ਚੰਡੀਗੜ੍ਹ (ਅੰਕੁਰ) : ਚਿਤਕਾਰਾ ਯੂਨੀਵਰਸਿਟੀ ਰਾਜਪੁਰਾ ਵਿਖੇ 25-26 ਸਤੰਬਰ ਦੀ ਦਰਮਿਆਨੀ ਰਾਤ ਨੂੰ ਵਿਦਿਆਰਥੀਆਂ ਵੱਲੋਂ ਕੀਤੇ ਗਏ ਹੰਗਾਮੇ ਦੀ ਘਟਨਾ ਦੇ ਸਬੰਧ ’ਚ ਕੀਤੀ ਜਾ ਰਹੀ ਕਾਰਵਾਈ ਨੂੰ ਅੱਗੇ ਵਧਾਉਂਦਿਆਂ ਪਟਿਆਲਾ ਪੁਲਸ ਨੇ ਹਰਿਆਣਾ ਦੇ ਫ਼ਤਿਹਾਬਾਦ ਤੋਂ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਉਸ ’ਤੇ ਸੋਸ਼ਲ ਮੀਡੀਆ ਰਾਹੀਂ ਵਿਦਿਆਰਥੀਆਂ ਨੂੰ ਭੜਕਾਉਣ ਤੇ ਉਕਸਾਉਣ ’ਚ ਸ਼ਾਮਲ ਹੋਣ ਦਾ ਦੋਸ਼ ਹੈ। ਜਾਣਕਾਰੀ ਦਿੰਦਿਆਂ ਪਟਿਆਲਾ ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਹਾਲ ਹੀ ’ਚ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਪਾਰਥ ਮਹਿਤਾ ਵਾਸੀ ਫ਼ਤਿਹਾਬਾਦ ਵਜੋਂ ਹੋਈ ਹੈ।
ਘਟਨਾ ਤੋਂ ਬਾਅਦ ਥਾਣਾ ਬਨੂੜ ਵਿਖੇ ਐੱਫ. ਆਈ. ਆਰ. ਦਰਜ ਕਰਕੇ ਵੱਡੇ ਪੱਧਰ ’ਤੇ ਜਾਂਚ ਸ਼ੁਰੂ ਕੀਤੀ ਗਈ ਸੀ। ਇਸ ਦੌਰਾਨ ਇਸ ਮਾਮਲੇ ’ਚ ਪਹਿਲਾਂ ਦੋ ਮੁਲਜ਼ਮਾਂ ਹਿਮਾਂਸ਼ੂ (ਵਾਸੀ ਨੰਗਲ) ਤੇ ਆਰੀਅਨ (ਵਾਸੀ ਅੰਬਾਲਾ) ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਾਂਚ ਦੇ ਅਗਲੇ ਪੜਾਅ ਦੌਰਾਨ ਫਤਿਹਾਬਾਦ ਦੇ ਪਾਰਥ ਮਹਿਤਾ ਦਾ ਨਾਮ ਵੀ ਸਾਹਮਣੇ ਆਇਆ। ਉਸ ’ਤੇ ਦੋਸ਼ ਹੈ ਕਿ ਉਸਨੇ ਵਿਦਿਆਰਥੀਆਂ ਨੂੰ ਭੜਕਾਉਣ ਲਈ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਝੂਠੇ ਤੇ ਗੁੰਮਰਾਹਕੁੰਨ ਸੰਦੇਸ਼ ਫੈਲਾਏ ਅਤੇ ਨਾਲ ਹੀ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਸਰਕਾਰੀ ਕਰਮਚਾਰੀਆਂ ਨੂੰ ਉਨ੍ਹਾਂ ਦੇ ਅਧਿਕਾਰਤ ਫਰਜ਼ ਨਿਭਾਉਣ ’ਚ ਰੁਕਾਵਟ ਪਾਉਣ ਵਰਗੀਆਂ ਗਤੀਵਿਧੀਆਂ ’ਚ ਹਿੱਸਾ ਲਿਆ।
ਪਾਰਥ ਦੀ ਗ੍ਰਿਫ਼ਤਾਰੀ ਨਾਲ ਇਸ ਮਾਮਲੇ ’ਚ ਹੁਣ ਤੱਕ ਕੁੱਲ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਸ ਖ਼ਿਲਾਫ਼ ਕਾਨੂੰਨ ਦੀਆਂ ਸਬੰਧਿਤ ਧਾਰਾਵਾਂ ਤਹਿਤ ਐੱਫ. ਆਈ. ਆਰ. ’ਚ ਮਾਮਲਾ ਦਰਜ ਕੀਤਾ ਗਿਆ ਹੈ। ਗਲਤ ਜਾਣਕਾਰੀ ਫੈਲਾਉਣ, ਵਿਦਿਆਰਥੀਆਂ ਨੂੰ ਭੜਕਾਉਣ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਤੇ ਸਰਕਾਰੀ ਮੁਲਾਜ਼ਮਾਂ ਦੇ ਕੰਮ ’ਚ ਰੁਕਾਵਟ ਪਾਉਣ ’ਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਜਾਂਚ ਅੱਗੇ ਵੱਧਣ ਨਾਲ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਹੈ।
ਪੰਜਾਬ ’ਚ ਨਸ਼ੇ ਦੀ ਸਮੱਸਿਆ ਗੰਭੀਰ, ਸਰਕਾਰ ਕਾਬੂ ਪਾਉਣ ’ਚ ਨਾਕਾਮ: ਕੇਵਲ ਢਿੱਲੋਂ
NEXT STORY