ਹੁਸ਼ਿਆਰਪੁਰ (ਘੁੰਮਣ)-ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਹੁਲਾਰਾ ਦਿੰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਪੂਰੇ ਜ਼ਿਲ੍ਹੇ ਵਿਚ ਇਸ ਅਲਾਮਤ ਨੂੰ ਠੱਲ੍ਹ ਪਾਉਣ ਲਈ ਜਾਗਰੂਕਤਾ, ਖੇਡਾਂ ਅਤੇ ਰੁਜ਼ਗਾਰ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਹੈ। ਨਸ਼ਿਆਂ ਦੇ ਖਾਤਮੇ ਲਈ ਅਧਿਕਾਰੀਆਂ ਵੱਲੋਂ ਸਬੰਧਤ ਵਿਭਾਗਾਂ ਦੀਆਂ ਟੀਮਾਂ ਸਮੇਤ ਵੱਖ-ਵੱਖ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ ਤਾਂ ਜੋ ਪਹਿਲਾਂ ਹੀ ਨਸ਼ਾ ਪ੍ਰਭਾਵਿਤ ਖੇਤਰਾਂ ਨੂੰ ਇਸ ਬੁਰਾਈ ਤੋਂ ਮੁਕਤ ਕਰਾਇਆ ਜਾ ਸਕੇ। ਜ਼ਿਲਾ ਪ੍ਰਸ਼ਾਸਨ ਵੱਲੋਂ ਇਕ ਵਿਆਪਕ 60 ਦਿਨਾਂ ਦੀ ਕਾਰਜ ਯੋਜਨਾ ਉਲੀਕੀ ਗਈ ਹੈ ਜਿਸ ਤਹਿਤ ਅਧਿਕਾਰੀ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨਗੇ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਸਬੰਧਤ ਵਿਭਾਗਾਂ ਦੇ ਅਧਿਕਾਰੀ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਲੋਕਾਂ ਨੂੰ ਨਸ਼ਿਆਂ ਦੇ ਸਿਹਤ ਅਤੇ ਸਮਾਜ ’ਤੇ ਪੈਣ ਵਾਲੇ ਮਾੜੇ ਪ੍ਰਭਾਵ ਪ੍ਰਤੀ ਜਾਗਰੂਕ ਕਰਨ ਲਈ ਤਾਲਮੇਲ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨਸ਼ਾ ਪ੍ਰਭਾਵਿਤ ਖੇਤਰਾਂ ਵਿਚ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਖੇਡ ਗਤੀਵਿਧੀਆਂ ਨੂੰ ਵੀ ਵੱਡੇ ਪੱਧਰ ’ਤੇ ਹੁਲਾਰਾ ਦੇਵੇਗਾ ਤਾਂ ਜੋ ਉਹ ਆਪਣੀ ਰੋਜ਼ੀ-ਰੋਟੀ ਕਮਾ ਸਕਣ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਨੌਕਰੀਆਂ ਪ੍ਰਾਪਤ ਕਰਨ ਲਈ ਪਲੇਟਫਾਰਮ ਪ੍ਰਦਾਨ ਕਰਨ ਵਾਸਤੇ 29 ਅਕਤੂਬਰ ਨੂੰ ਜ਼ਿਵੇ ਵਿਚ ਮੈਗਾ ਰੁਜ਼ਗਾਰ ਮੇਲਾ ਲਗਾਉਣ ਦਾ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਸਹਾਇਕ ਕਮਿਸ਼ਨਰ ਅਮਨਦੀਪ ਕੌਰ ਲੋਕਾਂ ਨੂੰ ਮਿਲਣ ਅਤੇ ਨਸ਼ੇ ਦੇ ਖ਼ਾਤਮੇ ਲਈ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਪਿੰਡਾਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਕਿਹਾ, ‘‘ਪ੍ਰਸ਼ਾਸਨ ਨੇ ਜਨਤਕ ਹਿੱਤ ਵਿਚ ਸਾਰੇ ਨਸ਼ਾ ਪ੍ਰਭਾਵਿਤ ਖੇਤਰਾਂ ਨੂੰ ਕਵਰ ਕਰਨ ਲਈ ਵਿਸਥਾਰਤ ਯੋਜਨਾ ਬਣਾਈ ਹੈ, ਜਿੱਥੇ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ।’’
ਇਹ ਵੀ ਪੜ੍ਹੋ: ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ ਸਕਦੈ ਮੀਂਹ

ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਅਮਨਦੀਪ ਕੌਰ ਨੇ ਇਸ ਮੁਹਿੰਮ ਤਹਿਤ ਪਿੰਡ ਭੁੰਗਰਨੀ ਦੇ ਵਸਨੀਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਬੰਧਤ ਵਿਭਾਗਾਂ ਦੇ ਅਧਿਕਾਰੀ ਖੇਡਾਂ ਅਤੇ ਰੁਜ਼ਗਾਰ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨਸ਼ਿਆਂ ਦੀ ਲਤ ਲਾ ਚੁੱਕੇ ਨੌਜਵਾਨਾਂ ਨੂੰ ਹੁਸ਼ਿਆਰਪੁਰ ਵਿਖੇ ਨਸ਼ਾ ਛੁਡਾਊ ਕੇਂਦਰ ਵਿਚ ਦਾਖ਼ਲ ਕਰਵਾਉਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ 29 ਅਕਤੂਬਰ ਨੂੰ ਭੁੰਗਰਨੀ ਪਿੰਡ ਵਿਚ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ। ਪਿੰਡ ਵਿਚ ਨਸ਼ਾ ਰੋਕਥਾਮ ਦੇ ਉਪਰਾਲਿਆਂ ਨੂੰ ਅੰਤਿਮ ਰੂਪ ਦੇਣ, ਪ੍ਰਭਾਵਿਤ ਨੌਜਵਾਨਾਂ ਦਾ ਪੁਨਰਵਾਸ ਕਰਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿਚ ਲਗਾਉਣ ਲਈ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਅਤੇ ਗ੍ਰਾਮ ਪੰਚਾਇਤ ਨਾਲ ਵਿਸਥਾਰਤ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਰੁਜ਼ਗਾਰ ਮੇਲੇ ਵਿਚ ਵੱਖ-ਵੱਖ ਉਦਯੋਗਿਕ ਘਰਾਣੇ ਅਤੇ ਕੰਪਨੀਆਂ ਹਿੱਸਾ ਲੈਣਗੀਆਂ।
ਇਹ ਵੀ ਪੜ੍ਹੋ: 22 ਨਵੰਬਰ ਨੂੰ ਪਾਕਿ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜੱਥਾ, 1828 ਸ਼ਰਧਾਲੂਆਂ ਦੇ ਪਾਸਪੋਰਟ ਹੋਏ ਜਮ੍ਹਾ
ਉਨ੍ਹਾਂ ਕਿਹਾ ਕਿ ਖੇਡ ਵਿਭਾਗ ਪਿੰਡ ਵਿਚ ਖੇਡ ਗਤੀਵਿਧੀਆਂ ਕਰਵਾਏਗਾ ਅਤੇ ਸਥਾਨਕ ਨੌਜਵਾਨਾਂ ਨੂੰ ਦਿਨ ਵਿਚ 2 ਵਾਰ ਸਿਖਲਾਈ ਦੇਣ ਲਈ ਖੇਡ ਕੋਚ ਤਾਇਨਾਤ ਕਰੇਗਾ। ਨੌਜਵਾਨਾਂ ਨੂੰ ਖੇਡਾਂ ਅਪਣਾਉਣ ਅਤੇ ਸਿਹਤਮੰਦ ਗਤੀਵਿਧੀਆਂ ਵਿਚ ਰੁੱਝੇ ਰਹਿਣ ਲਈ ਉਤਸ਼ਾਹਿਤ ਕਰਨ ਵਾਸਤੇ ਮਿਆਰੀ ਖੇਡ ਸਿਖਲਾਈ ਅਤੇ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਪੁਲਸ ਵਿਭਾਗ ਪਿੰਡਾਂ ਦੇ ਦਾਖ਼ਲੇ ਅਤੇ ਨਿਕਾਸ ਨੁਕਤਿਆਂ ਸਮੇਤ ਵੱਖ-ਵੱਖ ਥਾਵਾਂ ’ਤੇ ਨਿਯਮਤ ਨਾਕੇ ਲਗਾ ਕੇ ਨਿਗਰਾਨੀ ਅਤੇ ਸਖ਼ਤੀ ਨੂੰ ਵੀ ਮਜ਼ਬੂਤ ਕਰੇਗਾ। ਸਹਾਇਕ ਕਮਿਸ਼ਨਰ ਨੇ ਕਿਹਾ ਕਿ ਇਹ ਤਾਲਮੇਲ ਵਾਲੀ ਪਹਿਲਕਦਮੀ ਭੁੰਗਰਨੀ ਪਿੰਡ ਵਿਚ 60 ਦਿਨਾਂ ਦੀ ਕਾਰਜ ਯੋਜਨਾ ਤਹਿਤ ਸਥਾਈ ਤਬਦੀਲੀ ਲਿਆਉਣ ’ਤੇ ਧਿਆਨ ਕੇਂਦ੍ਰਤ ਕਰਦਿਆਂ ਰੁਜ਼ਗਾਰ, ਖੇਡਾਂ, ਸਿਹਤ ਸੰਭਾਲ, ਪੁਨਰਵਾਸ ਅਤੇ ਸਖ਼ਤ ਪੁਲਿਸਿੰਗ ਨੂੰ ਸ਼ਾਮਲ ਕਰਨ ਵਾਲੀ ਬਹੁ-ਪੱਖੀ ਪਹੁੰਚ ਰਾਹੀਂ ਨਸ਼ੇ ਦੀ ਅਲ਼ਾਮਤ ਨੂੰ ਦੂਰ ਕਰੇਗੀ।
ਇਹ ਵੀ ਪੜ੍ਹੋ: ਪੰਜਾਬ: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਸ਼ੀਲੀਆਂ ਗੋਲ਼ੀਆਂ ਤੇ 160 ਕੈਪਸੂਲਾਂ ਸਮੇਤ ਨੌਜਵਾਨ ਕਾਬੂ
NEXT STORY