ਚੰਡੀਗੜ੍ਹ : ਕੌਮੀ ਮਨੁੱਖੀ ਅਧਿਕਾਰੀ ਕਮਿਸ਼ਨ (NHRC) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਖ਼ਿਲਾਫ਼ ਜਬਰ-ਜ਼ਿਨਾਹ ਦੇ ਇਕ ਮਾਮਲੇ ਨੂੰ ਦਬਾਉਣ ਸਬੰਧੀ ਲੱਗੇ ਦੋਸ਼ਾਂ ਦਾ ਨੋਟਿਸ ਲਿਆ ਹੈ। ਇਸ 'ਚ ਡਾ. ਗੁਰਪ੍ਰੀਤ ਕੌਰ ਖ਼ਿਲਾਫ਼ ਜਬਰ-ਜ਼ਿਨਾਹ ਦੇ ਇਕ ਕੇਸ ਨੂੰ ਦਬਾਉਣ ਲਈ 5 ਕਰੋੜ ਰੁਪਏ ਮੰਗਣ ਦੇ ਦੋਸ਼ ਲੱਗੇ ਹਨ। ਕਮਿਸ਼ਨ ਦੇ ਮੁਤਾਬਕ ਇਸ ਕੇਸ ਬਾਰੇ ਪੰਜਾਬ ਦੇ ਸਾਬਕਾ ਜੱਜ ਰਣਜੀਤ ਸਿੰਘ ਵਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ। ਕਮਿਸ਼ਨ ਦੇ ਮੈਂਬਰ ਪ੍ਰਿੰਯਕ ਕਾਨੂੰਗੋ ਦੀ ਅਗਵਾਈ ਹੇਠਲੀ ਬੈਂਚ ਨੇ ਇਸ ਮਾਮਲੇ 'ਚ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ. ਜੀ. ਪੀ. ਪੰਜਾਬ ਨੂੰ ਜਾਂਚ ਕਰਨ ਅਤੇ 15 ਦਿਨਾਂ ਅੰਦਰ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਵਲੋਂ ਇਹ ਮਾਮਲਾ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਮਹਿਲਾ ਸੁਰੱਖਿਆ ਵਿਭਾਗ ਨੂੰ ਵੀ ਭੇਜ ਦਿੱਤਾ ਗਿਆ ਹੈ। ਕਮਿਸ਼ਨ ਰਿਪੋਰਟ ਦੇ ਆਧਾਰ 'ਤੇ ਕਾਰਵਾਈ ਕਰੇਗਾ। ਕਮਿਸ਼ਨ ਨੇ ਹੁਕਮ ਦਿੱਤਾ ਹੈ ਕਿ ਸ਼ਿਕਾਇਤ 'ਚ ਲਾਏ ਗਏ ਦੋਸ਼ ਪਹਿਲੀ ਨਜ਼ਰ 'ਚ ਪੀੜਤਾ ਦੇ ਮਨੁੱਖ ਅਧਿਕਾਰਾਂ ਦੀ ਉਲੰਘਣਾ ਜਾਪਦੇ ਹਨ।
ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜੱਜ ਨੂੰ ਭੇਜਿਆ ਲੀਗਲ ਨੋਟਿਸ
ਕਮਿਸ਼ਨ ਦਾ ਨੋਟਿਸ ਮਿਲਣ ਤੋਂ ਬਾਅਦ ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜੱਜ ਰਣਜੀਤ ਸਿੰਘ ਨੂੰ ਇਕ ਕਾਨੂੰਨੀ ਨੋਟਿਸ ਭੇਜ ਕਿ ਉਨ੍ਹਾਂ ਕੋਲੋਂ ਜਵਾਬ ਮੰਗਿਆ ਹੈ। ਮੁੱਖ ਮੰਤਰੀ ਦਫ਼ਤਰ ਦੇ ਇਕ ਅਧਿਕਾਰੀ ਮੁਤਾਬਕ ਇਸ ਨੋਟਿਸ ਰਾਹੀਂ ਰਣਜੀਤ ਸਿੰਘ ਨੂੰ 24 ਘੰਟਿਆਂ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ ਅਤੇ ਜਵਾਬ ਨਾ ਦੇਣ ਦੀ ਸੂਰਤ 'ਚ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਹੋਣਾ ਪਵੇਗਾ। ਇਹ ਗੱਲ ਵੀ ਸਾਹਮਣੇ ਆਈ ਹੈ ਕਿ ਸਾਬਕਾ ਜੱਜ ਰਣਜੀਤ ਸਿੰਘ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੇ ਰਿਸ਼ਤੇਦਾਰ ਹਨ।
ਕੀ ਹੈ ਪੂਰਾ ਮਾਮਲਾ ?
ਜ਼ਿਕਰਯੋਗ ਹੈ ਕਿ ਬੀਤੇ ਦਿਨੀ ਮਨੁੱਖੀ ਅਧਿਕਾਰ ਸੰਗਠਨ ਪੰਜਾਬ ਦੇ ਮੁਖੀ ਸਾਬਕਾ ਜੱਜ ਰਣਜੀਤ ਸਿੰਘ ਨੇ ਜਬਰ-ਜ਼ਿਨਾਹ ਦੇ ਇਕ ਮਾਮਲੇ ਦਾ ਜ਼ਿਕਰ ਕੀਤਾ ਸੀ। ਇਸ ਬਾਰੇ ਉਨ੍ਹਾਂ ਨੇ ਕਿਹਾ ਸੀ ਕਿ ਅੰਮ੍ਰਿਤਸਰ 'ਚ ਇੱਕ ਕੁੜੀ ਨਾਲ ਜਬਰ-ਜ਼ਿਨਾਹ ਦੀ ਵਾਰਦਾਤ ਵਾਪਰੀ ਪਰ ਪੁਲਸ ਵੱਲੋਂ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਬਾਅਦ ਪੀੜਤਾ ਦੇ ਪਰਿਵਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਇਸ ਮਾਮਲੇ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦਾ ਨਾਂ ਵੀ ਲਿਖਿਆ ਹੋਇਆ ਹੈ, ਜਿਨ੍ਹਾਂ ’ਤੇ 5 ਕਰੋੜ ਰੁਪਏ ਦੀ ਮੰਗ ਕਰਨ ਦੇ ਇਲਜ਼ਾਮ ਲੱਗ ਰਹੇ ਹਨ। ਹੁਣ ਇਸ ਮਾਮਲੇ ਸਬੰਧੀ ਹੀ ਡਾ. ਗੁਰਪ੍ਰੀਤ ਕੌਰ ਨੂੰ ਕੌਮੀ ਅਧਿਕਾਰ ਕਮਿਸ਼ਨ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ।
ਜ਼ੀਰਕਪੁਰ ਦੇ ਲਗਜ਼ਰੀ ਸਟੋਰ ’ਚ ਡੇਢ ਕਰੋੜ ਦੀ ਚੋਰੀ, ਮੈਨੇਜਰ ਦੀ ਭੂਮਿਕਾ ਜਾਂਚ ਹੇਠ
NEXT STORY