ ਕਰੋ , ਇਸ ਦੀ ਬਜਾਏ ਗੱਲਬਾਤ ਨੂੰ ਰਿਕਾਰਡ ਕਰ ਲਓ ਅਤੇ ਆਡੀਓ-ਵੀਡੀਓ ਵ੍ਹਟਸਐਪ ਨੰਬਰ 9501200200 ’ਤੇ ਭੇਜ ਦਿਓ। ਮੈਂ ਨਿੱਜੀ ਤੌਰ ’ਤੇ ਇਸ ਨੰਬਰ ਦੀ ਨਿਗਰਾਨੀ ਕਰ ਰਿਹਾ ਹਾਂ।
ਆਮ ਆਦਮੀ ਪਾਰਟੀ ਦੇ ਸੱਤਾ ’ਚ ਆਉਣ ਤੋਂ ਪਹਿਲਾਂ ਹੀ ਭ੍ਰਿਸ਼ਟਾਚਾਰੀਆਂ ਨਾਲ ਕੋਈ ਲਿਹਾਜ਼ ਨਾ ਰੱਖਣ ਦੀ ਨੀਤੀ ਅਪਣਾਈ ਗਈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਕ ਸਾਲ ਪਹਿਲਾਂ ਸ਼ੁਰੂ ਕੀਤੀ ਗਈ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੇ ਮਨਚਾਹੇ ਨਤੀਜੇ ਸਾਹਮਣੇ ਆਏ ਹਨ। ਹੁਣ ਤੱਕ 300 ਭ੍ਰਿਸ਼ਟਾਚਾਰੀ ਗ੍ਰਿਫਤਾਰ ਹੋ ਚੁੱਕੇ ਹਨ। ਮੁੱਖ ਮੰਤਰੀ ਨੇ ਇਸ ਮਹਾਨ ਕੰਮ ਲਈ ਪੰਜਾਬੀਆਂ ਨੂੰ ਦਿਲੋਂ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ ਕਿਉਂਕਿ ਲੋਕਾਂ ਦੀ ਹਮਾਇਤ ਨਾਲ ਹੀ ਹਰ ਮੈਦਾਨ ਫਤਹਿ ਕੀਤਾ ਜਾ ਸਕਦਾ ਹੈ।
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦੇ ਹੋਏ ਵਿਤਕਰੇ ਰਹਿਤ ਨੀਤੀ ਅਪਣਾਈ ਹੈ। ਇੱਥੋਂ ਤੱਕ ਕਿ ਆਪਣੀ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਵਿਰੁੱਧ ਰਿਸ਼ਵਤਖੋਰੀ ਦੀਆਂ ਸ਼ਿਕਾਇਤਾਂ ਮਿਲਣ ’ਤੇ ਤੁਰੰਤ ਕਾਰਵਾਈ ਕੀਤੀ। ਸੂਬਾ ਸਰਕਾਰ ਭ੍ਰਿਸ਼ਟਾਚਾਰੀਆਂ ਨੂੰ ਪੰਜਾਬ ਅਤੇ ਪੰਜਾਬੀਆਂ ਦਾ ਦੁਸ਼ਮਣ ਸਮਝਦੀ ਹੈ ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸਬੰਧ ਰੱਖਦਾ ਹੋਵੇ। ਸਭ ਤੋਂ ਵੱਡੀ ਚੁਣੌਤੀ ਸਾਲੋ-ਸਾਲ ਸੱਤਾ ਸੁਖ ਭੋਗਣ ਵਾਲੇ ਸਿਆਸਤਦਾਨਾਂ ਤੇ ਅਧਿਕਾਰੀਆਂ ਦਾ ਭ੍ਰਿਸ਼ਟ ਗਠਜੋੜ ਤੋੜਣਾ ਸੀ ਜਿਸ ਨੂੰ ਸੂਬਾ ਸਰਕਾਰ ਦੀ ਸਖਤੀ ਨੇ ਪੂਰੀ ਤਰ੍ਹਾਂ ਤੋੜ ਦਿੱਤਾ ਹੈ।
ਸਾਬਕਾ ਮੁੱਖ ਮੰਤਰੀ, ਸਾਬਕਾ ਮੰਤਰੀਆਂ, ਵਿਧਾਇਕਾਂ ਅਤੇ ਸੀਨੀਅਰ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਜਾਂਚ ਸ਼ੁਰੂ ਕੀਤੀ ਗਈ। ਕਈ ਸਿਆਸਤਦਾਨ ਅਤੇ ਅਧਿਕਾਰੀਆਂ ਨੂੰ ਤਾਂ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਜੇਲ ਦੀਆਂ ਸੀਖਾਂ ਪਿੱਛੇ ਭੇਜ ਦਿੱਤਾ ਗਿਆ। ਇਹ ਪਹਿਲੀ ਵਾਰ ਸੁਣਨ ’ਚ ਆਇਆ ਹੈ ਕਿ ਇਕ ਸਾਬਕਾ ਮੰਤਰੀ ਨੇ ਭ੍ਰਿਸ਼ਟਾਚਾਰ ਦੀਆਂ ਜੜ੍ਹਾਂ ਇੰਨੀਆਂ ਡੂੰਘੀਆਂ ਕਰ ਦਿੱਤੀਆਂ ਸਨ ਕਿ ਉਸ ਨੇ ਕਾਲੀ ਕਮਾਈ ਦੇ ਨੋਟ ਗਿਣਨ ਲਈ ਇਕ ਮਸ਼ੀਨ ਤੱਕ ਰੱਖੀ ਹੋਈ ਸੀ।
ਪਿਛਲੀਆਂ ਸਰਕਾਰਾਂ ਸਮੇਂ ਭ੍ਰਿਸ਼ਟਾਚਾਰ ਵਿਰੋਧੀ ਮਾਮਲਿਆਂ ਦੀ ਗਿਣਤੀ ਬਹੁਤ ਘੱਟ ਹੁੰਦੀ ਸੀ ਕਿਉਂਕਿ ਇਹ ਸਰਕਾਰਾਂ ਆਪਸੀ ਮਿਲੀਭੁਗਤ ਨਾਲ ਭ੍ਰਿਸ਼ਟ ਅਨਸਰਾਂ ਵਿਰੁੱਧ ਕਾਰਵਾਈ ਕਰਨ ਤੋਂ ਝਿਜਕਦੀਆਂ ਸਨ। ਅੰਕੜਿਆਂ ਦੀ ਗੱਲ ਕਰੀਏ ਤਾਂ 2017 ’ਚ ਭ੍ਰਿਸ਼ਟਾਚਾਰ ਦੇ ਦੋਸ਼ ਹੇਠ 159 ਮਾਮਲੇ ਦਰਜ ਕੀਤੇ ਗਏ। 2018 ’ਚ ਵੀ 159 ਮਾਮਲੇ ਹੀ ਦਰਜ ਹੋਏ ਸਨ। 2020 ਅਤੇ 2021 ’ਚ ਕ੍ਰਮਵਾਰ 140 ਅਤੇ 150 ਮਾਮਲੇ ਦਰਜ ਕੀਤੇ ਗਏ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਾਰਚ 2022 ’ਚ ‘ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ’ ਦੀ ਸ਼ੁਰੂਆਤ ਕੀਤੀ ਸੀ। ਹੁਣ ਤੱਕ 352 ਕੇਸ ਦਰਜ ਕੀਤੇ ਗਏ ਹਨ। ਨਾਲ ਹੀ 300 ਭ੍ਰਿਸ਼ਟਾਚਾਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਕਈ ਵਾਰ ਦੁਹਰਾਅ ਚੁੱਕੇ ਹਨ ਕਿ ਭ੍ਰਿਸ਼ਟਾਚਾਰੀਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਸਾਫ ਸੁਥਰਾ, ਭ੍ਰਿਸ਼ਟਾਚਾਰ ਰਹਿਤ ਅਤੇ ਪਾਰਦਰਸ਼ੀ ਰਾਜ ਦੇ ਕੇ ਪੰਜਾਬ ਨੂੰ ਸ਼ਹੀਦਾਂ ਦੇ ਸੁਪਨਿਆਂ ਦੀ ਧਰਤੀ ਬਣਾਇਆ ਜਾਵੇਗਾ।
ਘਨਸ਼ਯਾਮ ਲਾਲ
ਨਹਿਰੂ ਦੀ ਵਿਚਾਰਧਾਰਾ ਅੱਜ ਵੀ ਭਾਰਤ ਦੇ ਜਨਤਕ ਜੀਵਨ 'ਚ ਜ਼ਿੰਦਾ
NEXT STORY