ਫਿਰੋਜ਼ਪੁਰ (ਕੁਮਾਰ) : ਪਿਛਲੇ ਕਾਫ਼ੀ ਸਮੇਂ ਤੋਂ ਸ਼ਰਾਰਤੀ ਅਨਸਰਾਂ ਵੱਲੋਂ ਬਾਹਰੋਂ ਫਿਰੋਜ਼ਪੁਰ ਜੇਲ੍ਹ ਦੇ ਅੰਦਰ ਪੈਕਟਾਂ ਵਿਚ ਟੇਪ ਨਾਲ ਲਪੇਟ ਕੇ ਮੋਬਾਈਲ ਅਤੇ ਨਸ਼ੀਲੇ ਪਦਾਰਥ ਸੁੱਟੇ ਜਾ ਰਹੇ ਹਨ ਅਤੇ ਸਮੇਂ-ਸਮੇਂ ’ਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਅਜਿਹੇ ਪੈਕਟ ਕਬਜ਼ੇ ਵਿਚ ਲੈ ਕੇ ਸ਼ਰਾਰਤੀ ਅਨਸਰਾਂ ਖ਼ਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਇਕ ਵਾਰ ਫਿਰ ਜੇਲ੍ਹ ਸੁਪਰਡੈਂਟ ਸਤਨਾਮ ਸਿੰਘ ਅਤੇ ਡਿਪਟੀ ਸੁਪਰਡੈਂਟ ਅਰਪਨਜੋਤ ਸਿੰਘ ਦੀ ਅਗਵਾਈ ਹੇਠ ਜੇਲ੍ਹ ਪ੍ਰਸ਼ਾਸਨ ਨੇ ਸ਼ਰਾਰਤੀ ਅਨਸਰਾਂ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਸ਼ਰਾਰਤੀ ਅਨਸਰਾਂ ਨੇ ਫਿਰ ਤੋਂ ਪੈਕਟਾਂ ਵਿਚ ਬੰਦ ਕਰਕੇ ਮੋਬਾਈਲ ਸੁੱਟੇ ਹਨ ਅਤੇ ਜੇਲ੍ਹ ਪ੍ਰਸ਼ਾਸਨ ਵੱਲੋਂ 18 ਹੋਰ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਇਸ ਬਰਾਮਦਗੀ ਸਬੰਧੀ ਜੇਲ੍ਹ ਅਧਿਕਾਰੀਆਂ ਵੱਲੋਂ ਭੇਜੀ ਗਈ ਲਿਖਤੀ ਜਾਣਕਾਰੀ ਦੇ ਆਧਾਰ ’ਤੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਹਵਾਲਾਤੀ ਗੁਰਲਾਲ ਸਿੰਘ ਉਰਫ਼ ਗੁਰੀ, ਕੈਦੀ ਦਾਰਾ ਸਿੰਘ, ਹਵਾਲਾਤੀ ਕੁਲਵਿੰਦਰ ਸਿੰਘ, ਹਵਾਲਾਤੀ ਮਨਪ੍ਰੀਤ ਸਿੰਘ ਉਰਫ਼ ਲਵਪ੍ਰੀਤ ਸਿੰਘ, ਹਵਾਲਾਤੀ ਗੁਰਪ੍ਰੀਤ ਸਿੰਘ, ਹਵਾਲਾਤੀ ਵਕੀਲ ਸਿੰਘ, ਹਵਾਲਾਤੀ ਮਨਪ੍ਰੀਤ ਸਿੰਘ ਉਰਫ਼ ਘੋਨੀ ਅਤੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ ਮਾਮਲਾ ਦਰਜ ਕੀਤਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਸਬ ਇੰਸਪੈਕਟਰ ਸਰਵਨ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀਆਂ ਨੇ ਭੇਜੀ ਲਿਖਤੀ ਜਾਣਕਾਰੀ ਵਿਚ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਨੇ ਸ਼ਰਾਰਤੀ ਅਨਸਰਾਂ ਵੱਲੋਂ ਬਾਹਰੋਂ ਪੈਕਟ ਬੰਦ ਕਰਕੇ ਸੁੱਟੇ ਗਏ 18 ਮੋਬਾਇਲ ਨਾਮਜ਼ਦ ਹਵਾਲਾਤੀਆਂ ਤੋਂ ਬਰਾਮਦ ਕੀਤੇ ਹਨ ਅਤੇ ਮੋਬਾਈਲ ਸੁੱਟਣ ਵਾਲੇ ਲੋਕਾਂ ਦਾ ਪਤਾ ਲਗਾਉਣ ਲਈ ਜੇਲ੍ਹ ਪ੍ਰਸ਼ਾਸਨ ਅਤੇ ਪੁਲਸ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ।
ਸੜਕ ਹਾਦਸੇ 'ਚ ਵਿਅਕਤੀ ਦੀ ਮੌਤ
NEXT STORY