ਜੈਤੋ, (ਰਘੂਨੰਦਨ ਪਰਾਸ਼ਰ)- ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੈਨੇਡਾ ਵਿੱਚ ਦੁਖਦਾਈ ਘਟਨਾ ਵਿੱਚ ਜਾਨ ਗੁਆਉਣ ਵਾਲੀ ਖਡੂਰ ਸਾਹਿਬ ਦੇ ਧੁੰਦਾ ਪਿੰਡ ਦੀ 21 ਸਾਲਾ ਵਿਦਿਆਰਥਣ ਹਰਸਿਮਰਤ ਕੌਰ ਰੰਧਾਵਾ ਦੇ ਪਰਿਵਾਰ ਨਾਲ ਡੂੰਘਾ ਦੁੱਖ ਸਾਂਝਾ ਕੀਤਾ ਹੈ।
ਹਰਸਿਮਰਤ ਕੌਰ, ਜੋ ਕਿ ਮੋਹਾਕ ਕਾਲਜ, ਹੈਮਿਲਟਨ, ਓਨਟਾਰੀਓ ਦੀ ਵਿਦਿਆਰਥਣ ਸੀ, ਨੂੰ ਕੰਮ 'ਤੇ ਜਾਂਦੇ ਸਮੇਂ ਬੱਸ ਸਟਾਪ 'ਤੇ ਉਡੀਕ ਕਰਦੇ ਸਮੇਂ ਇੱਕ ਅਣਪਛਾਤੇ ਹਮਲਾਵਰ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ।
ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਇਸ ਮੰਦਭਾਗੀ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਸ ਘਟਨਾ ਨੇ ਸਮੁੱਚੇ ਇਲਾਕੇ ਨੂੰ ਸੋਗ ਵਿੱਚ ਡੋਬ ਦਿੱਤਾ ਹੈ। ਉਨ੍ਹਾਂ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਇੱਕ ਪੱਤਰ ਲਿਖ ਕੇ ਹਰਸਿਮਰਤ ਕੌਰ ਰੰਧਾਵਾ ਦੀ ਮ੍ਰਿਤਕ ਦੇਹ ਨੂੰ ਤੁਰੰਤ ਭਾਰਤ ਵਾਪਸ ਲਿਆਉਣ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਦੀ ਇੱਛਾ ਹੈ ਕਿ ਉਹ ਆਪਣੀ ਲੜਕੀ ਹਰਸਿਮਰਤ ਦਾ ਅੰਤਿਮ ਸੰਸਕਾਰ ਆਪਣੇ ਜੱਦੀ ਪਿੰਡ ਧੁੰਦਾਂ, ਖਡੂਰ ਸਾਹਿਬ ਵਿਖੇ ਆਪਣੀਆਂ ਪਰੰਪਰਾਵਾਂ ਅਨੁਸਾਰ ਕਰਨਾ ਚਾਹੁੰਦੇ ਹਨ।

ਬ੍ਰਹਮਪੁਰਾ ਨੇ ਆਪਣੇ ਪੱਤਰ ਵਿੱਚ ਵਿਦੇਸ਼ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਉਹ ਕੈਨੇਡਾ ਦੇ ਸੰਬੰਧਿਤ ਅਧਿਕਾਰੀਆਂ ਨਾਲ ਸੰਪਰਕ ਕਰਕੇ ਹਰਸਿਮਰਤ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਫੌਰੀ ਤੌਰ 'ਤੇ ਕਾਰਵਾਈ ਕਰਨ ਅਤੇ ਉਨ੍ਹਾਂ ਨੇ ਇਹ ਵੀ ਪੁਰਜ਼ੋਰ ਮੰਗ ਕੀਤੀ ਹੈ ਕਿ ਭਾਰਤ ਸਰਕਾਰ ਕੈਨੇਡਾ ਸਰਕਾਰ ਨਾਲ ਇਸ ਮਾਮਲੇ ਨੂੰ ਉੱਚ ਪੱਧਰ 'ਤੇ ਚੁੱਕੇ, ਤਾਂ ਜੋ ਇਸ ਭਿਆਨਕ ਜੁਰਮ ਦੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਸਜ਼ਾ ਮਿਲ ਸਕੇ।
ਬ੍ਰਹਮਪੁਰਾ ਨੇ ਪਰਿਵਾਰ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਸਮਾਂ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਅਤੇ ਹਰਸਿਮਰਤ ਦੇ ਪਾਰਥਿਵ ਸਰੀਰ ਨੂੰ ਵਾਪਸ ਲਿਆਉਣ ਵਿੱਚ ਮਦਦ ਕਰਨ ਦੀ ਮੰਗ ਕੀਤੀ।ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਵਿਦੇਸ਼ ਮੰਤਰੀ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਗੇ ਅਤੇ ਨੌਜਵਾਨ ਵਿਦਿਆਰਥਣ ਲਈ ਇਨਸਾਫ਼ ਨੂੰ ਯਕੀਨੀ ਬਣਾਉਣਗੇ।
ਪੰਜਾਬ 'ਚ ਵੱਡਾ ਕਾਂਡ, ਰੰਜਿਸ਼ ਕਾਰਨ ਪਿਓ-ਪੁੱਤ ਦਾ ਗੋਲੀਆਂ ਮਾਰ ਕੇ ਕਤਲ
NEXT STORY