ਫਗਵਾੜਾ (ਜਲੋਟਾ)— ਪੰਜਾਬ ਦੇ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਐਲਾਨ ਕੀਤਾ ਕਿ ਸੂਬੇ ਵਿਚ ਗੈਰ ਕਾਨੂੰਨੀ ਇਮਾਰਤਾਂ ਅਤੇ ਕਾਲੋਨੀਆਂ ਦੇ ਖਿਲਾਫ ਕਾਰਵਾਈ ਜਾਰੀ ਰਹੇਗੀ ਕਿਉਂਕਿ ਇਹ ਕਾਰਵਾਈ ਕਾਲੋਨੀਆਂ ਦੇ ਖਿਲਾਫ ਹੈ, ਲੋਕਾਂ ਦੇ ਨਹੀਂ। ਇਥੇ ਬਹੁਮੰਜ਼ਿਲੀ ਪਾਰਕਿੰਗ ਅਤੇ ਆਡੀਟੋਰੀਅਮ ਦਾ ਲੋਕ ਅਰਪਣ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਭ੍ਰਿਸ਼ਟ ਅਫਸਰਾਂ ਅਤੇ ਬਿਲਡਰਾਂ ਨੂੰ ਨਕੇਲ ਪਾਉਣਾ ਹੈ, ਜਿਨ੍ਹਾਂ ਨੇ ਸਰਕਾਰ ਦੇ ਟੈਕਸ ਦੀ ਚੋਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਜਾਇਦਾਦ ਕਿਸੇ ਨੂੰ ਵੀ ਹੜੱਪਣ ਨਹੀਂ ਦੇਵਾਂਗਾ। ਇਸ ਕਾਰਵਾਈ ਨਾਲ ਵੱਡੀਆਂ ਮੱਛੀਆਂ ਨੂੰ ਠੱਲ੍ਹ ਪਾਈ ਜਾਵੇਗੀ ਅਤੇ ਆਮ ਲੋਕਾਂ ਦਾ ਫਾਇਦਾ ਹੋਵੇਗਾ। ਇਹ ਲੋਕ ਕਿਸੇ ਵੀ ਕੀਮਤ 'ਤੇ ਬਖਸ਼ੇ ਨਹੀਂ ਜਾਣਗੇ ਅਤੇ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ 2019 ਦੇ 'ਚ ਹੋਣ ਵਾਲੀਆਂ ਆਮ ਚੋਣਾਂ ਤੋਂ ਉਪਰੰਤ ਕਾਂਗਰਸ ਪਾਰਟੀ ਕੇਂਦਰ 'ਚ ਆਪਣੀ ਸਰਕਾਰ ਬਣਾਏਗੀ ਅਤੇ ਰਾਹੁਲ ਗਾਂਧੀ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ। ਦੇਸ਼ ਦੀ ਜਨਤਾ ਬੇਸਬਰੀ ਨਾਲ ਰਾਹੁਲ ਗਾਂਧੀ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਉਣ ਲਈ ਚਾਹਵਾਨ ਹੈ। ਇਸ ਤੋਂ ਪਹਿਲਾਂ ਸਮਾਗਮ 'ਚ ਬੋਲਦਿਆਂ ਸਿੱਧੂ ਨੇ ਫਗਵਾੜਾ ਸ਼ਹਿਰ ਦੇ ਸੀਵਰੇਜ ਪ੍ਰਣਾਲੀ ਲਈ 25 ਕਰੋੜ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਸਿਰਫ ਹਾਲੇ ਸ਼ੁਰੂਆਤ ਹੈ ਅਤੇ ਆਉਣ ਵਾਲੇ ਦਿਨਾਂ 'ਚ ਵੱਡੀ ਤਦਾਦ ਵਿਚ ਫੰਡ ਸ਼ਹਿਰ ਦੇ ਵਿਕਾਸ ਲਈ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਫਗਵਾੜਾ ਸ਼ਹਿਰ ਨੂੰ ਇਕ ਮਾਡਲ ਸ਼ਹਿਰ ਵਜੋਂ ਵਿਕਸਿਤ ਕੀਤਾ ਜਾਵੇਗਾ ਅਤੇ ਇਸ ਸਬੰਧ 'ਚ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ। ਇਸ ਦੌਰਾਨ ਪੰਜਾਬ ਦੇ ਸਾਬਕਾ ਮੰਤਰੀ ਅਤੇ ਜ਼ਿਲਾ ਕਾਂਗਰਸ ਕਮੇਟੀ ਕਪੂਰਥਲਾ ਦੇ ਪ੍ਰਧਾਨ ਜੋਗਿੰਦਰ ਸਿੰਘ ਮਾਨ ਨੇ ਸ. ਸਿੱਧੂ ਤੋਂ ਸ਼ਹਿਰ ਦੇ ਸਮੁੱਚੇ ਵਿਕਾਸ ਲਈ 600 ਕਰੋੜ ਰੁਪਏ ਦੀ ਮੰਗ ਕੀਤੀ।
ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਕਰਨੇਸ਼ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਬਬੀਤਾ ਕਲੇਰ, ਨਗਰ ਨਿਗਮ ਫਗਵਾੜਾ ਦੇ ਕਮਿਸ਼ਨਰ ਬਖਤਾਵਰ ਸਿੰਘ, ਸੰਨੀ ਬਾਂਸਲ ਅਤੇ ਹੋਰ ਵੀ ਹਾਜ਼ਰ ਸਨ। ਸਮਾਗਮ ਦੌਰਾਨ ਪ੍ਰਸਿੱਧ ਸੂਫੀ ਗਾਇਕ ਜੋਤੀ ਨੂਰਾਂ ਨੂੰ ਧੀ ਪੰਜਾਬ ਦੀ, ਪ੍ਰਸਿੱਧ ਗਾਇਕ ਪੰਮੀ ਬਾਈ ਨੂੰ ਮਾਨ ਪੰਜਾਬ ਦਾ ਅਤੇ ਗਾਇਕਾ ਚੰਨ ਕੌਰ ਨੂੰ ਵਿਸ਼ੇਸ਼ ਸਨਮਾਨ ਨਾਲ ਸਨਮਾਨਤ ਕੀਤਾ ਗਿਆ।
ਵਿਧਾਇਕ ਰਿੰਕੂ ਦੀ ਨਾਰਾਜ਼ਗੀ 'ਤੇ ਬੋਲੇ ਸਿੱਧੂ, ਕਿਹਾ-ਮਨਾ ਲਵਾਂਗੇ (ਵੀਡੀਓ)
NEXT STORY