ਦਸੂਹਾ, (ਨਾਗਲਾ/ਝਾਵਰ)- ਜ਼ਿਲ੍ਹਾ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ ਡੀ.ਐੱਸ.ਪੀ. ਦਸੂਹਾ ਬਲਵਿੰਦਰ ਸਿੰਘ ਜੌੜਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਸ ਨੇ ਤਿੰਨ ਨਸ਼ੇੜੀਆਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਮੇਤ ਗ੍ਰਿਫਤਾਰ ਕਰ ਲਿਆ।
ਪੁਲਸ ਥਾਣਾ ਮੁਖੀ ਦਸੂਹਾ ਬਲਜਿੰਦਰ ਸਿੰਘ ਮੱਲੀ ਨੇ ਦੱਸਿਆ ਕਿ ਗਸ਼ਤ ਦੌਰਾਨ ਜਦੋਂ ਏ.ਐੱਸ.ਆਈ. ਮਹਿੰਦਰ ਸਿੰਘ ਪੁਲਸ ਪਾਰਟੀ ਨਾਲ ਵਧਾਈਆ ਲਿੰਕ ਰੋਡ 'ਤੇ ਜਾ ਰਹੇ ਸਨ ਤਾਂ ਕੁਝ ਸ਼ੱਕੀ ਨੌਜਵਾਨਾਂ ਨੂੰ ਇੱਕ ਸਵਿਫਟ ਕਾਰ ਵਿੱਚ ਆਉਂਦੇ ਦੇਖਿਆ ਗਿਆ। ਇਸ ਸਵਿਫਟ ਕਾਰ ਨੂੰ ਰੋਕ ਕੇ ਜਾਂਚ ਕੀਤੀ ਗਈ ਅਤੇ ਇਸ ਕਾਰ ਵਿੱਚ ਬੈਠੇ ਤਿੰਨ ਨੌਜਵਾਨਾਂ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 95 ਨਸ਼ੀਲੀਆਂ ਗੋਲੀਆਂ, 1.02 ਗ੍ਰਾਮ ਨਸ਼ੀਲਾ ਪਦਾਰਥ ਅਤੇ 3380 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ।
ਥਾਣਾ ਮੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਉਨ੍ਹਾਂ ਤਿੰਨਾਂ ਨੂੰ ਤੁਰੰਤ ਹਿਰਾਸਤ ਵਿੱਚ ਲੈ ਲਿਆ ਅਤੇ ਸਵਿਫਟ ਕਾਰ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਦੀ ਪਛਾਣ ਅਮਨਦੀਪ ਪੁੱਤਰ ਗੁਰਦਾਸ ਰਾਮ ਵਾਸੀ ਐਮਾਂ ਮਾਂਗਟ, ਨਿਸ਼ਾਨ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਔਲੀਆ ਉਮਰਪੁਰ ਅਤੇ ਰਿਸਵ ਕੁਮਾਰ ਪੁੱਤਰ ਜੋਗਿੰਦਰ ਸਿੰਘ ਵਾਸੀ ਅਲੀਪੁਰ ਵਜੋਂ ਹੋਈ ਹੈ। ਇਨ੍ਹਾਂ ਤਿੰਨਾਂ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਸ ਸਬੰਧੀ ਉਨ੍ਹਾਂ ਤੋਂ ਹੋਰ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਹੜ੍ਹ ਦਾ ਅਲਰਟ: ਖਤਰੇ ਦੇ ਨਿਸ਼ਾਨ ਤੋਂ ਸਿਰਫ 3.84 ਫੁੱਟ ਦੂਰ ਹੈ ਭਾਖੜਾ ਡੈਮ ਦਾ ਪਾਣੀ
NEXT STORY