ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ (ਐੱਸ. ਸੀ.) ਅਤੇ ਪੱਛੜੀਆਂ ਸ਼੍ਰੇਣੀਆਂ (ਬੀ.ਸੀ.) ਕਰਮਚਾਰੀਆਂ ਅਤੇ ਭਾਈਚਾਰਿਆਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸੰਵਿਧਾਨਕ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਇਹ ਭਰੋਸਾ ਪੰਜਾਬ ਭਰ ਦੇ 27 ਐੱਸ. ਸੀ. ਅਤੇ ਬੀ. ਸੀ. ਕਰਮਚਾਰੀਆਂ ਅਤੇ ਸਮਾਜਿਕ ਸੰਗਠਨਾਂ ਦੀ ਨੁਮਾਇੰਦਗੀ ਕਰਨ ਵਾਲੀ ਸਾਂਝੀ ਐਕਸ਼ਨ ਕਮੇਟੀ ਨਾਲ ਇੱਕ ਮਹੱਤਵਪੂਰਨ ਮੀਟਿੰਗ ਦੌਰਾਨ ਦਿੱਤਾ।
ਪੰਜਾਬ ਭਵਨ ਵਿਖੇ ਹੋਈ ਇਸ ਮੀਟਿੰਗ 'ਚ ਇਨ੍ਹਾਂ ਭਾਈਚਾਰਿਆਂ ਨੂੰ ਪ੍ਰਭਾਵਿਤ ਕਰਨ ਵਾਲੇ ਕਈ ਮਹੱਤਵਪੂਰਨ ਮੁੱਦਿਆਂ, ਜਿਨ੍ਹਾਂ ਵਿੱਚ ਸਰਕਾਰੀ ਕਰਮਚਾਰੀਆਂ, ਸਮਾਜਿਕ ਨਿਆਂ ਅਤੇ ਸੰਵਿਧਾਨਕ ਅਧਿਕਾਰਾਂ ਨਾਲ ਸਬੰਧਿਤ ਮੰਗਾਂ ਸ਼ਾਮਲ ਹਨ, 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਵਿੱਤ ਮੰਤਰੀ ਨੇ ਸਾਂਝੀ ਐਕਸ਼ਨ ਕਮੇਟੀ ਵੱਲੋਂ ਚੁੱਕੇ ਗਏ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਸਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਮੁੱਦਿਆਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਹਿਲਾਂ ਹੀ ਇਨ੍ਹਾਂ ਵਿੱਚੋਂ ਬਹੁਤ ਸਾਰੇ ਮਾਮਲਿਆਂ ਨੂੰ ਹੱਲ ਕਰਨ ਵਿੱਚ ਮਹੱਤਵਪੂਰਨ ਪ੍ਰਗਤੀ ਕਰ ਚੁੱਕੀ ਹੈ ਅਤੇ ਬਾਕੀ ਰਹਿੰਦੇ ਮੁੱਦਿਆਂ ਨੂੰ ਪੂਰੀ ਮੁਸਤੈਦੀ ਨਾਲ ਹੱਲ ਕਰਨ ਲਈ ਵਚਨਬੱਧ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਸਾਰੇ ਨਾਗਰਿਕਾਂ ਲਈ ਸਮਾਜਿਕ ਨਿਆਂ ਅਤੇ ਸਮਾਨਤਾ ਨੂੰ ਯਕੀਨੀ ਬਣਾਉਣ ਪ੍ਰਤੀ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਉਹ ਮੀਟਿੰਗ ਦੌਰਾਨ ਉਠਾਈਆਂ ਗਈਆਂ ਮੰਗਾਂ ਦੀ ਸੰਵਿਧਾਨਕ ਮਹੱਤਤਾ ਨੂੰ ਪਛਾਣਦੇ ਹਨ ਅਤੇ ਇਨ੍ਹਾਂ ਨੂੰ ਹੱਲ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੁਆਇੰਟ ਐਕਸ਼ਨ ਕਮੇਟੀ ਨਾਲ ਇਹ ਮੀਟਿੰਗ ਪ੍ਰਭਾਵਸ਼ਾਲੀ ਰਹੀ ਅਤੇ ਗੱਲਬਾਤ ਰਾਹੀਂ ਸਮੇਂ ਸਿਰ ਹੱਲ ਲੱਭਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਸੀ। ਸਾਂਝੀ ਐਕਸ਼ਨ ਕਮੇਟੀ ਵੱਲੋਂ ਵੀ ਗੱਲਬਾਤ ਵਿੱਚ ਸ਼ਾਮਲ ਹੋਣ ਅਤੇ ਮੁੱਦਿਆਂ ਨੂੰ ਹੱਲ ਕਰਨ ਦੀ ਵਚਨਬੱਧਤਾ ਅਤੇ ਪੰਜਾਬ ਸਰਕਾਰ ਦੀ ਇੱਛਾ ਦੀ ਸ਼ਲਾਘਾ ਕੀਤੀ। ਦੋਵੇਂ ਧਿਰਾਂ ਇਹ ਯਕੀਨੀ ਬਣਾਉਣ ਲਈ ਆਪਣਾ ਸਹਿਯੋਗ ਜਾਰੀ ਰੱਖਣ 'ਤੇ ਸਹਿਮਤ ਹੋਈਆਂ ਕਿ ਸਾਰੇ ਲੰਬਿਤ ਮਾਮਲਿਆਂ ਨੂੰ ਤੇਜ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਜਾਵੇ।
ਦੇਸ਼ 'ਚ ਫੜ੍ਹੀ ਗਈ ਹੈਰੋਇਨ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ, 45 ਫ਼ੀਸਦੀ ਪੰਜਾਬ ਦਾ ਹਿੱਸਾ
NEXT STORY