ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ): ਸੁਨਾਮ ਵਿਖੇ ਕੈਬਨਿਟ ਮੰਤਰੀ ਅਤੇ ਆਪ ਦੇ ਸੂਬਾ ਪ੍ਰਧਾਨ ਦੀ ਰਿਹਾਇਸ਼ ਅੱਗੇ ਕੀਤੇ ਜਾਣ ਵਾਲੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਨੂੰ ਨਾਕਾਮ ਕਰਨ ਲਈ ਪੁਲਸ ਵੱਲੋਂ ਤੜਕੇ ਹੀ ਕਈ ਮੁੱਖ ਅਧਿਆਪਕ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ, ਜਿਸ ਤੋਂ ਬਾਅਦ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਨੇ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਐਸੋਸੀਏਸ਼ਨ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਸਰਕਾਰ ਅਧਿਆਪਕਾਂ ਦੇ ਸਬਰ ਨੂੰ ਪਰਖ ਰਹੀ ਹੈ, ਜਿਸ ਦਾ ਨਤੀਜਾ ਜਲਦ ਹੀ ਸੰਗਰੂਰ ਦੀ ਧਰਤੀ 'ਤੇ ਵੇਖਣ ਨੂੰ ਮਿਲੇਗਾ।
ਐਸੋਸੀਏਸ਼ਨ ਦੇ ਆਗੂਆਂ ਲਖਵਿੰਦਰ ਸਿੰਘ ਫ਼ਿਰੋਜ਼ਪੁਰ, ਜਸਪਾਲ ਫ਼ਤਹਿਗੜ੍ਹ ਸਾਹਿਬ, ਹਰਚਰਨ ਸਿੰਘ, ਜਤਿੰਦਰ ਸਿੰਘ ਸੋਢੀ, ਦਵਿੰਦਰ ਪਾਠਕ, ਰਾਕੇਸ਼ ਸੈਣੀ ਅਤੇ ਊਧਮ ਸਿੰਘ ਡੋਗਰਾ ਨੇ ਦੱਸਿਆ ਕਿ ਸੂਬਾਈ ਆਗੂ ਪ੍ਰਦੀਪ ਕੁਮਾਰ ਮਲੂਕਾ, ਜੋਨੀ ਸਿੰਗਲਾ, ਪਰਮਵੀਰ ਸਿੰਘ ਪੰਮੀ ਸਮੇਤ ਕਈ ਆਗੂਆਂ ਨੂੰ ਸਵੇਰੇ ਤੜਕੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ, ਤਾਂ ਜੋ ਉਹ ਸੁਨਾਮ ਵਿਖੇ ਹੋਣ ਵਾਲੇ ਪ੍ਰਦਰਸ਼ਨ ਵਿਚ ਸ਼ਾਮਲ ਨਾ ਹੋ ਸਕਣ। ਯੂਨੀਅਨ ਨੇ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਇਹ ਲੋਕਤੰਤਰੀ ਢੰਗ ਨਾਲ ਆਪਣੀਆਂ ਹੱਕੀ ਮੰਗਾਂ ਉਠਾਉਣ ਦੇ ਅਧਿਕਾਰ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਸ਼ਾਂਤਮਈ ਰੋਸ ਪ੍ਰਦਰਸ਼ਨ ਨੂੰ ਰੋਕਣ ਲਈ ਪੁਲਿਸ ਦੀ ਵਰਤੋਂ ਕਰਨਾ ਸਰਕਾਰ ਦੀ ਦਮਨਕਾਰੀ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬੇ ਭਰ ਦੇ ਕੰਪਿਊਟਰ ਅਧਿਆਪਕ ਚੁੱਪ ਬੈਠਣ ਵਾਲੇ ਨਹੀਂ ਹਨ ਅਤੇ ਜਲਦ ਹੀ ਸੰਗਰੂਰ ਵਿਖੇ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।
ਆਗੂਆਂ ਨੇ ਦੱਸਿਆ ਕਿ 1 ਜੁਲਾਈ 2011 ਨੂੰ ਤਤਕਾਲੀਨ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪਿਕਟਸ ਸੁਸਾਇਟੀ ਅਧੀਨ ਰੈਗੂਲਰ ਕੀਤਾ ਗਿਆ ਸੀ, ਪਰ 15 ਸਾਲ ਬੀਤ ਜਾਣ ਦੇ ਬਾਵਜੂਦ ਵੀ ਉਨ੍ਹਾਂ ਦੇ ਬਣਦੇ ਹੱਕ ਅਤੇ ਲਾਭ ਬਹਾਲ ਨਹੀਂ ਕੀਤੇ ਗਏ। 2022 ਦੀਆਂ ਚੋਣਾਂ ਵੇਲੇ ਸੂਬੇ ਦੇ ਮੁੱਖ ਮੰਤਰੀ , ਆਪ ਕਨਵੀਨਰ , ਵਿੱਤ ਮੰਤਰੀ ਅਤੇ ਵੱਲੋਂ ਦਿੱਤੇ ਗਏ ਭਰੋਸੇ ਮਹਿਜ਼ 'ਚੋਣ ਜੁਮਲਾ' ਸਾਬਤ ਹੋਏ ਹਨ। ਇੱਥੋਂ ਤੱਕ ਕਿ ਸਿੱਖਿਆ ਮੰਤਰੀ ਵੱਲੋਂ ਕੀਤੇ ਗਏ ਐਲਾਨ ਵੀ ਹਕੀਕਤ ਵਿੱਚ ਨਹੀਂ ਬਦਲ ਸਕੇ।
ਅਧਿਆਪਕਾਂ ਦੀਆਂ ਮੁੱਖ ਮੰਗਾਂ ਵਿੱਚ ਪੇ-ਸਕੇਲ, ਸੀਨੀਅਰਤਾ, ਤਰੱਕੀਆਂ, 6ਵਾਂ ਪੇ-ਕਮਿਸ਼ਨ ਲਾਗੂ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ ਅਤੇ ਮ੍ਰਿਤਕ ਅਧਿਆਪਕਾਂ ਦੇ ਵਾਰਸਾਂ ਨੂੰ ਨੌਕਰੀ ਦੇਣਾ ਸ਼ਾਮਲ ਹੈ। ਯੂਨੀਅਨ ਨੇ ਸਪੱਸ਼ਟ ਕੀਤਾ ਕਿ ਅਜਿਹੀਆਂ ਗ੍ਰਿਫ਼ਤਾਰੀਆਂ ਨਾਲ ਅਧਿਆਪਕਾਂ ਦਾ ਸੰਘਰਸ਼ ਰੁਕਣ ਵਾਲਾ ਨਹੀਂ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਕੰਪਿਊਟਰ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਜਲਦ ਨਿਪਟਾਰਾ ਕਰਨ ਦੀ ਮੰਗ ਕੀਤੀ ਹੈ।
ਹੈਰੋਇਨ ਲੈ ਕੇ ਜਾਂਦੇ ਵਿਅਕਤੀ ਨੂੰ ਪੁਲਸ ਨੇ ਕੀਤਾ ਕਾਬੂ
NEXT STORY