ਜਲੰਧਰ (ਚਾਵਲਾ)— ਬੀਤੇ ਦਿਨ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਸਮੂਹ ਸਿੰਘ ਸਭਾਵਾਂ ਅਤੇ ਧਾਰਮਕ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਹੋਈ ਇਕ ਸਾਂਝੀ ਮੀਟਿੰਗ ਦੌਰਾਨ ਮਾਣਯੋਗ ਅਦਾਲਤ ਵੱਲੋਂ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਫੈਸਲੇ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਨੁਮਾਇੰਦਿਆਂ ਨੇ ਮੰਗ ਕੀਤੀ ਕਿ ਜਗਦੀਸ਼ ਟਾਈਟਲਰ ਸਮੇਤ ਬਾਕੀ ਦੋਸ਼ੀਆਂ ਨੂੰ ਵੀ ਸਖਤ ਸਜ਼ਾ ਦਿੱਤੀ ਜਾਵੇ।
ਇਸ ਮੌਕੇ ਨੁਮਾਇੰਦਿਆਂ ਨੇ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ-ਏ-ਮੌਤ ਦੀ ਸਜ਼ਾ ਦਿੱਤੀ ਜਾਵੇ, ਕਿਉਂਕਿ ਇਨ੍ਹਾਂ ਦੋਸ਼ੀਆਂ ਨੇ ਨਿਹੱਥੇ ਸਿੱਖਾਂ ਨੂੰ ਸੋਚੀ-ਸਮਝੀ ਸਾਜ਼ਿਸ਼ ਤਹਿਤ ਸਰਕਾਰੀ ਸਰਪ੍ਰਸਤੀ ਹੇਠ ਸਿੱਖਾਂ ਦਾ ਕਤਲੇਆਮ ਕੀਤਾ ਹੈ। ਉਨ੍ਹਾਂ ਨੇ ਨਵੰਬਰ 1984 ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਕਾਨੂੰਨੀ ਲੜਾਈ ਲੜਨ ਵਾਲੇ ਐਡਵੋਕੇਟ ਐੱਚ. ਐੱਸ. ਫੂਲਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੰਘ ਸਭਾਵਾਂ ਵੱਲੋਂ ਉਨ੍ਹਾਂ ਨੂੰ ਸਨਮਾਨਤ ਕੀਤਾ ਜਾਵੇਗਾ।
ਉਨ੍ਹਾਂ ਨੇ 34 ਸਾਲ ਬਾਅਦ ਆਏ ਫੈਸਲੇ ਨੂੰ ਦਰੁਸਤ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਦੋਸ਼ੀਆਂ ਨੂੰ ਉਮਰ ਭਰ ਜੇਲ 'ਚ ਰੱਖਣ ਦੀ ਬਜਾਏ ਫਾਂਸੀ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਇਨ੍ਹਾਂ ਦੋਸ਼ੀਆਂ ਨੇ ਬੇਕਸੂਰ ਸਿੱਖਾਂ ਦੀ ਨਸਲਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਘੱਟ ਗਿਣਤੀਆਂ ਨੂੰ ਇਨਸਾਫ ਦੇਰ ਨਾਲ ਮਿਲਣਾ ਇਸ ਗੱਲ ਦਾ ਸਬੂਤ ਹੈ ਕਿ ਦੇਸ਼ 'ਚ ਘੱਟ ਗਿਣਤੀਆਂ ਨਾਲ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ।
ਇਸ ਮੌਕੇ ਪ੍ਰਧਾਨ ਜਥੇ. ਜਗਜੀਤ ਸਿੰਘ ਗਾਬਾ, ਭੁਪਿੰਦਰਪਾਲ ਸਿੰਘ ਖਾਲਸਾ ਗੜ੍ਹਾ, ਸਤਪਾਲ ਸਿੰਘ ਸਿਦਕੀ, ਹਰਜੋਤ ਸਿੰਘ ਲੱਕੀ, ਈਸ਼ਰ ਸਿੰਘ, ਪਰਮਿੰਦਰ ਸਿੰਘ ਦਸਮੇਸ਼ ਨਗਰ, ਮਨਜੀਤ ਸਿੰਘ ਠੁਕਰਾਲ, ਗੁਰਿੰਦਰ ਸਿੰਘ ਮਝੈਲ, ਜਤਿੰਦਰ ਸਿੰਘ ਖਾਲਸਾ, ਸੁਖਦੇਵ ਸਿੰਘ ਗਾਂਧੀ, ਮਹਿੰਦਰ ਸਿੰਘ ਅਰਨੇਜਾ, ਜਗਤਪਾਲ ਸਿੰਘ ਕੋਟ ਸਦੀਕ, ਭੁਪਿੰਦਰ ਸਿੰਘ ਭਿੰਦਾ, ਜਥੇ. ਇੰਦਰਜੀਤ ਸਿੰਘ, ਪ੍ਰਮਾਤਮਾ ਸਿੰਘ ਆਦਿ ਹਾਜ਼ਰ ਸਨ।
ਨੰਗਲ 'ਚ ਦਿਸੀ ਅਜੀਬੋ-ਗਰੀਬ ਚੀਜ਼, ਧਮਾਕੇ ਦੀ ਆਵਾਜ਼ ਨਾਲ ਦਹਿਲੇ ਲੋਕ
NEXT STORY