ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਰਜਨੀਸ਼ ਦਹੀਆ ਨਾਲ ਸਿੱਧੀ ਟੱਕਰ ਲੈਂਦਿਆਂ ਆਪਣੀ ਪਤਨੀ ਨੂੰ ਬਜੀਦਪੁਰ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜਾਉਣ ਵਾਲੇ ਗੁਰਪ੍ਰੀਤ ਸਿੰਘ ਸੇਖੋਂ ਨੂੰ ਫਿਰੋਜ਼ਪੁਰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰੀ ਤੋਂ ਪਹਿਲਾਂ ਗੁਰਪ੍ਰੀਤ ਸੇਖੋਂ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਦੋਸ਼ ਲਗਾਇਆ ਕਿ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਸੱਤਾਧਾਰੀਆਂ ਵੱਲੋਂ ਘਟੀਆ ਹੱਥਕੰਡੇ ਵਰਤੇ ਜਾ ਰਹੇ ਹਨ ਅਤੇ ਪੁਲਸ ਅਫ਼ਸਰਾਂ ਵੱਲੋਂ ਉਸਨੂੰ ਥਾਣੇ ਆਉਣ ਲਈ ਕਿਹਾ ਜਾ ਰਿਹਾ ਹੈ। ਗੁਰਪ੍ਰੀਤ ਸੇਖੋਂ ਨੇ ਕਿਹਾ ਕਿ ਸੱਤਾਧਾਰੀ ਉਸਦੀ ਮਜ਼ਬੂਤ ਸਥਿਤੀ ਨੂੰ ਦੇਖ ਕੇ ਬੌਖਲਾ ਗਏ ਹਨ।
ਜਾਣਕਾਰੀ ਅਨੁਸਾਰ ਐੱਸ. ਡੀ. ਐੱਮ. ਵੱਲੋਂ ਗੁਰਪ੍ਰੀਤ ਸੇਖੋਂ ਨੂੰ ਜੇਲ੍ਹ 'ਚ ਭੇਜਣ ਦੇ ਹੁਕਮ ਦਿੱਤੇ ਗਏ ਹਨ। ਦੂਸਰੇ ਪਾਸੇ ਗੁਰਪ੍ਰੀਤ ਸਿੰਘ ਸੇਖੋਂ ਦੀ ਗ੍ਰਿਫ਼ਤਾਰੀ ਦੇ ਰੋਸ ਵਿੱਚ ਭਾਰੀ ਗਿਣਤੀ ਵਿੱਚ ਲੋਕ ਬਜੀਦਪੁਰ ਵਿੱਚ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਗੁਰਪ੍ਰੀਤ ਸੇਖੋਂ ਦੇ ਵਕੀਲ ਐਡਵੋਕੇਟ ਅਰਸ਼ਦੀਪ ਰੰਧਾਵਾ ਅਤੇ ਫਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਦੇ ਸਾਬਕਾ ਅਕਾਲੀ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਗੁਰਪ੍ਰੀਤ ਸੇਖੋਂ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਅਤੇ ਲੋਕਤੰਤਰ ਦੀ ਹੱਤਿਆ ਦੱਸਦਿਆਂ ਕਿਹਾ ਕਿ ਜੇਕਰ ਗੁਰਪ੍ਰੀਤ ਨੂੰ ਤੁਰੰਤ ਰਿਹਾਅ ਨਾ ਕੀਤਾ ਗਿਆ ਤਾਂ ਲੋਕਾਂ ਵੱਲੋਂ ਵੱਡੇ ਪੱਧਰ 'ਤੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਗੁਰਪ੍ਰੀਤ ਸੇਖੋਂ ਦੀਆਂ ਛੋਟੀਆਂ-ਛੋਟੀਆਂ ਬੇਟੀਆਂ ਵੱਲੋਂ ਵੀ ਪੁਲਸ ਅਧਿਕਾਰੀਆਂ ਪਾਸੋਂ ਗੁਰਪ੍ਰੀਤ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਗਰੀਬ ਪਰਿਵਾਰ ਦੇ ਘਰ ਨੂੰ ਲੱਗੀ ਅੱਗ, ਸਾਰਾ ਘਰੇਲੂ ਸਮਾਨ ਸੜ ਕੇ ਸੁਆਹ
NEXT STORY