ਚੰਡੀਗੜ੍ਹ (ਅੰਕੁਰ) - ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਸ਼ੁੱਕਰਵਾਰ 16 ਅਕਤੂਬਰ ਨੂੰ ਸੰਗਰੂਰ ਵਿਖੇ ਸੂਬਾ ਕਾਰਜਕਾਰਨੀ ਅਹਿਮ ਦੀ ਮੀਟਿੰਗ ਕੀਤੀ ਜਾਵੇਗੀ। ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਮੁਤਾਬਕ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਣ ਵਾਲੀ ਇਸ ਮੀਟਿੰਗ ਸਾਰੇ 117 ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਲਈ ਪਾਰਟੀ ਦਾ ਰੋਡਮੈਪ ਤਿਆਰ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ, ਆਰਥਿਕ ਤੇ ਸਮਾਜਿਕ ਸਥਿਤੀ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਪਾਰਟੀ ਆਗੂ ਲੋਕਾਂ ਨਾਲ ਸਬੰਧਤ ਅਹਿਮ ਮੁੱਦਿਆਂ ’ਤੇ ਚਰਚਾ ਕਰਨਗੇ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਤਰਜੀਹਾਂ ਤੈਅ ਕਰਨਗੇ।
ਕਿਸਾਨਾਂ ਦੀਆਂ ਸਮੱਸਿਆਵਾਂ, ਨਸ਼ਿਆਂ ਦਾ ਵਧਦਾ ਪ੍ਰਕੋਪ, ਸਰਕਾਰੀ ਮੁਲਾਜ਼ਮਾਂ ਦਾ ਬਕਾਇਆ ਮਹਿੰਗਾਈ ਭੱਤਾ (ਡੀ.ਏ.), ਵਿਗੜਦੀ ਕਾਨੂੰਨ-ਵਿਵਸਥਾ, ਔਰਤਾਂ ਦੀ ਸੁਰੱਖਿਆ ਤੇ ਉਨ੍ਹਾਂ ਨਾਲ ਸਬੰਧਤ ਹੋਰ ਮੁੱਦੇ ਤੇ ਪੰਜਾਬ ਦੀ ਆਰਥਿਕ ਸਥਿਤੀ ਵਿਚਾਰ-ਚਰਚਾ ਦੇ ਮੁੱਖ ਵਿਸ਼ੇ ਹੋਣਗੇ। ਇਸ ਤੋਂ ਇਲਾਵਾ ਸੂਬੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਮਤੇ ਵੀ ਪਾਸ ਕੀਤੇ ਜਾਣਗੇ। ਪੰਜਾਬ ਭਾਜਪਾ ਇੰਚਾਰਜ ਡਾ. ਸਤੀਸ਼ ਪੂਨੀਆ, ਸਹਿ-ਇੰਚਾਰਜ ਵਰਿੰਦਰ ਸਚਦੇਵਾ, ਸਹਿ-ਇੰਚਾਰਜ ਤੇ ਸੰਸਦ ਮੈਂਬਰ ਡਾ. ਅਲਕਾ ਗੁਰਜਰ ਤੇ ਸੀਨੀਅਰ ਆਗੂ ਤਰੁਣ ਚੁੱਘ ਵੱਲੋਂ ਮੀਟਿੰਗ ਦੇ ਵੱਖ-ਵੱਖ ਸੈਸ਼ਨਾਂ ਨੂੰ ਸੰਬੋਧਨ ਕੀਤੇ ਜਾਣ ਦੀ ਸੰਭਾਵਨਾ ਹੈ।
ਭਾਜਪਾ ਦੇ ਸੀਨੀਅਰ ਆਗੂ ਸੂਬੇ ਦੇ ਮੌਜੂਦਾ ਹਾਲਾਤ ਦਾ ਮੁਲਾਂਕਣ ਕਰਨਗੇ, ਪਾਰਟੀ ਦੀਆਂ ਸੰਗਠਨਾਤਮਕ ਤਿਆਰੀਆਂ ਦੀ ਸਮੀਖਿਆ ਕਰਨਗੇ ਅਤੇ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਪਾਰਟੀ ਦੀ ਮੌਜੂਦਗੀ ਮਜ਼ਬੂਤ ਕਰਨ ਲਈ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕਰਨਗੇ। ਇਸ ਚਰਚਾ ਰਾਹੀਂ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਉਨ੍ਹਾਂ ਮੁੱਦਿਆਂ ਦੀ ਵਿਆਪਕ ਰੂਪ-ਰੇਖਾ ਤੈਅ ਕੀਤੀ ਜਾਵੇਗੀ, ਜਿਨ੍ਹਾਂ ਨੂੰ ਭਾਜਪਾ ਤਰਜੀਹ ਦੇਣਾ ਚਾਹੁੰਦੀ ਹੈ।
15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ ਐਲਾਨ
NEXT STORY