ਜਲੰਧਰ (ਵਰੁਣ) : ਪੁਲਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ 50 ਗ੍ਰਾਮ ਹੈਰੋਇਨ ਸਮੇਤ ਇੱਕ ਅਪਰਾਧੀ ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸਿਟੀ ਪੁਲਸ ਵੱਲੋਂ ਨਸ਼ਾ ਤਸਕਰਾਂ ਨੂੰ ਫੜਨ ਲਈ ਵਿਸ਼ੇਸ਼ ਚੌਕਸੀ ਵਿੱਢੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਤਹਿਤ ਪੁਲਸ ਵੱਲੋਂ ਵਾਈ ਪੁਆਇੰਟ ਹਰਨਾਮ ਦਾਸ ਪੁਰਾ ਵਿਖੇ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇੱਕ ਵਿਅਕਤੀ ਉਨ੍ਹਾਂ ਵੱਲ ਆਉਂਦਾ ਦੇਖਿਆ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਨੌਜਵਾਨ ਤੇ ਸ਼ੱਕ ਹੋਣ ’ਤੇ ਪੁਲਸ ਪਾਰਟੀਆਂ ਨੇ ਉਨ੍ਹਾਂ ਨੂੰ ਰੁਕਣ ਲਈ ਕਿਹਾ।
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਉਕਤ ਨੌਜਵਾਨ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਿਸ ਦੌਰਾਨ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਪੁਲਸ ਪਾਰਟੀ ਨੇ ਕਾਰਵਾਈ ਕਰਦਿਆਂ ਉਕਤ ਵਿਅਕਤੀ ਜਿਸ ਦੀ ਪਛਾਣ ਗੁਰਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ 4722 ਵਾਰਡ ਨੰ 7 ਸ਼ੇਰਪੁਰ ਜੰਡਿਆਲਾ ਗੁਰੂ ਅੰਮ੍ਰਿਤਸਰ ਵਜੋਂ ਕੀਤੀ ਹੈ ਨੂੰ ਗ੍ਰਿਫ਼ਤਾਰ ਕਰ ਲਿਆ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਡਿਵੀਜ਼ਨ 2 ਜਲੰਧਰ ਵਿਖੇ ਮੁਕੱਦਮਾ ਨੰਬਰ 20 ਮਿਤੀ 25-02-2024 ਅਧੀਨ 21-61-85 ਐੱਨਡੀਪੀਐੱਸ ਐਕਟ ਦਰਜ ਕੀਤਾ ਗਿਆ ਹੈ।
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਅਜੇ ਤੱਕ ਦੋਸ਼ੀ ਦੇ ਕਿਸੇ ਵੀ ਅਪਰਾਧਿਕ ਪਿਛੋਕੜ ਦਾ ਪਤਾ ਨਹੀਂ ਲੱਗਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਕਮਿਸ਼ਨਰੇਟ ਪੁਲਸ ਸ਼ਹਿਰ ਵਿੱਚੋਂ ਨਸ਼ਿਆਂ ਦੇ ਸਰਾਪ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਪੁਲਸ ਵਲੋਂ ਮੋਬਾਇਲ ਫੋਨ ਅਤੇ ਸਿਮ ਵੇਚਣ ਅਤੇ ਖ਼ਰੀਦਣ ਸਮੇਂ ਸਖ਼ਤ ਹਦਾਇਤਾਂ ਜਾਰੀ
NEXT STORY