ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) - ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਨੇ ਪਾਕਿਸਤਾਨ ਵਿਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਅਤੇ ਲਖਬੀਰ ਸਿੰਘ ਉਰਫ ਲੰਡਾ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਸ ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਦਿੱਤੀ।
ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੋਬਨਜੀਤ ਸਿੰਘ ਉਰਫ ਜੋਬਨ, ਬਿਕਰਮਜੀਤ ਸਿੰਘ ਉਰਫ ਬਿੱਕਾ ਅਤੇ ਕੁਲਵਿੰਦਰ ਸਿੰਘ ਉਰਫ ਕਾਲਾ ਵਜੋਂ ਹੋਈ ਹੈ। ਪੁਲਸ ਟੀਮਾਂ ਨੇ ਉਕਤ ਦੋਸ਼ੀਆਂ ਕੋਲੋਂ ਦੋ 32 ਕੈਲੀਬਰ ਪਿਸਤੌਲਾਂ ਸਮੇਤ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ ਅਤੇ ਇਕ ਮਾਰੂਤੀ ਸਵਿਫਟ ਕਾਰ (ਜਿਸ ਵਿੱਚ ਉਹ ਸਫ਼ਰ ਕਰ ਰਹੇ ਸਨ), ਵੀ ਜ਼ਬਤ ਕੀਤੀ ਗਈ ਹੈ ।
ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦੇ ਹੋਏ, ਏ. ਜੀ. ਟੀ. ਐੱਫ. ਪੰਜਾਬ ਨੇ ਏ. ਡੀ. ਜੀ. ਪੀ. ਪ੍ਰਮੋਦ ਬਾਨ ਦੀ ਅਗਵਾਈ ਤੇ ਏ. ਆਈ. ਜੀ. ਸੰਦੀਪ ਗੋਇਲ ਦੀ ਨਿਗਰਾਨੀ ਵਿੱਚ ਅਤੇ ਡੀ. ਐੱਸ. ਪੀ. ਏ. ਜੀ. ਟੀ. ਐੱਫ. ਬਾਰਡਰ ਰੇਂਜ ਹਰਮਿੰਦਰ ਸਿੰਘ ਦੀ ਕਮਾਨ ਹੇਠ ਪੁਲਸ ਟੀਮਾਂ ਨੇ ਉਕਤ ਦੋਸ਼ੀਆਂ ਦੇ ਟਿਕਾਣੇ ਦਾ ਪਤਾ ਲਗਾਇਆ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਤਰਨਤਾਰਨ ਰੋਡ ’ਤੇ ਸਥਿਤ ਪਿੰਡ ਸਫੀਪੁਰ ਨੇੜਲੇ ਟੀ-ਪੁਆਇੰਟ ਤੋਂ ਕਾਬੂ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਦੋ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ। ਜੋਬਨ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਕਾਨੂੰਨ (ਯੂ. ਏ. ਪੀ. ਏ.), ਇਰਾਦਾ ਕਤਲ , ਆਰਮਜ਼ ਐਕਟ, ਐੱਨ. ਡੀ. ਪੀ. ਐੱਸ. ਐਕਟ ਅਤੇ ਆਈ. ਟੀ. ਐਕਟ ਦੇ ਅਪਰਾਧਾਂ ਵਿੱਚ ਲੋੜੀਂਦਾ ਸੀ ਅਤੇ ਲੰਬੇ ਸਮੇਂ ਤੋਂ ਭਗੌੜਾ ਸੀ। ਜਦੋਂਕਿ ਦੂਜਾ ਮੁਲਜ਼ਮ ਬਿੱਕਾ ਵੀ ਇਰਾਦਾ ਕਤਲ ਨਾਲ ਸਬੰਧਤ 2 ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ।
ਡੀ. ਜੀ. ਪੀ. ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਸਰਹੱਦੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਢਾਹ ਲਾਉਣ ਲਈ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ।
ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ ਏ. ਜੀ. ਟੀ. ਐੱਫ. ਦੇ ਏ. ਆਈ. ਜੀ. ਸੰਦੀਪ ਗੋਇਲ ਨੇ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਹੋਣ ਦੀ ਆਸ ਹੈ।
ਇਸ ਸਬੰਧੀ ਥਾਣਾ ਐੱਸ. ਐੱਸ. ਓ. ਸੀ. ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਅਧੀਨ ਮੁਕੱਦਮਾ ਨੰਬਰ 11 ਮਿਤੀ 05-02-2024 ਦਰਜ ਕੀਤਾ ਗਿਆ ਹੈ
ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਦਲੇਗੀ ਨੁਹਾਰ, ਮਿਲਣਗੇ ਹਾਈਟੈੱਕ ਸਮਾਰਟ ਕਲਾਸਰੂਮ
NEXT STORY