ਚੰਡੀਗੜ੍ਹ (ਮਨਪ੍ਰੀਤ) : ਸੰਵਿਧਾਨ ਦਿਵਸ ਮੌਕੇ ਭਾਜਪਾ ਪੰਜਾਬ ਵੱਲੋਂ ਸੰਗਰੂਰ ’ਚ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ’ਚ ਲੋਕ ਸਭਾ ਮੈਂਬਰ ਡਾ. ਭੋਲਾ ਸਿੰਘ ਅਤੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸ਼ਿਰਕਤ ਕੀਤੀ। ਆਗੂਆਂ ਨੇ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਾਂਗਰਸ ’ਤੇ ਸੰਵਿਧਾਨ ਅਤੇ ਲੋਕਤੰਤਰੀ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੇ ਦੋਸ਼ ਲਾਏ। ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਐਮਰਜੈਂਸੀ ਲਾ ਕੇ ਲੋਕਾਂ ਦੇ ਮੌਲਿਕ ਅਧਿਕਾਰ ਖੋਹਣ ਵਾਲੀ ਕਾਂਗਰਸ ਨੂੰ ਸੰਵਿਧਾਨ ਬਚਾਉਣ ਦੀ ਗੱਲ ਕਰਨ ਦਾ ਕੋਈ ਹੱਕ ਨਹੀਂ। ਉਨ੍ਹਾਂ ਰਾਹੁਲ ਗਾਂਧੀ ’ਤੇ ਵੀ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਕਾਂਗਰਸ ਦੇ ਰਾਜ ਦੌਰਾਨ ਸੰਵਿਧਾਨ ਨੂੰ ਸਭ ਤੋਂ ਵੱਧ ਨੁਕਸਾਨ ਪਹੁੰਚਾਇਆ ਗਿਆ।
ਉਨ੍ਹਾਂ ਕਿਹਾ ਕਿ ਐਮਰਜੈਂਸੀ ਵਿਰੁੱਧ ਸੰਘਰਸ਼ ਵਿੱਚ ਪੰਜਾਬੀਆਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ। ਡਾ. ਭੋਲਾ ਸਿੰਘ ਅਤੇ ਸੰਧੂ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਬਾਬਾ ਸਾਹਿਬ ਦੀ ਵਿਰਾਸਤ ਨੂੰ ਸਨਮਾਨ ਦਿੰਦਿਆਂ ਉਨ੍ਹਾਂ ਨਾਲ ਸਬੰਧਤ ਪੰਜ ਇਤਿਹਾਸਕ ਸਥਾਨਾਂ ਨੂੰ ‘ਪੰਚਤੀਰਥ’ ਵਜੋਂ ਵਿਕਸਿਤ ਕੀਤਾ ਹੈ। ਉਨ੍ਹਾਂ ਵਰਕਰਾਂ ਨੂੰ ਸੰਵਿਧਾਨਕ ਮੁੱਲਾਂ ਅਤੇ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਸੰਦੇਸ਼ ਪਿੰਡ-ਪਿੰਡ ਪਹੁੰਚਾਉਣ ਦਾ ਸੱਦਾ ਦਿੱਤਾ। ਸਮਾਗਮ ’ਚ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਦਿਆਲ ਸਿੰਘ ਸੋਢੀ, ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਤੇ ਓਂਕਾਰ ਸਿੰਘ ਸਮੇਤ ਪਾਰਟੀ ਦੇ ਕਈ ਆਗੂ ਅਤੇ ਵਰਕਰ ਮੌਜੂਦ ਸਨ।
ਪੁਲਸ ਚੌਕੀ 'ਤੇ ਗ੍ਰੇਨੇਡ ਹਮਲੇ ਦੇ ਮਾਮਲੇ 'ਚ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਰੱਦ
NEXT STORY