ਹੁਸ਼ਿਆਰਪੁਰ, (ਘੁੰਮਣ)- ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋਡ਼ਾ ਨੇ ਕਿਹਾ ਕਿ ਸੂਬੇ ਵਿਚ ਘਰ-ਘਰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਇਸੇ ਵਚਨਬੱਧਤਾ ਸਦਕਾ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਯੋਜਨਾ ਸ਼ੁਰੂ ਕੀਤੀ ਗਈ ਹੈ। ਉਹ ਅੱਜ ਰਿਆਤ ਬਾਹਰਾ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ ਲਾਏ ਮੈਗਾ ਰੋਜ਼ਗਾਰ ਮੇਲੇ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਹਲਕਾ ਵਿਧਾਇਕ ਟਾਂਡਾ ਸੰਗਤ ਸਿੰਘ ਗਿਲਜੀਆਂ, ਹਲਕਾ ਵਿਧਾਇਕ ਸ਼ਾਮਚੁਰਾਸੀ ਤੇ ਜ਼ਿਲਾ ਪ੍ਰਧਾਨ ਕਾਂਗਰਸ ਪਵਨ ਕੁਮਾਰ ਆਦੀਆ, ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ, ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ, ਐੱਸ. ਐੱਸ. ਪੀ. ਜੇ. ਏਲੀਚੇਲਿਅਨ ਅਤੇ ਚੇਅਰਮੈਨ ਰਿਆਤ ਬਾਹਰਾ ਗਰੁੱਪ ਗੁਰਵਿੰਦਰ ਸਿੰਘ ਬਾਹਰਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਕੈਬਨਿਟ ਮੰਤਰੀ ਸ਼੍ਰੀ ਸੁੰਦਰ ਸ਼ਾਮ ਅਰੋਡ਼ਾ ਨੇ ਕਿਹਾ ਕਿ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਪੂਰੇ ਸੂਬੇ ਵਿਚ ਰੋਜ਼ਗਾਰ ਮੇਲੇ ਲਾਏ ਜਾ ਰਹੇ ਹਨ, ਤਾਂ ਜੋ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸੇ ਲਡ਼ੀ ਤਹਿਤ ਹੁਸ਼ਿਆਰਪੁਰ ਵਿਖੇ ਲਾਏ ਮੈਗਾ ਰੋਜ਼ਗਾਰ ਮੇਲੇ ਦੌਰਾਨ ਨੌਜਵਾਨਾਂ ਵੱਲੋਂ ਕੀਤੀ ਭਾਰੀ ਸ਼ਿਰਕਤ ਇਹ ਸਾਬਤ ਕਰਦੀ ਹੈ ਕਿ ਉਹ ਇਨ੍ਹਾਂ ਰੋਜ਼ਗਾਰ ਮੇਲਿਆਂ ਤੋਂ ਲਾਹਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜ਼ਨੈੱਸ ਫਸਟ ਪੋਰਟਲ ਉਦਯੋਗਿਕ ਖੇਤਰ ਨੂੰ ਮਜ਼ਬੂਤ ਕਰਨ ਲਈ ਚੁੱÎਕਿਆ ਸਰਕਾਰ ਦਾ ਇਕ ਨਿਵੇਕਲਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਉਦਯੋਗ ਬਾਹਰਲੇ ਰਾਜਾਂ ਵੱਲ ਜਾ ਰਹੇ ਸਨ, ਪਰ ਕਾਂਗਰਸ ਸਰਕਾਰ ਦੌਰਾਨ ਉਦਯੋਗਪਤੀ ਵੱਡੇ ਪੱਧਰ ’ਤੇ ਪੰਜਾਬ ਵਿਚ ਉਦਯੋਗ ਸਥਾਪਤ ਕਰਨ ਲਈ ਕਾਹਲੇ ਹਨ।
ਇਸ ਮੌਕੇ ਹਲਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ, ਹਲਕਾ ਵਿਧਾਇਕ ਪਵਨ ਕੁਮਾਰ ਆਦੀਆ ਅਤੇ ਹਲਕਾ ਵਿਧਾਇਕ ਡਾ. ਰਾਜ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਮੁਹੱਈਆ ਕਰਵਾਉਣ ਲਈ ਇਹ ਰੋਜ਼ਗਾਰ ਮੇਲੇ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਸੂਬਾ ਵਾਸੀਆਂ ਨਾਲ ਜੋ ਵਾਅਦੇ ਕੀਤੇ ਗਏ ਹਨ, ਉਨ੍ਹਾਂ ਨੂੰ ਬਾਖੂਬੀ ਨਿਭਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਮੈਗਾ ਰੋਜ਼ਗਾਰ ਮੇਲੇ ਵਿਚ ਹੁਸ਼ਿਆਰਪੁਰ ਤੋਂ ਇਲਾਵਾ ਦੇਸ਼ ਵਿਆਪੀ ਕਰੀਬ 62 ਨਾਮੀ ਕੰਪਨੀਆਂ ਵੱਲੋਂ ਯੋਗ ਨੌਜਵਾਨਾਂ ਦੀ ਇੰਟਰਵਿਊ ਲਈ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਪਨੀਆਂ ਵੱਲੋਂ ਯੋਗਤਾ ਮੁਤਾਬਕ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲੇ ਲਈ ਬਡ਼ੀ ਮਾਣ ਵਾਲੀ ਗੱਲ ਹੈ ਕਿ ਇਸ ਮੈਗਾ ਰੋਜ਼ਗਾਰ ਮੇਲੇ ਵਿਚ ਕਰੀਬ 4150 ਨੌਜਵਾਨਾਂ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਗਈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਭਾਰੀ ਗਿਣਤੀ ’ਚ ਨੌਜਵਾਨ ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਲਾਏ ਜਾ ਰਹੇ ਮੈਗਾ ਰੋਜ਼ਗਾਰ ਮੇਲਿਆਂ ਵਿਚ ਵਿਸ਼ਵਾਸ ਪ੍ਰਗਟਾਅ ਰਹੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੁਪਮ ਕਲੇਰ, ਐੱਸ.ਡੀ.ਐੱਮ. ਹੁਸ਼ਿਆਰਪੁਰ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਆਈ.ਏ.ਐੱਸ. (ਅੰਡਰ ਟਰੇਨਿੰਗ) ਗੌਤਮ ਜੈਨ, ਸਹਾਇਕ ਕਮਿਸ਼ਨਰ (ਜ) ਰਣਦੀਪ ਸਿੰਘ ਹੀਰ, ਵਧੀਕ ਸਹਾਇਕ ਕਮਿਸ਼ਨਰ ਅਮਿਤ ਸਰੀਨ, ਕੈਂਪਸ ਡਾਇਰੈਕਟਰ ਡਾ. ਚੰਦਰ ਮੋਹਨ, ਜ਼ਿਲਾ ਰੋਜ਼ਗਾਰ ਅਫ਼ਸਰ ਜਸਵੰਤ ਰਾਏ ਤੋਂ ਇਲਾਵਾ ਹੋਰ ਵੀ ਸ਼ਖਸੀਅਤਾਂ ਹਾਜ਼ਰ ਸਨ।
ਸ਼ਿਵ ਸੈਨਾ ਬਾਲ ਠਾਕਰੇ ਵੱਲੋਂ ਯੋਗੀ ਦਾ ਪੁਤਲਾ ਫੂਕ ਮੁਜ਼ਾਹਰਾ
NEXT STORY