ਹੁਸ਼ਿਆਰਪੁਰ (ਘੁੰਮਣ)— 2011 ਬੈਚ ਦੇ ਆਈ. ਏ. ਐੱਸ. ਅਧਿਕਾਰੀ ਅਪਨੀਤ ਰਿਆਤ ਨੇ ਬੀਤੇ ਦਿਨ ਹੁਸ਼ਿਆਰਪੁਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਹੁਸ਼ਿਆਰਪੁਰ ਦੇ 145ਵੇਂ ਡੀ. ਸੀ. ਹਨ ਅਤੇ ਉਨ੍ਹਾਂ ਦੀ ਡਿਪਟੀ ਕਮਿਸ਼ਨਰ ਵਜੋਂ ਇਹ ਦੂਜੀ ਤਾਇਨਾਤੀ ਹੈ। ਇਸ ਤੋਂ ਪਹਿਲਾਂ ਉਹ ਮਾਨਸਾ ਜ਼ਿਲੇ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਅਹੁਦਾ ਸੰਭਾਲਣ ਤੋਂ ਪਹਿਲਾਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਪੁਲਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ 'ਗਾਰਡ ਆਫ਼ ਆਨਰ' ਦਿੱਤਾ ਗਿਆ।
ਉਪਰੰਤ ਨਵ-ਨਿਯੁਕਤ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੱਲੋਂ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਵੱਖ-ਵੱਖ ਸੇਵਾਵਾਂ ਸਮੇਂ-ਸਿਰ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਨੂੰ ਜ਼ਿਲੇ 'ਚ ਹੇਠਲੇ ਪੱਧਰ ਤੱਕ ਹੋਰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਉਨ੍ਹਾਂ ਦੇ ਵਿਭਾਗ ਨਾਲ ਸਬੰਧਤ ਮੌਜੂਦਾ ਸਮੇਂ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਤੁਰੰਤ ਜਾਣਕਾਰੀ ਦੇਣ ਦੀ ਹਦਾਇਤ ਵੀ ਕੀਤੀ, ਤਾਂ ਜੋ ਜਿੱਥੇ ਵਿਕਾਸ ਕਾਰਜ ਜਲਦੀ ਨੇਪਰੇ ਚਾੜ੍ਹਨ ਲਈ ਹੋਰ ਤੇਜ਼ੀ ਲਿਆਂਦੀ ਜਾ ਸਕੇ, ਉੱਥੇ ਹੀ ਯੋਜਨਾਵਾਂ ਨੂੰ ਹੋਰ ਵਧੀਆ ਤਰੀਕੇ ਨਾਲ ਲਾਭਪਾਤਰੀਆਂ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸੇਵਾ ਕੇਂਦਰਾਂ ਵਿਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਨਿਰਵਿਘਨ ਮੁਹੱਈਆ ਕਰਵਾਈਆਂ ਜਾਣ, ਤਾਂ ਜੋ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਰਿਆਤ ਨੇ ਜ਼ਿਲਾ ਵਾਸੀਆਂ ਨੂੰ ਪਾਰਦਰਸ਼ੀ ਤਰੀਕੇ ਨਾਲ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸਾਫ-ਸੁਥਰਾ ਪ੍ਰਸ਼ਾਸਨ ਦੇਣਾ ਹੀ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਸੂਬਾ ਸਰਕਾਰ ਦੀ ਨਸ਼ਿਆਂ ਖਿਲਾਫ ਮੁਹਿੰਮ ਨੂੰ ਲੋਕ ਲਹਿਰ ਬਣਾ ਕੇ ਜ਼ਿਲੇ ਨੂੰ ਨਸ਼ਾ-ਮੁਕਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਐੱਸ. ਪੀ. ਪਰਮਿੰਦਰ ਸਿੰਘ, ਐੱਸ. ਡੀ. ਐੱਮ. ਹੁਸ਼ਿਆਰਪੁਰ ਅਮਿਤ ਮਹਾਜਨ, ਕਮਿਸ਼ਨਰ ਨਗਰ ਨਿਗਮ ਬਲਵੀਰ ਰਾਜ ਸਿੰਘ, ਐੱਸ. ਡੀ. ਐੱਮ. ਦਸੂਹਾ ਸ਼੍ਰੀਮਤੀ ਜੋਤੀ ਬਾਲਾ, ਐੱਸ. ਡੀ. ਐੱਮ. ਗੜ੍ਹਸ਼ੰਕਰ ਹਰਬੰਸ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।
ਜ਼ਿਲੇ 'ਚ ਸੈਰ-ਸਪਾਟੇ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾਣਗੇ ਉਪਰਾਲੇ : ਸੋਨਾਲੀ ਗਿਰੀ
NEXT STORY