ਜਲੰਧਰ (ਪੁਨੀਤ)— ਪੰਜਾਬ ਰੋਡਵੇਜ਼ ਪਨਬੱਸ ਕਾਂਟ੍ਰੈਕਟਰ ਯੂਨੀਅਨ ਨੇ ਪੰਜਾਬ ਸਰਕਾਰ ਨੂੰ ਲੰਮੇ ਹੱਥੀਂ ਲੈਂਦੇ ਹੋਏ ਕਿਹਾ ਕਿ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਦੇ ਸਥਾਨ 'ਤੇ ਸਰਕਾਰ ਨੇ ਸੋਚੀ-ਸਮਝੀ ਸਾਜ਼ਿਸ਼ ਦੇ ਤਹਿਤ ਇਕ ਹਜ਼ਾਰ ਕੱਚੇ ਕਰਮਚਾਰੀ ਭਰਤੀ ਕਰਨ ਦੀ ਯੋਜਨਾ ਤਿਆਰ ਕੀਤੀ ਹੈ, ਜਿਸ ਨੂੰ ਕਿਸੇ ਸੂਰਤ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਕਾਰ ਨੇ ਜੇਕਰ ਤੁਰੰਤ ਇਸ ਫੈਸਲੇ ਨੂੰ ਵਾਪਸ ਲੈ ਕੇ ਮੌਜੂਦਾ ਕੱਚੇ ਕਰਮਚਾਰੀਆਂ ਨੂੰ ਪੱਕਾ ਨਹੀਂ ਕੀਤਾ ਤਾਂ 9 ਜੁਲਾਈ ਨੂੰ ਮੀਟਿੰਗ ਤੋਂ ਬਾਅਦ ਅਣਮਿੱਥੇ ਸਮੇਂ ਦੀ ਹੜਤਾਲ ਕਰ ਕੇ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ, ਜਿਸ ਲਈ ਸਰਕਾਰ ਦੀਆਂ ਨੀਤੀਆਂ ਜ਼ਿੰਮੇਵਾਰ ਹੋਣਗੀਆਂ।
ਬੁਲਾਰਿਆਂ ਨੇ ਕਿਹਾ ਕਿ ਪਿਛਲੇ ਦਿਨੀਂ ਯੂਨੀਅਨ ਵੱਲੋਂ ਸੂਬਾ ਪੱਧਰੀ ਹੜਤਾਲ ਸ਼ੁਰੂ ਕੀਤੀ ਗਈ ਸੀ, ਜਿਸ ਤੋਂ ਬਾਅਦ ਦੋ ਦਿਨ ਤੱਕ ਪਨਬੱਸ ਦੀਆਂ ਬੱਸਾਂ ਦਾ ਚੱਕਾ ਜਾਮ ਰਿਹਾ ਅਤੇ ਸਰਕਾਰ ਨੇ ਮੰਗਾਂ ਮੰਨਣ ਦਾ ਭਰੋਸਾ ਦਿੰਦੇ ਹੋਏ 9 ਜੁਲਾਈ ਨੂੰ ਮੀਟਿੰਗ ਬੁਲਾਈ ਹੈ। ਉਨ੍ਹਾਂ ਨੇ ਕਿਹਾ ਕਿ ਮੀਟਿੰਗ ਤੋਂ ਪਹਿਲਾਂ ਹੀ ਸਰਕਾਰ ਨੇ ਸਾਜ਼ਿਸ਼ ਦੇ ਤਹਿਤ 500 ਕਾਂਟ੍ਰੈਕਟਰ ਅਤੇ 500 ਡਰਾਈਵਰਾਂ ਨੂੰ ਆਊਟਸੋਰਸਿੰਗ (ਠੇਕਾ) 'ਤੇ ਰੱਖਣ ਦਾ ਕੰਮ ਸ਼ੁਰੂ ਕੀਤਾ ਹੈ। ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਅਗਵਾਈ 'ਚ ਹੋਈ ਮੀਟਿੰਗ 'ਚ ਬੁਲਾਰਿਆਂ ਨੇ ਕਿਹਾ ਕਿ ਇਕ ਪ੍ਰਾਈਵੇਟ ਸਕਿਓਰਿਟੀ ਸਰਵਿਸ ਨਾਲ ਮਿਲੀਭੁਗਤ ਕਰ ਕੇ ਉਕਤ ਭਰਤੀ ਕੀਤੀ ਜਾ ਰਹੀ ਹੈ।
ਬੁਲਾਰਿਆਂ ਨੇ ਕਿਹਾ ਕਿ ਸਰਕਾਰ ਨੇ ਕੈਬਨਿਟ ਮੀਟਿੰਗ 'ਚ ਠੇਕੇ 'ਤੇ ਭਰਤੀ ਦੀ ਰੋਕ ਲਾਈ ਸੀ। ਹੁਣ ਸਰਕਾਰ ਆਪਣੇ ਹੀ ਵਾਅਦੇ ਤੋਂ ਮੁੱਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਚੋਣਾਂ ਦੌਰਾਨ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਗੱਲ ਕਹੀ ਸੀ ਪਰ ਹੁਣ ਸਾਜ਼ਿਸ਼ ਰਚ ਕੇ ਕਰਮਚਾਰੀਆਂ ਨਾਲ ਧੋਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਠੇਕੇ 'ਤੇ ਰੱਖੇ ਗਏ ਕਰਮਚਾਰੀਆਂ ਨੂੰ ਤੁਰੰਤ ਪੱਕਾ ਨਹੀਂ ਕੀਤਾ ਗਿਆ ਤਾਂ 9 ਜੁਲਾਈ ਤੋਂ ਬਾਅਦ ਅਣਮਿੱਥੇ ਸਮੇਂ ਦੀ ਹੜਤਾਲ ਕਰਦੇ ਹੋਏ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਇਸ ਦੌਰਾਨ ਹੋਣ ਵਾਲੇ ਕਿਸੇ ਵੀ ਜਾਨੀ-ਮਾਲੀ ਨੁਕਸਾਨ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ।
ਸਿਵਲ ਹਸਪਤਾਲ ਪ੍ਰਸ਼ਾਸਨ ਕੋਲ ਏ. ਸੀ. ਸਰਵਿਸ ਕਰਵਾਉਣ ਤੱਕ ਦੇ ਪੈਸੇ ਨਹੀਂ?
NEXT STORY