ਚੰਡੀਗੜ੍ਹ - ਭਾਰਤੀ ਜਨਤਾ ਪਾਰਟੀ ਪੰਜਾਬ ਦਾ ਇੱਕ ਵਫਦ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਦਿੜ੍ਹਬਾ ਦੇ ਪਿੰਡ ਤੂਰ ਬੰਜਾਰਾ ਵਿਖੇ ਆਮ ਆਦਮੀ ਪਾਰਟੀ ਦੀ ਧੱਕੇਸ਼ਾਹੀ ਦਾ ਸ਼ਿਕਾਰ ਹੋਏ ਮ੍ਰਿਤਕ ਮਜ਼ਦੂਰ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਮਿਲਿਆ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਇਨਸਾਫ ਲਈ ਹਾਅ ਦਾ ਨਾਅਰਾ ਮਾਰਿਆ ਗਿਆ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨਾਲ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਸਨ। ਭਾਜਪਾ ਆਗੂਆਂ ਨੇ ਪੀੜਤ ਦੀ ਪਤਨੀ ਅਤੇ ਬੱਚਿਆਂ ਨਾਲ ਮੁਲਾਕਾਤ ਕੀਤੀ ਅਤੇ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ।
ਇਸ ਮੌਕੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਗੁਲਜ਼ਾਰ ਸਿੰਘ ਦੀ ਮੌਤ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਕਤਲ ਹੈ। ਮ੍ਰਿਤਕ ਮਜ਼ਦੂਰ ਨੇ ਵਿੱਚ ਮੰਤਰੀ ਪੰਜਾਬ ਸਾਹਮਣੇ ਨਸ਼ਿਆਂ ਦਾ ਮੁੱਦਾ ਉਠਾਇਆ ਸੀ। ਕਿਉਂਕਿ ਉਸਦਾ ਪੁੱਤਰ ਚਿੱਟੇ ਦਾ ਸ਼ਿਕਾਰ ਸੀ ਅਤੇ ਉਹ ਆਪਣਾ ਦੁੱਖੜਾ ਰੰਗ ਰਿਹਾ ਸੀ। ਪਰ ਸਰਕਾਰ ਵਲੋਂ ਨਸ਼ੇ ਦੀ ਸਮੱਸਿਆ ਦਾ ਹੱਲ ਕਰਨ ਦੀ ਥਾਂ ਮ੍ਰਿਤਕ ਗੁਲਜ਼ਾਰ ਸਿੰਘ ਦੀ ਹੀ ਆਵਾਜ਼ ਕਰਨ ਲਈ ਉਸਨੂੰ ਡਰਾਇਆ ਤੇ ਧਮਕਾਇਆ ਗਿਆ।
ਭਾਜਪਾ ਪ੍ਰਧਾਨ ਢਿੱਲੋਂ ਨੇ ਅੰਤਿਮ ਸੰਸਕਾਰ ਦੌਰਾਨ ਪਰਿਵਾਰ ਨਾਲ ਕਥਿਤ ਤੌਰ ’ਤੇ ਕੀਤੇ ਗਏ ਵਤੀਰੇ ’ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਪਰਿਵਾਰ ਅਨੁਸਾਰ ਮ੍ਰਿਤਕ ਦੇ ਮਾਸੂਮ ਬੱਚਿਆਂ ਨੂੰ ਆਪਣੇ ਪਿਤਾ ਦੇ ਆਖਰੀ ਦਰਸ਼ਨ ਤੱਕ ਨਹੀਂ ਕਰਨ ਦਿੱਤੇ ਗਏ ਅਤੇ ਬਜ਼ੁਰਗ ਮਾਂ ਨੂੰ ਵੀ ਆਪਣੇ ਪੁੱਤਰ ਦਾ ਆਖਰੀ ਦੀਦਾਰ ਕਰਨ ਤੋਂ ਰੋਕਿਆ ਗਿਆ, ਤਾਂ ਇਹ ਬੇਹੱਦ ਅਮਾਨਵੀ ਅਤੇ ਸੰਵੇਦਨਹੀਣ ਵਰਤਾਰਾ ਹੈ। ਇਹ ਵਰਤਾਰਾ ਸਰਕਾਰ ਦੇ ਜ਼ੁਲਮ ਦੀ ਹੱਦ ਨੂੰ ਦਰਸਾ ਰਿਹਾ ਹੈ ਕਿ ਕਿਵੇਂ ਸਰਕਾਰ ਡੰਡੇ ਦੇ ਜ਼ੋਰ 'ਤੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਨੂੰ ਵ ਕੁਚਲ ਰਹੀ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਚਾਰ ਮਹੀਨਿਆਂ ਵਿੱਚ ਨਸ਼ਾ ਖਤਮ ਕਰਨ ਦਾ ਦਾਅਵਾ ਕਰਕੇ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਨਸ਼ਾ ਟੌਫੀਆਂ ਵਾਂਗ ਘਰ ਘਰ ਵਿਕ ਰਿਹਾ ਹੈ। ਪਹਿਲਾਂ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ, ਫਿਰ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਨੂੰ ਡਰਾਉਣ ਦੀਆਂ ਕੋਸ਼ਿਸ਼ਾਂ ਹੁੰਦੀਆਂ ਹਨ ਅਤੇ ਜੇਕਰ ਮੌਤ ਤੋਂ ਬਾਅਦ ਵੀ ਪਰਿਵਾਰ ਨੂੰ ਇਨਸਾਫ਼ ਅਤੇ ਸਨਮਾਨ ਨਹੀਂ ਮਿਲਦਾ, ਤਾਂ ਇਹ ਕਿਹੋ ਜਿਹਾ ਕਾਨੂੰਨ ਦਾ ਰਾਜ ਹੈ।
ਢਿੱਲੋਂ ਨੇ ਕਿਹਾ ਕਿ ਇਹ ਸਿਰਫ਼ ਇੱਕ ਪਰਿਵਾਰ ਦਾ ਮਾਮਲਾ ਨਹੀਂ, ਸਗੋਂ ਪੰਜਾਬ ਵਿੱਚ ਆਮ ਲੋਕਾਂ ਦੀ ਸੁਰੱਖਿਆ, ਮਨੁੱਖੀ ਅਧਿਕਾਰਾਂ ਅਤੇ ਲੋਕਤੰਤਰ ਨਾਲ ਜੁੜਿਆ ਗੰਭੀਰ ਮੁੱਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਗਰੀਬ ਜਾਂ ਦਲਿਤ ਪਰਿਵਾਰ ਨਾਲ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਭਾਜਪਾ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕਾਨੂੰਨੀ ਅਤੇ ਲੋਕਤੰਤਰਿਕ ਸੰਘਰਸ਼ ਕਰੇਗੀ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਸੀਬੀਆਈ ਤੋਂ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਪਰਿਵਾਰ ਦੀ ਮੰਗ ਅਨੁਸਾਰ ਮ੍ਰਿਤਕ ਵਲੋਂ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਏ ਸਾਰੇ ਲੋਕਾਂ ਉਪਰ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ‘ਰੰਗਲਾ ਪੰਜਾਬ’ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਸਰਕਾਰ ਦਾ ਅਸਲੀ ਚਿਹਰਾ ਹੁਣ ਪੰਜਾਬ ਦੇ ਲੋਕਾਂ ਸਾਹਮਣੇ ਆ ਰਿਹਾ ਹੈ।
ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਸਭ ਕੁਝ ਦੇਖ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਲੋਕ ਇਸ ਸਰਕਾਰ ਤੋਂ ਇਨ੍ਹਾਂ ਸਾਰੇ ਸਵਾਲਾਂ ਦਾ ਜਵਾਬ ਜ਼ਰੂਰ ਮੰਗਣਗੇ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਚਨਬੱਧ ਹੈ ਅਤੇ ਜਿੰਨਾ ਸਮਾਂ ਨਸ਼ਾ ਖਤਮ ਨਹੀਂ ਹੁੰਦਾ ਉਹ ਟਿਕ ਕੇ ਬੈਠਣ ਵਾਲੇ ਨਹੀਂ ਹਨ।
ਮਾਛੀਵਾੜਾ ਸਾਹਿਬ: ਦੁੱਧ ਦੇ 69 ’ਚੋਂ 27 ਸੈਂਪਲਾਂ ਵਿਚ ਪਾਣੀ ਦੀ ਮਿਲਾਵਟ ਆਈ ਸਾਹਮਣੇ
NEXT STORY