ਜੈਤੋ (ਰਘੂਨੰਦਨ ਪਰਾਸ਼ਰ / ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਕਸਬਾ ਭੁਲੱਥ ਦੇ ਪਿੰਡ ਭਗਵਾਨਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ, ਜਿਸ ਕਰਕੇ ਦੋਸ਼ੀਆਂ ਦੇ ਹੌਸਲੇ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਕਮੇਟੀ ਵੱਲੋਂ ਮੌਕੇ ’ਤੇ ਪਹੁੰਚ ਕੇ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ, ਗੁਰਦੁਆਰਾ ਥੰਮ੍ਹ ਜੀ ਸਾਹਿਬ ਕਰਤਾਰਪੁਰ ਦੇ ਮੈਨੇਜਰ ਅਤੇ ਪ੍ਰਚਾਰਕ ਸਿੰਘਾਂ ਨੂੰ ਮੌਕੇ 'ਤੇ ਭੇਜਿਆ ਗਿਆ ਹੈ, ਜਿਨ੍ਹਾਂ ਪਾਸੋਂ ਘਟਨਾ ਦੀ ਜਾਂਚ ਰਿਪੋਰਟ ਮੰਗੀ ਗਈ ਹੈ।
ਉਨ੍ਹਾਂ ਕਿਹਾ ਪੁਲਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਮੰਦਭਾਗੀ ਘਟਨਾ ਦੀ ਗੰਭੀਰਤਾ ਨਾਲ ਜਾਂਚ ਕਰਨ ਅਤੇ ਇਸ ਪਿਛੇ ਸਾਜਿਸ਼ ਰਚਣ ਵਾਲਿਆਂ ਦੀ ਭਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਤਰ੍ਹਾਂ ਦੀ ਢਿੱਲ ਵਰਤੀ ਗਈ ਤਾਂ ਸੰਗਤ ਦੇ ਰੋਸ ਅਤੇ ਰੋਹ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਅੱਜ ਵਾਲੀ ਘਟਨਾ ਨੇ ਇਕ ਵਾਰ ਫਿਰ ਸਿੱਖਾਂ ਨੇ ਨਾਲ-ਨਾਲ ਹਰ ਸੰਜੀਦਾ ਮਨੁੱਖ ਨੂੰ ਝੰਜੋੜਿਆ ਹੈ।
ਐਡਵੋਕੇਟ ਧਾਮੀ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਅੰਦਰ ਸੀਸੀਟੀਵੀ ਕੈਮਰੇ ਰਾਹੀਂ ਨਿਗਰਾਨੀ ਅਤੇ ਸੁਰੱਖਿਆ ਦੇ ਪੁਖਤਾ ਇਤਜ਼ਾਮ ਕਰਨ ਅਤੇ ਪਹਿਰੇਦਾਰੀ ਲਈ ਹਰ ਸਮੇਂ ਸੇਵਾਦਾਰ ਗੁਰਦੁਆਰਾ ਸਾਹਿਬਾਨ ’ਚ ਹਾਜ਼ਰ ਰਹਿਣ।
ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਸੰਗਤਾਂ ਨੇ ਦੋਸ਼ੀ ਦਾ ਰੱਜ ਕੇ ਚਾੜ੍ਹਿਆ ਕੁਟਾਪਾ
NEXT STORY