ਨਵੀਂ ਦਿੱਲੀ : ਕਾਂਗਰਸ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਗੀ ਦੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਹੋਣ ਵਾਲੀ ਮੁਲਾਕਾਤ ਨੂੰ ਲੈ ਕੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਰਮੇਸ਼ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਦੇਸ਼ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਅਮਰੀਕੀ ਦਬਾਅ ਅੱਗੇ ਝੁਕ ਰਹੀ ਹੈ।
ਜੈਰਾਮ ਰਮੇਸ਼ ਨੇ ਸਵਾਲ ਕੀਤਾ ਕਿ ਕੀ ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਟਰੰਪ ਕੋਲ ਓਮਾਨ ਦੇ ਤਟ ਨੇੜੇ ਅਮਰੀਕੀ ਹਮਲੇ ਵਿੱਚ ਤਿੰਨ ਭਾਰਤੀਆਂ ਦੀ ਹੱਤਿਆ ਦੀ ਸਖ਼ਤ ਨਿੰਦਾ ਕਰਨਗੇ?। ਇਸ ਦੇ ਨਾਲ ਹੀ ਉਨ੍ਹਾਂ ਨੇ 12 ਜੂਨ, 2026 ਨੂੰ ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਗੱਲਬਾਤ ਦੌਰਾਨ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਦੁਆਰਾ ਵਰਤੀ ਗਈ "ਧਮਕੀ ਭਰੀ ਅਤੇ ਅਸਵੀਕਾਰਨਯੋਗ ਭਾਸ਼ਾ" ਦਾ ਮੁੱਦਾ ਚੁੱਕਣ ਦੀ ਵੀ ਮੰਗ ਕੀਤੀ ਹੈ।
ਕਾਂਗਰਸ ਆਗੂ ਨੇ ਭਾਰਤ-ਅਮਰੀਕਾ ਵਪਾਰਕ ਡੀਲ ਨੂੰ ਭਾਰਤ ਲਈ ਇੱਕ "ਇੱਕਤਰਫਾ ਨੁਕਸਾਨ ਵਾਲਾ ਸੌਦਾ" ਕਰਾਰ ਦਿੱਤਾ ਹੈ। ਉਨ੍ਹਾਂ ਅਨੁਸਾਰ, ਇਹ ਸਮਝੌਤਾ ਫਰਵਰੀ 2026 'ਚ ਰਾਹੁਲ ਗਾਂਧੀ ਵੱਲੋਂ ਚੀਨ ਦੇ ਮੁੱਦੇ 'ਤੇ ਸਰਕਾਰ ਨੂੰ ਘੇਰੇ ਜਾਣ ਦੇ ਦਬਾਅ ਹੇਠ ਜਲਦਬਾਜ਼ੀ 'ਚ ਕੀਤਾ ਗਿਆ ਸੀ। ਰਮੇਸ਼ ਨੇ ਦਾਅਵਾ ਕੀਤਾ ਕਿ ਇਸ ਡੀਲ ਤਹਿਤ ਮੋਦੀ ਸਰਕਾਰ ਨੇ ਅਗਲੇ ਪੰਜ ਸਾਲਾਂ 'ਚ ਅਮਰੀਕਾ ਤੋਂ 500 ਅਰਬ ਡਾਲਰ ਦਾ ਸਾਮਾਨ ਖਰੀਦਣ ਦੀ ਵਚਨਬੱਧਤਾ ਜਤਾਈ ਹੈ, ਜੋ ਕਿ ਭਾਰਤ ਦੇ ਸਾਲਾਨਾ ਆਯਾਤ ਨੂੰ ਦੁੱਗਣਾ ਕਰਨ ਦੇ ਬਰਾਬਰ ਹੈ ਅਤੇ ਇਸ ਨਾਲ ਭਾਰਤੀ ਕਿਸਾਨਾਂ ਤੇ ਉਦਯੋਗਾਂ ਦੇ ਭਵਿੱਖ ਨੂੰ ਖਤਰਾ ਹੈ।
ਜੈਰਾਮ ਰਮੇਸ਼ ਨੇ ਹਵਾਲਾ ਦਿੱਤਾ ਕਿ ਜਿੱਥੇ ਮਲੇਸ਼ੀਆ ਵਰਗੇ ਦੇਸ਼ਾਂ ਨੇ ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ-ਟੈਰਿਫ ਨੂੰ ਰੱਦ ਕੀਤੇ ਜਾਣ ਤੋਂ ਬਾਅਦ ਆਪਣੇ ਸਮਝੌਤੇ ਖਤਮ ਕਰ ਦਿੱਤੇ ਹਨ, ਉੱਥੇ ਹੀ ਕੇਂਦਰ ਸਰਕਾਰ ਚੁੱਪ ਅਤੇ ਬੇਵੱਸ ਬੈਠੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਭਾਰਤ ਨੂੰ ਅਮਰੀਕੀ ਵਪਾਰ ਪ੍ਰਤੀਨਿਧੀ ਦੀ ਭਾਰਤ ਯਾਤਰਾ ਨੂੰ ਤੁਰੰਤ ਮੁਲਤਵੀ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਸਵੈ-ਮਾਣ ਵਾਲੇ ਦੇਸ਼ ਨੂੰ ਸਿਰਫ਼ ਫੋਨ ਕਾਲਾਂ ਜਾਂ ਬਿਆਨਾਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ "ਬੁਲੀ" ਕਰਨ ਵਾਲਿਆਂ ਵਿਰੁੱਧ ਆਪਣੀ ਪ੍ਰਭੂਸੱਤਾ ਦੀ ਡਟ ਕੇ ਰੱਖਿਆ ਕਰਨੀ ਚਾਹੀਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਰਤ ਦੀ ਪਛਾਣ ਦੁਨੀਆ ਦੇ ਸਭ ਤੋਂ ਵੱਡੇ ਸਿਹਤ ਸੰਭਾਲ ਪ੍ਰੋਗਰਾਮ ਵਾਲੇ ਦੇਸ਼ ਵਜੋਂ ਹੋਈ: PM ਮੋਦੀ
NEXT STORY