ਸ੍ਰੀ ਮੁਕਤਸਰ ਸਾਹਿਬ (ਤਨੇਜਾ, ਖੁਰਾਣਾ) : ਮੁਕਤਸਰ ਦੇ 40 (ਮੁਕਤਿਆਂ) ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਵਲੋਂ ਬੁੱਢਾ ਦਲ ਨੂੰ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਣੀ ਬੁੱਢਾ ਦਲ ਨੇੜੇ ਗੁਰਦੁਆਰਾ ਤੰਬੂ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਮਹੱਲੇ ਦੀ ਆਰੰਭਤਾ ਹੋਈ।

ਇਸ ਤੋਂ ਪਹਿਲਾਂ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਣੀ ਬੁੱਢਾ ਦਲ ਨੇੜੇ ਗੁਰਦੁਆਰਾ ਤੰਬੂ ਸਾਹਿਬ ਵਿਖੇ ਅਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਂਦੀ ਮਰਿਆਦਾ ਅਨੁਸਾਰ ਪਾਏ ਗਏ। ਇਸ ਮੌਕੇ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਮਨਾਈ ਜਾ ਰਹੀ ਹੈ, ਜਿਸ ਦੇ ਪ੍ਰੋਗਰਾਮਾਂ ਮਨੋਰਥਾਂ ਬਾਰੇ ਉਨ੍ਹਾਂ ਨੇ ਸੰਗਤ ਨਾਲ ਸਾਂਝ ਪਾਈ।

ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਇਹ ਮੁਕਤਸਰ ਸਾਹਿਬ ਦਾ ਜੋੜ ਮੇਲਾ ਭੁੱਲਾਂ ਬਖਸ਼ਾਉਣ ਵਾਲਾ ਤੇ ਗੁਰੂ ਦੇ ਨੇੜੇ ਹੋਣ ਦਾ ਵਿਸ਼ੇਸ਼ ਦਿਹਾੜਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸੰਘਰਸ਼ ਪੂਰਨ ਅਤੇ ਸ਼ਾਨਾਮਤਾ ਹੈ। ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਗੁਰੂ ਦੀਆਂ ਲਾਡਲੀਆਂ ਫੌਜਾਂ ਦਾ ਮਹੱਲਾ ਖਾਲਸਾਈ ਜੈਕਾਰਿਆਂ ਨਾਲ ਆਰੰਭ ਹੋ ਕੇ ਗੁਰਦੁਆਰਾ ਤੰਬੂ ਸਾਹਿਬ ਤੋਂ ਬਾਜ਼ਾਰ ਰਾਹੀਂ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਖੁਲ੍ਹੇ ਮੈਦਾਨ ਵਿੱਚ ਵਾਜਿਆਂ, ਗਾਜਿਆਂ ਸਮੇਤ ਪੁੱਜਾ। ਉਪਰੰਤ ਘੋੜ ਦੌੜਾਂ ਹੋਈਆਂ।

ਨਿਹੰਗ ਸਿੰਘ ਇਕ ਤੋਂ ਦੋ, ਦੋ ਤੋਂ ਚਾਰ ਅਤੇ ਚਾਰ ਤੋਂ ਛੇ, ਛੇ ਘੋੜਿਆਂ ਤੇ ਖਲੋ ਕੇ ਨਿਹੰਗ ਸਿੰਘਾਂ ਨੇ ਘੋੜਿਆਂ ਨੂੰ ਦੌੜਾਇਆ ਅਤੇ ਵੱਧ ਤੋਂ ਵੱਧ ਕਿੱਲੇ ਪੁੱਟ ਕੇ ਇਨਾਮ ਪ੍ਰਾਪਤ ਕੀਤੇ ਤੇ ਗਤਕੇ ਦੇ ਜੌਹਰ ਵਿਖਾਏ। ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਜਥੇਦਾਰ ਪੰਜਵਾਂ ਤਖ਼ਤ ਤੋਂ ਇਲਾਵਾ ਬਾਬਾ ਮੇਜਰ ਸਿੰਘ ਸੋਢੀ ਦਸ਼ਮੇਸ਼ ਤਰਨਾ ਦਲ, ਜਥੇਦਾਰ ਬਾਬਾ ਬਲਦੇਵ ਸਿੰਘ ਤਰਨਾ ਦਲ ਵੱਲਾ ਆਦਿ ਹਾਜ਼ਰ ਸਨ।
ਫਰੀਦਕੋਟ ਦੀ ਮਾਰਡਨ ਜੇਲ੍ਹ 'ਚੋਂ ਬਰਾਮਦ ਹੋਏ 10 ਮੋਬਾਇਲ, ਜੇਲ੍ਹ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
NEXT STORY