ਚੰਡੀਗੜ੍ਹ (ਅੰਕੁਰ) - ਪੰਜਾਬ ਦੀ ਸਿਆਸਤ ਵਿੱਚ ਉਸ ਸਮੇਂ ਵੱਡਾ ਸਿਆਸੀ ਤੂਫ਼ਾਨ ਖੜ੍ਹਾ ਹੋ ਗਿਆ, ਜਦੋਂ ਕੇਂਦਰੀ ਜਾਂਚ ਬਿਊਰੋ (CBI) ਦੀਆਂ ਟੀਮਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਆਫਿਸ ਸਮੇਤ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ। ਚੰਡੀਗੜ੍ਹ ਦੇ ਸੈਕਟਰ-2 ਸਥਿਤ ਮੁੱਖ ਮੰਤਰੀ ਦੇ ਕੈਂਪ ਆਫਿਸ ਤੋਂ ਇਲਾਵਾ ਮੋਹਾਲੀ ਅਤੇ ਸੰਗਰੂਰ ਸਮੇਤ ਪੰਜਾਬ ਦੀਆਂ ਹੋਰ ਥਾਵਾਂ ’ਤੇ ਵੀ CBI ਦੀ ਕਾਰਵਾਈ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਕਾਰਵਾਈ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਵਿਰੋਧੀ ਪਾਰਟੀਆਂ ਵਿਚਕਾਰ ਬਿਆਨਬਾਜ਼ੀ ਤੇਜ਼ ਹੋ ਗਈ ਹੈ।
ਜਾਣਕਾਰੀ ਮੁਤਾਬਕ CBI ਦੀ ਟੀਮ ਕੇਂਦਰੀ ਸੁਰੱਖਿਆ ਬਲਾਂ ਦੇ ਨਾਲ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਚੰਡੀਗੜ੍ਹ ਦੇ ਸੈਕਟਰ-2 ਸਥਿਤ ਉਸ ਕੋਠੀ ਵਿੱਚ ਪਹੁੰਚੀ, ਜਿਸ ਨੂੰ ਮੁੱਖ ਮੰਤਰੀ ਦੇ ਕੈਂਪ ਆਫਿਸ ਵਜੋਂ ਵੀ ਵਰਤਿਆ ਜਾਂਦਾ ਹੈ। ਦੱਸਿਆ ਗਿਆ ਕਿ ਸ਼ਾਮ ਕਰੀਬ 6 ਵਜੇ CBI ਦੀ ਟੀਮ ਇੱਥੇ ਪਹੁੰਚੀ ਅਤੇ ਇਸ ਤੋਂ ਬਾਅਦ ਤਲਾਸ਼ੀ ਅਤੇ ਜਾਂਚ ਦੀ ਕਾਰਵਾਈ ਜਾਰੀ ਰਹੀ।
ਇਸ ਦੇ ਨਾਲ ਹੀ ਮੋਹਾਲੀ ਫੇਜ਼-11 ਅਤੇ ਸੰਗਰੂਰ ਦੇ ਘਰਾਚੋਂ ਪਿੰਡ ਵਿੱਚ ਵੀ CBI ਦੀਆਂ ਟੀਮਾਂ ਵੱਲੋਂ ਕਾਰਵਾਈ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ। ਇਸ ਕਾਰਵਾਈ ਨੂੰ ED ਵੱਲੋਂ ਭੇਜੀਆਂ ਗਈਆਂ ਚਿੱਠੀਆਂ ਨਾਲ ਜੁੜੇ ਮਾਮਲੇ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ CBI ਐਕਸ਼ਨ
ਦਰਅਸਲ, ED ਵੱਲੋਂ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਕੁਝ ਚਿੱਠੀਆਂ ਭੇਜ ਕੇ ਕਥਿਤ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲਿਆਂ ਵਿੱਚ ਕਾਰਵਾਈ ਦੀ ਮੰਗ ਕੀਤੀ ਗਈ ਸੀ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ FIR ਦਰਜ ਨਾ ਕੀਤੇ ਜਾਣ ਤੋਂ ਬਾਅਦ ਮਾਮਲਾ ਅਦਾਲਤ ਤੱਕ ਪਹੁੰਚਿਆ। ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਾਮਲੇ ਦੀ ਜਾਂਚ CBI ਨੂੰ ਸੌਂਪਣ ਦੇ ਹੁਕਮ ਦਿੱਤੇ।
ਹਾਈ ਕੋਰਟ ਦੇ ਇਸ ਹੁਕਮ ਤੋਂ ਬਾਅਦ ਹੁਣ CBI ਵੱਲੋਂ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਂਚ ਦਾ ਕੇਂਦਰ ED ਦੀਆਂ ਚਿੱਠੀਆਂ ਵਿੱਚ ਲਗਾਏ ਗਏ ਕਥਿਤ ਦੋਸ਼ ਹਨ। ਇਨ੍ਹਾਂ ਵਿੱਚ ਸਰਕਾਰੀ ਕੰਮਕਾਜ, ਬਦਲੀਆਂ-ਤਾਇਨਾਤੀਆਂ, ਟੈਂਡਰਾਂ ਅਤੇ ਕਥਿਤ ਭ੍ਰਿਸ਼ਟਾਚਾਰ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਦੀ ਗੱਲ ਕੀਤੀ ਗਈ ਹੈ।
ਇੱਥੇ ਇਹ ਵੀ ਸਪੱਸ਼ਟ ਹੈ ਕਿ ਜਾਂਚ ਏਜੰਸੀ ਵੱਲੋਂ ਕੀਤੀ ਜਾ ਰਹੀ ਕਾਰਵਾਈ ਜਾਂ ਕਿਸੇ ਧਿਰ ਵੱਲੋਂ ਲਗਾਏ ਗਏ ਦੋਸ਼ ਆਪਣੇ ਆਪ ਵਿੱਚ ਦੋਸ਼ ਸਾਬਤ ਹੋਣ ਦੇ ਬਰਾਬਰ ਨਹੀਂ ਹਨ। ਮਾਮਲੇ ਦੀ ਜਾਂਚ ਤੋਂ ਬਾਅਦ ਹੀ ਤੱਥਾਂ ਦੀ ਪੂਰੀ ਤਸਵੀਰ ਸਾਹਮਣੇ ਆਵੇਗੀ।
ਕੇਜਰੀਵਾਲ ਨੇ ਕਿਹਾ—‘ਬੀਜੇਪੀ ਦੀ ਬੁਖਲਾਹਟ ਦਾ ਨਤੀਜਾ’
CBI ਦੀ ਇਸ ਕਾਰਵਾਈ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਬਿਆਨ ਵੀ ਸਾਹਮਣੇ ਆਇਆ ਹੈ। ਕੇਜਰੀਵਾਲ ਨੇ CBI ਦੀ ਕਾਰਵਾਈ ਨੂੰ ਸਿਆਸੀ ਦਬਾਅ ਨਾਲ ਜੋੜਦਿਆਂ ਕਿਹਾ ਕਿ ਪੰਜਾਬ ਵਿੱਚ ਚੋਣਾਂ ਤੋਂ ਕਰੀਬ ਦੋ ਮਹੀਨੇ ਪਹਿਲਾਂ ਮੁੱਖ ਮੰਤਰੀ ਦੇ ਕੈਂਪ ਆਫਿਸ ’ਤੇ ਰੇਡ ਕਰਨਾ ਬੀਜੇਪੀ ਦੀ ਬੁਖਲਾਹਟ ਦਾ ਨਤੀਜਾ ਹੈ।
ਕੇਜਰੀਵਾਲ ਨੇ ਦੋਸ਼ ਲਗਾਇਆ ਕਿ ਪੰਜਾਬ ਦੇ ਲੋਕਾਂ ਨਾਲ ਕੇਂਦਰ ਵੱਲੋਂ ਹਮੇਸ਼ਾ ਧੱਕਾ ਕੀਤਾ ਜਾਂਦਾ ਰਿਹਾ ਹੈ ਅਤੇ ਹੁਣ ਚੋਣਾਂ ਤੋਂ ਪਹਿਲਾਂ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਸ ਕਾਰਵਾਈ ਨੂੰ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਵਜੋਂ ਪੇਸ਼ ਕੀਤਾ।
ਕੇਜਰੀਵਾਲ ਦੇ ਬਿਆਨ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਵੀ ਇਹ ਮਾਮਲਾ ਸਿਆਸੀ ਮੁੱਦਾ ਬਣਾਇਆ ਜਾ ਰਿਹਾ ਹੈ। ਪਾਰਟੀ ਦਾ ਕਹਿਣਾ ਹੈ ਕਿ ਕੇਂਦਰੀ ਏਜੰਸੀਆਂ ਵੱਲੋਂ ਪੰਜਾਬ ਵਿੱਚ ਕਾਰਵਾਈ ਕਰਕੇ ਸੂਬੇ ਦੀ ਸਿਆਸਤ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਚੰਨੀ ਨੇ ਵੱਖਰੇ ਤੌਰ ’ਤੇ ਚੁੱਕੇ ਸਵਾਲ, ਕਿਹਾ—‘ਆਪ ਨੇ ਪੰਜਾਬ ਦੇ ਲੋਕਾਂ ਨੂੰ ਲੁੱਟਿਆ’
ਦੂਜੇ ਪਾਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਆਗੂ ਚਰਨਜੀਤ ਸਿੰਘ ਚੰਨੀ ਨੇ ਵੀ CBI ਦੀ ਕਾਰਵਾਈ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਚੰਨੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਿੱਧੇ ਤੌਰ ’ਤੇ ਗੰਭੀਰ ਇਲਜ਼ਾਮ ਲਗਾਏ।
ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਲੁੱਟਿਆ ਹੈ ਅਤੇ ਪੰਜਾਬ ਨੂੰ ਕੁੱਟਿਆ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਹੋਇਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਸਾਰਾ ਕੁਝ ਸਾਹਮਣੇ ਆਵੇਗਾ।
ਚੰਨੀ ਨੇ ਕਥਿਤ ਜ਼ਮੀਨੀ ਮਾਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੋਹਾਲੀ ਵਿੱਚ ਹਜ਼ਾਰਾਂ ਏਕੜ ਜ਼ਮੀਨ ਐਕੁਆਇਰ ਕਰਨ ਦੇ ਮਾਮਲੇ ਵਿੱਚ ਪਹਿਲਾਂ ਜ਼ਮੀਨ ਖਰੀਦਣ ਅਤੇ ਬਾਅਦ ਵਿੱਚ ਉਸ ਨੂੰ ਐਕੁਆਇਰ ਕਰਨ ਸਬੰਧੀ ਗੰਭੀਰ ਸਵਾਲ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਲੋਕਾਂ ਵੱਲੋਂ ਪਹਿਲਾਂ ਜ਼ਮੀਨ ਖਰੀਦੀ ਗਈ ਅਤੇ ਬਾਅਦ ਵਿੱਚ ਸਰਕਾਰੀ ਨੀਤੀ ਜਾਂ ਐਕੁਆਇਰਮੈਂਟ ਰਾਹੀਂ ਉਨ੍ਹਾਂ ਨੂੰ ਫਾਇਦਾ ਪਹੁੰਚਿਆ।
ਚੰਨੀ ਨੇ ਲੁਧਿਆਣਾ ਨਾਲ ਸਬੰਧਤ ਜ਼ਮੀਨ ਐਕੁਆਇਰਮੈਂਟ ਨੀਤੀ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਨੀਤੀ ਦੇ ਦੌਰਾਨ ਵੀ ਕੁਝ ਲੋਕਾਂ ਵੱਲੋਂ ਪਹਿਲਾਂ ਜ਼ਮੀਨਾਂ ਖਰੀਦਣ ਦੇ ਦੋਸ਼ ਸਾਹਮਣੇ ਆਏ ਸਨ। ਉਨ੍ਹਾਂ ਮੁਤਾਬਕ ਕਿਸਾਨਾਂ ਵੱਲੋਂ ਵਿਰੋਧ ਕਰਨ ਕਾਰਨ ਇਹ ਨੀਤੀ ਅੱਗੇ ਨਹੀਂ ਵਧ ਸਕੀ, ਜਦਕਿ ਮੋਹਾਲੀ ਵਿੱਚ ਇਸ ਨਾਲ ਜੁੜੇ ਫੈਸਲਿਆਂ ਨੂੰ ਲਾਗੂ ਕੀਤਾ ਗਿਆ।
ਸਾਬਕਾ ਮੁੱਖ ਮੰਤਰੀ ਨੇ ਗਮਾਡਾ ਦੀਆਂ ਜ਼ਮੀਨਾਂ ਨੂੰ ਲੈ ਕੇ ਵੀ ਸਵਾਲ ਚੁੱਕੇ ਅਤੇ ਦੋਸ਼ ਲਗਾਇਆ ਕਿ ਸਰਕਾਰੀ ਜ਼ਮੀਨਾਂ ਘੱਟ ਕੀਮਤ ’ਤੇ ਕੁਝ ਲੋਕਾਂ ਨੂੰ ਦਿੱਤੀਆਂ ਗਈਆਂ। ਚੰਨੀ ਨੇ ਕਿਹਾ ਕਿ ਇਹ ਸਿਰਫ਼ ਦੋ-ਤਿੰਨ ਮਾਮਲੇ ਹਨ, ਜਦਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਮਾਮਲੇ ਸਾਹਮਣੇ ਆ ਸਕਦੇ ਹਨ।
ਤਿੰਨ ਪਾਰਟੀਆਂ ਵਿਚਕਾਰ ਤੇਜ਼ ਹੋਈ ਸਿਆਸੀ ਬਿਆਨਬਾਜ਼ੀ
CBI ਦੀ ਇਸ ਕਾਰਵਾਈ ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਪਾਰਟੀ, ਕਾਂਗਰਸ ਅਤੇ ਬੀਜੇਪੀ ਵਿਚਕਾਰ ਸਿਆਸੀ ਟਕਰਾਅ ਹੋਰ ਤੇਜ਼ ਹੋ ਗਿਆ ਹੈ। ਆਮ ਆਦਮੀ ਪਾਰਟੀ ਇਸ ਕਾਰਵਾਈ ਨੂੰ ਕੇਂਦਰ ਦੀ ਸਿਆਸੀ ਦਖ਼ਲਅੰਦਾਜ਼ੀ ਦੱਸ ਰਹੀ ਹੈ, ਜਦਕਿ ਕਾਂਗਰਸ ਵੱਲੋਂ ਸਰਕਾਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਜਾ ਰਹੇ ਹਨ।
ਦੂਜੇ ਪਾਸੇ CBI ਦੀ ਕਾਰਵਾਈ ਦਾ ਆਧਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਹੁਕਮ ਹੈ, ਜਿਸ ਵਿੱਚ ED ਦੀਆਂ ਚਿੱਠੀਆਂ ਨਾਲ ਜੁੜੇ ਮਾਮਲੇ ਦੀ ਜਾਂਚ CBI ਨੂੰ ਕਰਨ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦੀ ਗੱਲ ਵੀ ਸਾਹਮਣੇ ਆਈ ਹੈ।
ਹੁਣ ਸਭ ਦੀ ਨਜ਼ਰ CBI ਦੀ ਜਾਂਚ ’ਤੇ ਹੈ ਕਿ ਤਲਾਸ਼ੀ ਅਤੇ ਜਾਂਚ ਦੌਰਾਨ ਏਜੰਸੀ ਦੇ ਹੱਥ ਕੀ ਜਾਣਕਾਰੀ ਜਾਂ ਦਸਤਾਵੇਜ਼ ਲੱਗਦੇ ਹਨ ਅਤੇ ਅਗਲੇ ਪੜਾਅ ਵਿੱਚ ਜਾਂਚ ਕਿਸ ਦਿਸ਼ਾ ਵਿੱਚ ਅੱਗੇ ਵਧਦੀ ਹੈ। ਫਿਲਹਾਲ ਇਸ ਕਾਰਵਾਈ ਨੇ ਪੰਜਾਬ ਦੀ ਸਿਆਸਤ ਵਿੱਚ ਇੱਕ ਨਵਾਂ ਸਿਆਸੀ ਮੁੱਦਾ ਖੜ੍ਹਾ ਕਰ ਦਿੱਤਾ ਹੈ।
ED ਦੇ ਤਿੰਨ ਪੱਤਰਾਂ ਦੇ ਬਾਵਜੂਦ FIR ਨਹੀਂ, ਹੁਣ ਹਾਈ ਕੋਰਟ ਦੇ ਹੁਕਮਾਂ 'ਤੇ CBI ਦੀ ਛਾਪੇਮਾਰੀ: RP Singh
NEXT STORY