ਨਵਾਂਸ਼ਹਿਰ (ਤ੍ਰਿਪਾਠੀ)-ਪੰਜਾਬ ਰੋਡਵੇਜ਼ ਪਨਬਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਵਿਭਾਗ ਵਿਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਬੱਸਾਂ ਦਾ ਚੱਕਾ ਜਾਮ ਕੀਤਾ। ਇਸ ਦੌਰਾਨ ਧਰਨਾਕਾਰੀ ਮੁਲਾਜ਼ਮਾਂ ਨੇ ਨਵਾਂਸ਼ਹਿਰ ਦੇ ਬੱਸ ਸਟੈਂਡ ’ਤੇ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦੇ ਡਿਪੂ ਦੇ ਪ੍ਰਧਾਨ ਨਰਿੰਦਰ ਪੰਡੋਰੀ ਅਤੇ ਸਕੱਤਰ ਮਹੇਸ਼ ਕੁਮਾਰ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਪਿਛਲੇ ਸਾਢੇ 4 ਸਾਲਾਂ ਤੋਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਝੂਠਾ ਭਰੋਸਾ ਦੇ ਰਹੀ ਹੈ ਪਰ ਹਕੀਕਤ ਵਿਚ ਕੋਈ ਠੋਸ ਫੈਸਲਾ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਭਰੋਸਾ ਦਿੱਤਾ ਸੀ ਕਿ ਜੇ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਕਿਸੇ ਵੀ ਮੁਲਾਜ਼ਮ ਨੂੰ ਧਰਨੇ ਦੀ ਲੋੜ ਨਹੀਂ ਪਵੇਗੀ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਪਰ ਅੱਜ ਹਾਲਾਤ ਇਹ ਹਨ ਕਿ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ 'ਤੇ ਉਤਰਨ ਲਈ ਮਜਬੂਰ ਹੋ ਰਹੇ ਹਨ।
ਇਹ ਵੀ ਪੜ੍ਹੋ: 2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਉਨ੍ਹਾਂ ਕਿਹਾ ਕਿ ਉਹ ਪਿਛਲੇ 15 ਸਾਲਾਂ ਤੋਂ ਠੇਕੇਦਾਰੀ ਸਿਸਟਮ ਤਹਿਤ ਬਹੁਤ ਹੀ ਘੱਟ ਤਨਖ਼ਾਹ ’ਤੇ ਸੇਵਾਵਾਂ ਨਿਭਾਅ ਰਹੇ ਹਨ ਪਰ ਲਗਾਤਾਰ ਸਰਕਾਰਾਂ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਉਨ੍ਹਾਂ ਦਾ ਆਰਥਿਕ ਸ਼ੋਸ਼ਣ ਕੀਤਾ ਅਤੇ ਹੁਣ ਭਗਵੰਤ ਮਾਨ ਦੀ ਮੌਜੂਦਾ ਸਰਕਾਰ, ਜਿਸ ਤੋਂ ਉਨ੍ਹਾਂ ਨੂੰ ਬਹੁਤ ਉਮੀਦਾਂ ਸਨ, ਵੀ ਪਿਛਲੀਆਂ ਸਰਕਾਰਾਂ ਵਾਂਗ ਹੀ ਚੱਲ ਰਹੀ ਹੈ, ਜਿਸ ਕਾਰਨ ਠੇਕਾ ਮੁਲਾਜ਼ਮ ਵਰਗ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅੱਜ ਸਟੇਟ ਕਮੇਟੀ ਦੀ ਸਰਕਾਰ ਦੇ ਨਾਲ ਹੋਣ ਜਾ ਰਹੀ ਅਹਿਮ ਮੀਟਿੰਗ ਵਿਚ ਕੋਈ ਸਾਕਾਰਾਤਮਕ ਨਤੀਜਾ ਨਾ ਨਿਕਲਿਆ ਤਾਂ ਉਨ੍ਹਾਂ ਦੀ ਯੂਨੀਅਨ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ। ਇਸ ਮੌਕੇ ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਨੇਕ ਸਿੰਘ, ਲਛਮਣ ਸਿੰਘ, ਗੁਰਦੀਪ ਸਿੰਘ, ਰਜਿੰਦਰ ਸਿੰਘ, ਬਲਵਿੰਦਰ ਸਿੰਘ, ਜੋਗਾ ਸਿੰਘ, ਸੰਜੀਵ ਲੱਕੀ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ ਜਾਰੀ

ਕੀ ਹਨ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ
ਮੰਗਾਂ ਸਬੰਧੀ ਜਾਣਕਾਰੀ ਦਿੰਦੇ ਡਿਪੂ ਪ੍ਰਧਾਨ ਨਰਿੰਦਰ ਪੰਡੋਰੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਆਊਟਸੋਰਸ ਕਾਮਿਆਂ ਨੂੰ ਕੰਟਰੈਕਟ 'ਤੇ ਰੱਖਿਆ ਜਾਵੇ, ਸਾਰੇ ਕੰਟਰੈਕਟ ਵਾਲੇ ਕਾਮਿਆਂ ਨੂੰ ਪੰਜਾਬ ਰੋਡਵੇਜ਼ ਵਿਚ ਰੈਗੂਲਰ ਕੀਤਾ ਜਾਵੇ, ਸਾਥੀਆਂ ਵਿਰੁੱਧ ਦਰਜ ਪੁਲਿਸ ਕੇਸ ਰੱਦ ਕੀਤੇ ਜਾਣ, ਬਰਾਬਰ ਕੰਮ ਬਰਾਬਰ ਤਨਖ਼ਾਹ ਦਾ ਕਾਨੂੰਨ ਲਾਗੂ ਕੀਤਾ ਜਾਵੇ ਅਤੇ 10 ਹਜ਼ਾਰ ਨਵੀਆਂ ਬੱਸਾਂ ਰੋਡਵੇਜ਼ ਦੇ ਫਲੀਟ ਵਿਚ ਸ਼ਾਮਲ ਕੀਤੀਆਂ ਜਾਣ।
ਪ੍ਰਾਈਵੇਟ ਕੰਪਨੀ ਦੀਆਂ ਬੱਸਾਂ ਦੀ ਹੋਈ ਚਾਂਦੀ
ਅੱਜ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੰਟਰੈਕਟ ਮੁਲਾਜ਼ਮਾਂ ਵੱਲੋਂ ਬੱਸਾਂ ਦੇ ਚੱਕਾ ਜਾਮ ਕਰਨ ਕਾਰਨ ਪ੍ਰਾਈਵੇਟ ਕੰਪਨੀਆਂ ਦੀਆਂ ਬੱਸਾਂ ਦੀ ਚਾਂਦੀ ਰਹੀ। ਨਵਾਂਸ਼ਹਿਰ ਤੋਂ ਰੋਜ਼ਾਨਾ ਬਹਿਰਾਮ ਜਾਣ ਵਾਲੇ ਕੁਲਵੀਰ ਸਿੰਘ ਨੇ ਦੱਸਿਆ ਕਿ ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਜਿੱਥੇ ਨਿੱਜੀ ਕੰਪਨੀਆਂ ਦੀਆਂ ਬੱਸਾਂ ਦੀ ਚਾਂਦੀ ਰਹੀ, ਉੱਥੇ ਉਨ੍ਹਾਂ ਦੀ ਮਨਮਾਨੀ ਵੀ ਪੂਰੀ ਤਰ੍ਹਾਂ ਜਾਰੀ ਰਹੀ। ਉਸ ਨੇ ਦੱਸਿਆ ਕਿ ਨਿੱਜੀ ਕੰਪਨੀ ਦੇ ਕੰਡਕਟਰ ਜਲੰਧਰ ਜਾਣ ਵਾਲੀਆਂ ਸਵਾਰੀਆਂ ਹੀ ਚੁੱਕ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਬੱਸ ਲੈਣ ਲਈ ਕਾਫੀ ਸਮਾਂ ਉਡੀਕ ਕਰਨੀ ਪਈ। ਉਨ੍ਹਾਂ ਦੱਸਿਆ ਕਿ ਬੱਸ ਜਲੰਧਰ ਦੀਆਂ ਸਵਾਰੀਆਂ ਨਾਲ ਭਰੀ ਹੋਣ ਤੋਂ ਬਾਅਦ ਹੀ ਬੰਗਾ, ਬਹਿਰਾਮ ਆਦਿ ਹੋਰਨਾਂ ਸਟੇਸ਼ਨਾਂ ਨੂੰ ਜਾਣ ਵਾਲੇ ਲੋਕ ਸਵਾਰ ਹੋਏ, ਜਿਨ੍ਹਾਂ ਨੂੰ ਖੜ੍ਹੇ ਹੋ ਕੇ ਸਫਰ ਕਰਨਾ ਪਿਆ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਬਿਜਲੀ ਉਤਪਾਦਨ ਤੇ ਸਿੰਚਾਈ 'ਤੇ ਡੂੰਘਾ ਹੋ ਸਕਦੈ ਸੰਕਟ
ਪਨਬੱਸ ਮੁਲਾਜ਼ਮਾਂ ਦੀ ਹੜਤਾਲ ਕਾਰਨ ਯਾਤਰੀ ਹੋਏ ਖੱਜਲ-ਖੁਆਰ
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਠੇਕਾ ਮੁਲਾਜ਼ਮਾਂ ਵੱਲੋਂ ਬੱਸਾਂ ਦਾ ਚੱਕਾ ਜਾਮ ਕੀਤੇ ਜਾਣ ਕਾਰਨ ਮੁਸਾਫ਼ਰਾਂ ਨੂੰ ਆਪਣੀ ਮੰਜ਼ਿਲ ’ਤੇ ਪੁੱਜਣ ’ਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪਿਆ ਅਤੇ ਬੱਸ ਸੇਵਾ ਨਾ ਮਿਲਣ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਬੱਸ ਸਟੈਂਡ ’ਤੇ ਬੱਸ ਦੀ ਉਡੀਕ ਵਿਚ ਬੈਠੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਨੇ ਨਵਾਂਸ਼ਹਿਰ ਤੋਂ ਚੰਡੀਗੜ੍ਹ ਜਾਣਾ ਹੈ ਪਰ ਬੱਸਾਂ ਦੀ ਹੜਤਾਲ ਕਾਰਨ ਉਸ ਨੂੰ ਬੱਸ ਨਹੀਂ ਮਿਲ ਰਹੀ। ਜੇਕਰ ਕੁਝ ਰੋਡਵੇਜ਼ ਦੀਆਂ ਬੱਸਾਂ ਆ ਰਹੀਆਂ ਹਨ ਤਾਂ ਉਹ ਪਹਿਲਾਂ ਹੀ ਖਚਾਖਚ ਭਰੀਆਂ ਪਈਆਂ ਹਨ। ਕਈ ਹੋਰ ਯਾਤਰੀਆਂ ਨੂੰ ਵੀ ਇਸੇ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ: ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
NEXT STORY