ਜਲੰਧਰ (ਸੋਨੂੰ)- ਅਕਾਲੀ ਦਲ ਦੇ ਸ਼ਹਿਰ ਅਤੇ ਦਿਹਾਤੀ ਵਰਕਰਾਂ ਨੇ ਆਤਿਸ਼ੀ ਵਾਇਰਲ ਵੀਡੀਓ ਨੂੰ ਲੈ ਕੇ ਗੁਰੂ ਨਾਨਕ ਮਿਸ਼ਨ ਚੌਕ 'ਤੇ ਵਿਰੋਧ ਪ੍ਰਦਰਸ਼ਨ ਕੀਤਾ। ਅਕਾਲੀ ਦਲ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਨੇ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਤਾ ਗਿਆ ਬਿਆਨ ਬਹੁਤ ਝੂਠਾ ਹੈ ਅਤੇ ਉਹ ਇਸ ਨੂੰ ਦੁਹਰਾਉਣਾ ਨਹੀਂ ਚਾਹੁੰਦੇ। ਵੀਡੀਓ ਵਿੱਚ ਕਹੇ ਗਏ ਸ਼ਬਦਾਂ ਕਾਰਨ ਜਨਤਾ ਅਤੇ ਸਿੱਖਾਂ ਵਿੱਚ ਭਾਰੀ ਗੁੱਸਾ ਹੈ, ਜਿਸ ਦੇ ਚਲਦਿਆਂ ਸਾਰੇ ਵਰਕਰ ਗੁਰੂ ਨਾਨਕ ਮਿਸ਼ਨ ਚੌਕ ਵਿਚ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਪੁਲਸ ਬਿਆਨ ਦੇ ਆਧਾਰ 'ਤੇ ਮਾਮਲਾ ਦਰਜ ਕਰੇ ਅਤੇ ਆਤਿਸ਼ੀ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕੀਤੀ ਜਾਵੇ।
ਇਹ ਵੀ ਪੜ੍ਹੋ: ਆਤਿਸ਼ੀ ਵੀਡੀਓ ਮਾਮਲੇ 'ਤੇ ਭਾਜਪਾ ਦਾ 'ਆਪ' 'ਤੇ ਪਲਟਵਾਰ (ਵੀਡੀਓ)
ਇਥੇ ਦੱਸ ਦੇਈਏ ਕਿ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ 'ਆਪ' ਵਿਧਾਇਕ ਆਤਿਸ਼ੀ ਮਾਰਲੇਨਾ ਦੇ ਇਕ ਵਿਵਾਦਤ ਵੀਡੀਓ ਨੂੰ ਲੈ ਕੇ ਸਿਆਸੀ ਹੰਗਾਮਾ ਤੇਜ਼ ਹੋ ਗਿਆ ਹੈ। ਇਸ ਮਾਮਲੇ ਵਿੱਚ ਦਿੱਲੀ ਵਿਧਾਨ ਸਭਾ ਦੇ ਸਪੀਕਰ ਨੇ ਪੰਜਾਬ ਦੇ ਡੀ. ਜੀ. ਪੀ. ਸਾਈਬਰ ਕਰਾਈਮ ਦੇ ਸਪੈਸ਼ਲ ਡੀ. ਜੀ. ਪੀ. ਅਤੇ ਜਲੰਧਰ ਦੀ ਪੁਲਸ ਨੂੰ ਨੋਟਿਸ ਜਾਰੀ ਕਰਦਿਆਂ 48 ਘੰਟਿਆਂ ਵਿੱਚ ਜਵਾਬ ਤਲਬ ਕੀਤਾ ਹੈ।

ਜਾਣਕਾਰੀ ਮੁਤਾਬਕ 6 ਜਨਵਰੀ ਨੂੰ ਦਿੱਲੀ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਇਕ ਚਰਚਾ ਚੱਲ ਰਹੀ ਸੀ। ਭਾਜਪਾ ਨੇਤਾਵਾਂ ਨੇ ਦੋਸ਼ ਲਾਇਆ ਕਿ ਇਸ ਦੌਰਾਨ ਆਤਿਸ਼ੀ ਨੇ ਸਿੱਖ ਗੁਰੂਆਂ ਦੇ ਖ਼ਿਲਾਫ਼ ਅਪਮਾਨਜਨਕ ਭਾਸ਼ਾ ਵਰਤੀ। 7 ਜਨਵਰੀ ਨੂੰ ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਇਕ ਵੀਡੀਓ ਕਲਿੱਪ ਸਾਂਝੀ ਕੀਤੀ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਜਦੋਂ ਸਦਨ ਗੁਰੂਆਂ ਨੂੰ ਸ਼ਰਧਾਂਜਲੀ ਦੇ ਰਿਹਾ ਸੀ ਤਾਂ ਆਤਿਸ਼ੀ ਨੇ ਇਤਰਾਜ਼ਯੋਗ ਸ਼ਬਦਾਵਲੀ ਦਾ ਇਸਤੇਮਾਲ ਕੀਤਾ। ਹਾਲਾਂਕਿ ਆਤਿਸ਼ੀ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰ ਦਿੱਤਾ ਸੀ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਪੰਜਾਬ 'ਚ ਭਿਆਨਕ ਸੜਕ ਹਾਦਸੇ ਦੌਰਾਨ ASI ਦੀ ਮੌਤ, ਦੋ ਧੀਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
ਵੀਡੀਓ ਵਿਵਾਦ ਵੱਧਣ ਪਿੱਛੋਂ ਜਲੰਧਰ ਪੁਲਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਭਾਜਪਾ ਨੇਤਾ ਕਪਿਲ ਮਿਸ਼ਰਾ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕੀਤੀ ਹੈ। ਪੁਲਸ ਮੁਤਾਬਕ ਮੋਹਾਲੀ ਦੀ ਫੋਰੈਂਸਿਕ ਲੈਬ ਵਿੱਚ ਵੀਡੀਓ ਦੀ ਜਾਂਚ ਕਰਵਾਈ ਗਈ, ਜਿਸ ਵਿੱਚ ਸਪੱਸ਼ਟ ਹੋਇਆ ਹੈ ਕਿ ਆਤਿਸ਼ੀ ਨੇ ਕਿਤੇ ਵੀ 'ਗੁਰੂ' ਸ਼ਬਦ ਦਾ ਇਸਤੇਮਾਲ ਨਹੀਂ ਕੀਤਾ ਅਤੇ ਵੀਡੀਓ ਨਾਲ ਛੇੜਛਾੜ ਕੀਤੀ ਗਈ ਸੀ।
ਇਸ ਐੱਫ਼. ਆਈ. ਆਰ. 'ਤੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਪੰਜਾਬ ਪੁਲਸ ਦੀ ਇਸ ਕਾਰਵਾਈ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਸਦਨ ਦੇ ਅੰਦਰ ਦੀ ਰਿਕਾਰਡਿੰਗ ਵਿਧਾਨ ਸਭਾ ਦੀ ਜਾਇਦਾਦ ਹੈ ਅਤੇ ਇਸ 'ਤੇ ਦੂਜੇ ਸੂਬੇ ਦੀ ਪੁਲਸ ਵੱਲੋਂ ਐੱਫ਼. ਆਈ. ਆਰ. ਦਰਜ ਕਰਨਾ 'ਵਿਸ਼ੇਸ਼ ਅਧਿਕਾਰ ਹੰਨਣ' ਦਾ ਮਾਮਲਾ ਹੈ। ਇਸ ਸਬੰਧੀ ਜਲੰਧਰ ਪੁਲਸ ਕਮਿਸ਼ਨਰ ਨੇ ਸਦਨ ਦੀ ਜਾਇਦਾਦ ਨਾਲ ਗਲਤ ਦਖਲਅੰਦਾਜ਼ੀ ਕੀਤੀ ਹੈ, ਜਿਸ ਕਾਰਨ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਪਿੱਛੋਂ ਮਾਮਲੇ ਉੱਤੇ ਵਿਧਾਇਕ ਕਪਿਲ ਮਿਸ਼ਰਾ ਨੇ ਕਿਹਾ ਕਿ ਕੇਜਰੀਵਾਲ ਦੀ ਪੁਲਸ ਉਨ੍ਹਾਂ ਨੂੰ ਡਰਾ ਨਹੀਂ ਸਕਦੀ ਅਤੇ ਸਾਰੀ ਦੁਨੀਆ ਨੇ ਉਹ ਵੀਡੀਓ ਸੁਣੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਲੋਕਾਂ ਲਈ ਵੱਡੀ ਮੁਸੀਬਤ! ਪ੍ਰਾਪਰਟੀ ਸੌਦਿਆਂ ’ਤੇ ਸਰਕਾਰੀ ਰਾਡਾਰ, ਸਖ਼ਤ ਹੁਕਮ ਜਾਰੀ
ਹੁਣ ਤਕ ਇਸ ਮਾਮਲੇ ਵਿੱਚ ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅਕਾਲ ਤਖ਼ਤ ਦੇ ਜਥੇਦਾਰ ਨੇ ਆਤਿਸ਼ੀ ਦੇ ਕਥਿਤ ਬਿਆਨ ਦੀ ਨਿੰਦਾ ਕੀਤੀ ਅਤੇ ਉਸ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਆਤਿਸ਼ੀ 'ਤੇ ਨਿਸ਼ਾਨਾ ਸਾਧਦਿਆਂ ਉਸ ਦੇ ਅਸਤੀਫੇ ਦੀ ਮੰਗ ਕੀਤੀ ਹੈ। ਪੰਜਾਬ ਕਾਂਗਰਸ ਨੇ ਵੀ ਦੋਸ਼ ਲਾਇਆ ਕਿ ਆਤਿਸ਼ੀ ਨੂੰ ਬਚਾਉਣ ਲਈ ਉਨ੍ਹਾਂ ਦੇ ਨੇਤਾਵਾਂ ਸੁਖਪਾਲ ਖਹਿਰਾ ਅਤੇ ਪਰਗਟ ਸਿੰਘ 'ਤੇ ਵੀ ਕੇਸ ਦਰਜ ਕੀਤੇ ਗਏ ਹਨ। ਫਿਲਹਾਲ ਇਹ ਮਾਮਲਾ ਦਿੱਲੀ ਅਤੇ ਪੰਜਾਬ ਦੀ ਸਿਆਸਤ ਵਿੱਚ ਗਰਮਾਈ ਹੋਈ ਹੈ।
ਇਹ ਵੀ ਪੜ੍ਹੋ: ਘਰ ਦੇ ਬਾਹਰ ਪ੍ਰਦਰਸ਼ਨ ਕਰਨ ਆਏ 'ਆਪ' ਆਗੂ ਤੇ MLA ਪਰਗਟ ਸਿੰਘ ਹੋਏ ਆਹਮੋ-ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੜਕ ਹਾਦਸੇ 'ਚ ਅਣਪਛਾਤੇ ਵਿਅਕਤੀ ਦੀ ਹੋਈ ਮੌਤ
NEXT STORY