ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਤੇ ਗੌਰਵਤਾ ਅਦੁੱਤੀ ਹੈ। ਇਸ ਵਿਚ ਦਰਜ ਇਲਾਹੀ ਬਾਣੀ ਇਨ-ਬਿਨ ਉਸੇ ਸ਼ੁੱਧ ਰੂਪ ਵਿਚ ਮੌਜੂਦ ਹੈ, ਜਿਵੇਂ ਇਸ ਨੂੰ ਗੁਰੂ ਸਾਹਿਬਾਨ, ਭਗਤਾਂ, ਭੱਟਾਂ ਨੇ ਉਚਾਰਨ ਕੀਤਾ ਸੀ। ਗੁਰਬਾਣੀ ਦੇ ਪਾਵਨ ਬਚਨ ਸਮੁੱਚੀ ਮਨੁੱਖਤਾ ਨੂੰ ਅਧਿਆਤਮਿਕਤਾ ਅਤੇ ਮਾਨਵਤਾ ਦਾ ਉਪਦੇਸ਼ ਦ੍ਰਿੜ ਕਰਵਾਉਂਦੇ ਹਨ, ਜਿਸ ਅਨੁਸਾਰ ਜੀਵਨ ਬਸਰ ਕਰ ਕੇ ਮਨੁੱਖੀ ਜੀਵਨ ਨੂੰ ਹਰ ਪੱਖ ਤੋਂ ਮੁਕੰਮਲ ਬਣਾਇਆ ਜਾ ਸਕਦਾ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਗੁਰਬਾਣੀ ਅੰਦਰ ਮਨੁੱਖ ਲਈ ਅਧਿਆਤਮਿਕ ਤੇ ਧਾਰਮਿਕ ਸੇਧਾਂ ਦੇ ਨਾਲ-ਨਾਲ ਸਮਾਜਿਕ, ਆਰਥਿਕ, ਵਿਗਿਆਨਕ ਆਦਿ ਹਰ ਤਰ੍ਹਾਂ ਦੀ ਪ੍ਰੇਰਣਾ ਹੈ। ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਤੱਕ ਗੁਰੂ ਸਾਹਿਬਾਨ ਨੇ ਜਿਥੇ ਆਪ ਬਾਣੀ ਉਚਾਰਨ ਕੀਤੀ, ਉਥੇ ਆਪਣੀਆਂ ਪ੍ਰਚਾਰ ਯਾਤਰਾਵਾਂ ਦੌਰਾਨ ਵੱਖ-ਵੱਖ ਮਹਾਂਪੁਰਖਾਂ ਦੀ ਰਚਨਾ ਨੂੰ ਵੀ ਪੋਥੀਆਂ ਦੇ ਰੂਪ ਵਿਚ ਆਪਣੇ ਪਾਸ ਸੰਭਾਲਿਆ। ਇਹ ਬਾਣੀ ਪੀੜ੍ਹੀ-ਦਰ-ਪੀੜ੍ਹੀ ਅਗਲੇ ਗੁਰੂ ਸਾਹਿਬਾਨ ਕੋਲ ਪਹੁੰਚੀ। ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਇਸ ਪਾਵਨ ਬਾਣੀ ਨੂੰ ਸੰਪਾਦਿਤ ਕਰਨ ਲਈ ਸ੍ਰੀ ਅੰਮ੍ਰਿਤਸਰ ਵਿਖੇ ਜਿਸ ਰਮਣੀਕ ਥਾਂ ਨੂੰ ਚੁਣਿਆ, ਉਥੇ ਹੁਣ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸੁਭਾਇਮਾਨ ਹੈ।
ਇਸ ਅਸਥਾਨ ’ਤੇ ਗੁਰੂ ਸਾਹਿਬ ਦੇ ਹੁਕਮਾਂ ਅਨੁਸਾਰ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਲਿਖਣ ਦੀ ਸੇਵਾ ਭਾਈ ਗੁਰਦਾਸ ਜੀ ਨੇ ਕੀਤੀ। ਸੰਮਤ 1661 (1604 ਈ:) ਨੂੰ ਸੰਪਾਦਨਾ ਦਾ ਕਾਰਜ ਸੰਪੂਰਨ ਹੋਇਆ ਅਤੇ ਇਸੇ ਸਾਲ ਹੀ ਭਾਦੋਂ ਸੁਦੀ ਇੱਕ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ ਗਿਆ। ਸੇਵਾ-ਸੰਭਾਲ ਕਰਨ ਲਈ ਗੁਰੂ ਸਾਹਿਬ ਜੀ ਨੇ ਬਾਬਾ ਬੁੱਢਾ ਜੀ ਨੂੰ ਪਹਿਲੇ ਗ੍ਰੰਥੀ ਥਾਪਿਆ। ਇਸ ਤੋਂ ਬਾਅਦ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਤਲਵੰਡੀ ਸਾਬੋ ਦੇ ਸਥਾਨ ’ਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਿਲ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਕੀਤੀ ਅਤੇ ਆਪ ਜੀ ਨੇ ਅੰਤਲੇ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਦੇ ਕੇ ਸਿੱਖਾਂ ਨੂੰ ਸ਼ਬਦ ਗੁਰੂ ਨਾਲ ਅਮਲੀ ਰੂਪ ਵਿਚ ਜੋੜ ਦਿੱਤਾ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹਿਲੇ ਪ੍ਰਕਾਸ਼ ਦਾ ਇਤਿਹਾਸਕ ਹਵਾਲਾ ਇਸ ਦੀ ਵਡਿਆਈ ਨੂੰ ਸਪੱਸ਼ਟ ਕਰਨ ਵਾਲਾ ਹੈ। ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਇਕ ਵਿਸ਼ੇਸ਼ ਨਗਰ ਕੀਰਤਨ ਦੇ ਰੂਪ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੈ ਕੇ ਆਏ। ਇਸ ਨਗਰ ਕੀਰਤਨ ਵਿਚ ਸੰਗਤਾਂ ਹੁੰਮ-ਹੁੰਮਾ ਕੇ ਸ਼ਾਮਲ ਹੋਈਆਂ। ਇਹ ਦ੍ਰਿਸ਼ ਅਲੌਕਿਕ ਸੀ, ਜਿਸ ਵਿਚ ਸੰਗਤਾਂ ਵਿਚ ਸ਼ਰਧਾ ਅਤੇ ਸਤਿਕਾਰ ਦੀ ਸਿਖ਼ਰ ਸੀ। ਸਾਰਾ ਵਾਤਾਵਰਣ ਰੱਬੀ-ਰੰਗ ਵਿਚ ਰੰਗਿਆ ਹੋਇਆ ਸੀ। ਇਹ ਪ੍ਰੰਪਰਾ ਹੁਣ ਵੀ ਬਰਕਰਾਰ ਹੈ ਅਤੇ ਹਰ ਸਾਲ ਪਹਿਲੇ ਪ੍ਰਕਾਸ਼ ਪੁਰਬ ਵਾਲੇ ਦਿਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਅਸਥਾਨ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਗਿਆਨ ਦਾ ਅਜਿਹਾ ਸੋਮਾ ਹੈ ਜੋ ਅਗਿਆਨਤਾ ਦੇ ਹਨੇਰੇ ਤੋਂ ਛੁਟਕਾਰੇ ਦਾ ਮਾਰਗ ਦਰਸਾਉਂਦਾ ਹੈ। ਗੁਰੂ ਸਾਹਿਬ ਨੇ ਗੁਰਬਾਣੀ ਦੇ ਗਿਆਨ ਰਾਹੀਂ ਮਨੁੱਖ ਨੂੰ ਪਰਮਾਤਮਾ ਦੀ ਪ੍ਰਾਪਤੀ ਦਾ ਰਾਹ ਦਰਸਾਇਆ ਹੈ। ਗੁਰਬਾਣੀ ਅੰਦਰ ਪਰਮਾਤਮਾ ਦਾ ਹਰ ਥਾਂ ਵਾਸਾ ਦੱਸਦਿਆਂ ਮਨੁੱਖਤਾ ਨੂੰ ਇਕਜੁੱਟ ਰਹਿਣ ਦਾ ਸੰਦੇਸ਼ ਦਿੱਤਾ ਹੈ। ਪਵਿੱਤਰ ਬਾਣੀ ਦਾ ਉਪਦੇਸ਼ ਹੈ ਕਿ ਰੱਬੀ ਭਾਣੇ ’ਚ ਰਹਿ ਕੇ ਸਭਨਾਂ ਦਾ ਭਲਾ ਮਨਾਉਂਦਿਆਂ ਬ੍ਰਹਿਮੰਡੀ ਨਿਆਮਤਾਂ ਦੇ ਕਰਤੇ ਨੂੰ ਯਾਦ ਕਰਦਿਆਂ ਸਭ ਦੇ ਭਲੇ ਵਾਲੀ ਬਿਰਤੀ ਅਨੁਸਾਰ ਜੀਵਨ ਬਤੀਤ ਕਰਨਾ ਹੈ।
ਪਾਵਨ ਗੁਰਬਾਣੀ ਦੇ ਵਚਨਾਂ ਨੂੰ ਕਮਾਉਣਾ ਹਰ ਸਿੱਖ ਦਾ ਮੁੱਢਲਾ ਫਰਜ਼ ਹੈ। ਗੁਰੂ ਸਾਹਿਬਾਨ ਨੇ ਗੁਰਬਾਣੀ ਰਾਹੀਂ ਸਿੱਖਾਂ ਨੂੰ ਜੀਵਨ ਜਿਊਣ ਲਈ ਜੋ ਸਿਧਾਂਤ ਬਖਸ਼ਿਸ਼ ਕੀਤੇ ਹਨ ਉਨ੍ਹਾਂ ’ਤੇ ਅਮਲ ਕਰਨਾ ਹਰ ਸਿੱਖ ਦਾ ਪਰਮ ਧਰਮ ਕਰਤਵ ਹੈ। ਇਹ ਇਲਾਹੀ ਵਚਨ ਪਾਰ ਉਤਾਰਾ ਕਰਨ ਵਾਲੇ ਹਨ। ਪਾਵਨ ਗੁਰਬਾਬਣੀ ’ਚ ਗੁਰੂ ਸਾਹਿਬ ਨੇ ਇਸ ਸਬੰਧ ’ਚ ਸਪੱਸ਼ਟ ਫਰਮਾਨ ਕੀਤਾ ਹੈ :
ਜਨ ਨਾਨਕੁ ਬੋਲੇ ਬ੍ਰਹਮ ਬੀਚਾਰੁ ॥ ਜੋ ਸੁਣੇ ਕਮਾਵੈ ਸੁ ਉਤਰੈ ਪਾਰਿ ॥
ਜਨਮਿ ਨ ਮਰੈ ਨ ਆਵੈ ਨ ਜਾਇ ॥ ਹਰਿ ਸੇਤੀ ਓਹੁ ਰਹੈ ਸਮਾਇ ॥੪॥੨॥
(ਸ੍ਰੀ ਗੁਰੂ ਗ੍ਰੰਥ ਸਾਹਿਬ, ਅੰਗ 370)
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਮੈਂ ਸਮੂਹ ਸਿੱਖ ਸੰਗਤਾਂ ਨੂੰ ਮੁਬਾਰਕਬਾਦ ਦਿੰਦਿਆਂ ਅਪੀਲ ਕਰਦਾ ਹਾਂ ਆਓ, 'ਗੁਰਬਾਣੀ ਇਸੁ ਜਗ ਮਹਿ ਚਾਨਣੁ' ਨਾਲ ਆਪਣੀਆਂ ਜ਼ਿੰਦਗੀਆਂ ਰੋਸ਼ਨ ਕਰੀਏ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਸ੍ਰੀ ਅਕਾਲ ਤਖ਼ਤ ਸਾਹਿਬ ਨੇ 17 ਸਾਬਕਾ ਮੰਤਰੀਆਂ ਤੋਂ ਮੰਗਿਆ ਸਪੱਸ਼ਟੀਕਰਨ
NEXT STORY