ਬਿਲਾਵਲੁ ਮਹਲਾ ੧ ॥
ਮਨ ਕਾ ਕਹਿਆ ਮਨਸਾ ਕਰੈ ॥ ਇਹੁ ਮਨੁ ਪੁੰਨੁ ਪਾਪੁ ਉਚਰੈ ॥ ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥੧॥ ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥ ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥੧॥ ਰਹਾਉ ॥ ਕੀਚਹਿ ਰਸ ਭੋਗ ਖੁਸੀਆ ਮਨ ਕੇਰੀ ॥ ਧਨੁ ਲੋਕਾਂ ਤਨੁ ਭਸਮੈ ਢੇਰੀ ॥ ਖਾਕੂ ਖਾਕੁ ਰਲੈ ਸਭੁ ਫੈਲੁ ॥ ਬਿਨੁ ਸਬਦੈ ਨਹੀ ਉਤਰੈ ਮੈਲੁ ॥੨॥ ਗੀਤ ਰਾਗ ਘਨ ਤਾਲ ਸਿ ਕੂਰੇ ॥ ਤ੍ਰਿਹੁ ਗੁਣ ਉਪਜੈ ਬਿਨਸੈ ਦੂਰੇ ॥ ਦੂਜੀ ਦੁਰਮਤਿ ਦਰਦੁ ਨ ਜਾਇ ॥ ਛੂਟੈ ਗੁਰਮੁਖਿ ਦਾਰੂ ਗੁਣ ਗਾਇ ॥੩॥ ਧੋਤੀ ਊਜਲ ਤਿਲਕੁ ਗਲਿ ਮਾਲਾ ॥ ਅੰਤਰਿ ਕ੍ਰੋਧੁੁ ਪੜਹਿ ਨਾਟ ਸਾਲਾ ॥ ਨਾਮੁ ਵਿਸਾਰਿ ਮਾਇਆ ਮਦੁ ਪੀਆ ॥ ਬਿਨੁ ਗੁਰ ਭਗਤਿ ਨਾਹੀ ਸੁਖੁ ਥੀਆ ॥੪॥ ਸੂਕਰ ਸੁਆਨ ਗਰਧਭ ਮੰਜਾਰਾ ॥ ਪਸੂ ਮਲੇਛ ਨੀਚ ਚੰਡਾਲਾ ॥ ਗੁਰ ਤੇ ਮੁਹੁ ਫੇਰੇ ਤਿਨ ਜੋਨਿ ਭਵਾਈਐ ॥ ਬੰਧਨਿ ਬਾਧਿਆ ਆਈਐ ਜਾਈਐ ॥੫॥ ਗੁਰ ਸੇਵਾ ਤੇ ਲਹੈ ਪਦਾਰਥੁ ॥ ਹਿਰਦੈ ਨਾਮੁ ਸਦਾ ਕਿਰਤਾਰਥੁ ॥ ਸਾਚੀ ਦਰਗਹ ਪੂਛ ਨ ਹੋਇ ॥ ਮਾਨੇ ਹੁਕਮੁ ਸੀਝੈ ਦਰਿ ਸੋਇ ॥੬॥ ਸਤਿਗੁਰੁ ਮਿਲੈ ਤ ਤਿਸ ਕਉ ਜਾਣੈ ॥ ਰਹੈ ਰਜਾਈ ਹੁਕਮੁ ਪਛਾਣੈ ॥ ਹੁਕਮੁ ਪਛਾਣਿ ਸਚੈ ਦਰਿ ਵਾਸੁ ॥ ਕਾਲ ਬਿਕਾਲ ਸਬਦਿ ਭਏ ਨਾਸੁ ॥੭॥ ਰਹੈ ਅਤੀਤੁ ਜਾਣੈ ਸਭੁ ਤਿਸ ਕਾ ॥ ਤਨੁ ਮਨੁ ਅਰਪੈ ਹੈ ਇਹੁ ਜਿਸ ਕਾ ॥ ਨਾ ਓਹੁ ਆਵੈ ਨਾ ਓਹੁ ਜਾਇ ॥ ਨਾਨਕ ਸਾਚੇ ਸਾਚਿ ਸਮਾਇ ॥੮॥੨॥
ਸ਼ਨਿੱਚਰਵਾਰ, ੨੪ ਹਾੜ (ਸੰਮਤ ੫੫੫ ਨਾਨਕਸ਼ਾਹੀ) ੮ ਜੁਲਾਈ, ੨੦੨੩ (ਅੰਗ: ੮੩੨)
ਬਿਲਾਵਲੁ ਮਹਲਾ ੧ ॥
(ਪ੍ਰਭੂ-ਨਾਮ ਤੋਂ ਖੁੰਝੇ ਹੋਏ ਮਨੁੱਖ ਦੀ) ਬੁੱਧੀ (ਭੀ) ਮਨ ਦੇ ਕਹੇ ਵਿਚ ਤੁਰਦੀ ਹੈ, ਤੇ, ਇਹ ਮਨ ਨਿਰੀਆਂ ਇਹੀ ਗੱਲਾਂ ਸੋਚਦਾ ਹੈ ਕਿ (ਸ਼ਾਸਤ੍ਰਾਂ ਦੀ ਮਰਯਾਦਾ ਅਨੁਸਾਰ) ਪੁਨੰ ਕੀ ਹੈ ਤੇ ਪਾਪ ਕੀ ਹੈ। ਮਾਇਆ ਦੇ ਨਸ਼ੇ ਵਿਚ ਮਸਤ ਹੋਏ ਮਨੁੱਖ ਨੂੰ (ਮਾਇਆ ਵਲੋਂ) ਰਜੇਵਾਂ ਨਹੀਂ ਹੁੰਦਾ।ਮਾਇਆ ਵਲੋਂ ਰਜੇਵਾਂ ਤੇ ਮਾਇਆ ਦੇ ਮੋਹ ਤੋਂ ਖਲਾਸੀ ਤਦੋਂ ਹੀ ਹੁੰਦੀ ਹੈ ਜਦੋਂ ਮਨੁੱਖ ਨੂੰ ਸਦਾ ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪਏ।੧। ਹੇ ਅਭਿਮਾਨੀ ਜੀਵ! ਵੇਖ, ਇਹ ਸਰੀਰ, ਇਹ ਧਨ, ਇਹ ਇਸਤ੍ਰੀ ਇਹ ਸਭ (ਸਦਾ ਨਾਲ ਨਿਭਣ ਵਾਲੇ ਨਹੀਂ ਹਨ) ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਚੀਜ਼ (ਜੀਵ ਦੇ) ਨਾਲ ਨਹੀਂ ਜਾਂਦੀ।੧। ਰਹਾਉ। ਮਾਇਕ ਰਸਾਂ ਦੇ ਭੋਗ ਕਰੀਦੇ ਹਨ, ਮਨ ਦੀਆਂ ਮੌਜਾਂ ਮਾਣੀਦੀਆਂ ਹਨ, (ਪਰ ਮੌਤ ਆਉਣ ਤੇ) ਧਨ (ਹੋਰ) ਲੋਕਾਂ ਦਾ ਬਣ ਜਾਂਦਾ ਹੈ ਤੇ ਇਹ ਸਰੀਰ ਮਿੱਟੀ ਦੀ ਢੇਰੀ ਹੋ ਜਾਂਦਾ ਹੈ। ਇਹ ਸਾਰਾ ਹੀ ਪਸਾਰਾ (ਅੰਤ) ਖ਼ਾਕ ਵਿਚ ਹੀ ਰਲ ਜਾਂਦਾ ਹੈ (ਮਨ ਉਤੇ ਵਿਸ਼ੇ ਵਿਕਾਰਾਂ ਦੀ ਮੈਲ ਇਕੱਠੀ ਹੁੰਦੀ ਜਾਂਦੀ ਹੈ, ਉਹ) ਮੈਲ ਗੁਰੂ ਦੇ ਸ਼ਬਦ ਤੋਂ ਬਿਨਾ ਨਹੀਂ ਲਹਿਂਦੀ।੨। (ਪ੍ਰਭੂ ਨਾਮ ਤੋਂ ਖੁੰਝ ਕੇ) ਮਨੁੱਖ ਅਨੇਕਾਂ ਕਿਸਮਾਂ ਦੇ ਗੀਤ ਰਾਗ ਤੇ ਤਾਲ ਆਦਿਕਾਂ ਵਿਚ ਮਨ ਪਰਚਾਂਦਾ ਹੈ ਪਰ ਇਹ ਸਭ ਝੂਠੇ ਉਦੱਮ ਹਨ (ਕਿਉਂਕਿ ਨਾਮ ਤੋਂ ਬਿਨਾ ਜੀਵ) ਤਿੰਨਾਂ ਗੁਣਾਂ ਦੇ ਅਸਰ ਹੇਠ ਜੰਮਦਾ ਮਰਦਾ ਰਹਿੰਦਾ ਹੈ ਤੇ (ਪ੍ਰਭੂ-ਚਰਨਾਂ ਤੋਂ) ਵਿਛੁੜਿਆ ਰਹਿੰਦਾ ਹੈ। (ਇਹਨਾਂ ਗੀਤਾਂ ਰਾਗਾਂ ਦੀ ਸਹਾਇਤਾ ਨਾਲ ਜੀਵ ਦੀ ) ਹੋਰ ਝਾਕ ਤੇ ਭੈੜੀ ਮਤਿ ਦੂਰ ਨਹੀਂ ਹੁੰਦੀ, ਆਤਮਕ ਰੋਗ ਨਹੀਂ ਜਾਂਦਾ। (ਇਸ ਦੂਜੀ ਝਾਕ ਤੋਂ,ਦੁਰਮਤਿ ਤੋਂ, ਆਤਮਕ ਰੋਗ ਤੋਂ ਉਹ ਮਨੁੱਖ) ਖਲਾਸੀ ਪਾਂਦਾ ਹੈ ਜੋ ਗੁਰੂ ਦੇ ਸਨ-ਮੁਖ ਹੋ ਕੇ ਪਰਮਾਤਮਾ ਦੇ ਗੁਣ ਗਾਂਦਾ ਹੈ (ਇਹ ਸਿਫ਼ਤਿ ਸਲਾਹ ਹੀ ਇਹਨਾਂ ਰੋਗਾਂ ਦਾ) ਦਾਰੂ ਹੈ।੩। ਜੇਹੜੇ ਮਨੁੱਖ ਚਿੱਟੀ ਧੋਤੀ ਪਹਿਨਦੇ ਹਨ (ਮੱਥੇ ਉਤੇ) ਤਿਲਕ ਲਾਂਦੇ ਹਨ, ਗਲ ਵਿਚ ਮਾਲਾ ਪਾਂਦੇ ਹਨ ਤੇ (ਵੇਦ ਆਦਿਕਾਂ ਦੇ ਮੰਤ੍ਰ) ਪੜ੍ਹਦੇ ਹਨ ਪਰ ਉਹਨਾਂ ਦੇ ਅੰਦਰ ਕ੍ਰੋਧ ਪ੍ਰਬਲ ਹੈ ਉਹਨਾਂ ਦਾ ਉੱਦਮ ਇਉਂ ਹੀ ਹੈ ਜਿਵੇ ਕਿਸੇ ਨਾਟ-ਘਰ ਵਿਚ (ਨਾਟ-ਵਿੱਦਿਆ ਦੀ ਸਿਖਲਾਈ ਕਰ ਕਰਾ ਰਹੇ ਹਨ)।੪। ਜਿੰਨਾਂ ਮਨੁਖਾਂ ਨੇ ਪਰਮਾਤਮਾ ਦਾ ਨਾਮ ਭੁਲਾ ਕੇ ਮਾਇਆ (ਦੇ ਮੋਹ) ਦੀ ਸ਼ਰਾਬ ਪੀਤੀ ਹੋਈ ਹੋਵੇ, (ਉਹਨਾਂ ਨੂੰ ਸੁਖ ਨਹੀਂ ਹੋ ਸਕਦਾ)। ਗੁਰੂ ਤੋਂ ਬਿਨਾ ਪ੍ਰਭੂ ਦੀ ਭਗਤੀ ਨਹੀਂ ਹੋ ਸਕਦੀ, ਤੇ ਭਗਤੀ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲਦਾ।੪। ਜਿੰਨਾਂ ਬੰਦਿਆਂ ਨੇ ਆਪਣਾ ਮੂੰਹ ਗੁਰੂ ਵਲੋਂ ਮੋੜਿਆ ਹੋਇਆ ਹੈ ਉਹਨਾਂ ਨੂੰ ਸੂਰ, ਕੁੱਤੇ, ਖੋਤੇ, ਬਿੱਲੇ, ਪਸ਼ੂ ਮਲੇਛ ਨੀਚ ਚੰਡਾਲ ਆਦਿਕਾਂ ਦੀਆਂ ਜੂਨਾਂ ਵਿਚ ਪਵਾਇਆ ਜਾਂਦਾ ਹੈ। ਮਾਇਆ ਦੇ ਮੋਹ ਦੇ ਬੰਧਨ ਵਿਚ ਬੱਝਾ ਹੋਇਆ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ।੫। ਗੁਰੂ ਦੀ ਦੱਸੀ ਸੇਵਾ ਦੀ ਰਾਹੀਂ ਹੀ ਮਨੁੱਖ ਨਾਮ-ਸਰਮਾਇਆ ਪ੍ਰਾਪਤ ਕਰਦਾ ਹੈ। ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਦਾ ਵੱਸਦਾ ਹੈ ਉਹ (ਜੀਵਨ-ਯਾਤਰਾ ਵਿਚ) ਸਫਲ ਹੋ ਗਿਆ ਹੈ। ਪਰਮਾਤਮਾ ਦੀ ਦਰਗਾਹ ਵਿਚ ਉਸ ਪਾਸੋਂ ਲੇਖਾ ਨਹੀਂ ਮੰਗਿਆ ਜਾਂਦਾ (ਕਿਉਂਕਿ ਉਸ ਦੇ ਜ਼ਿਮੇ ਕੋਈ ਬਾਕੀ ਨਹੀਂ ਨਿਕਲਦੀ) ਜੇਹੜਾ ਮਨੁੱਖ ਪਰਮਾਤਮਾ ਦੀ ਰਜ਼ਾ ਨੂੰ (ਸਿਰ ਮੱਥੇ) ਮੰਨਦਾ ਹੈ ਉਹ ਪਰਮਾਤਮਾ ਦੇ ਦਰ ਤੇ ਕਾਮਯਾਬ ਹੋ ਜਾਂਦਾ ਹੈ। ਜਦੋਂ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਾਂ ਇਹ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ, ਪਰਮਾਤਮਾ ਦੀ ਰਜ਼ਾ ਨੂੰ ਸਮਝਦਾ ਹੈ ਤੇ ਰਜ਼ਾ ਵਿਚ (ਰਾਜ਼ੀ) ਰਹਿੰਦਾ ਹੈ। ਸਦਾ-ਥਿਰ ਪ੍ਰਭੂ ਦੀ ਰਜ਼ਾ ਨੂੰ ਸਮਝ ਕੇ ਉਸ ਦੇ ਦਰ ਤੇ ਥਾਂ ਪ੍ਰਾਪਤ ਕਰ ਲੈਂਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੇ ਜਨਮ ਮਰਨ (ਦੇ ਗੇੜ) ਮੁੱਕ ਜਾਂਦੇ ਹਨ।੭। (ਸਿਮਰਨ ਦੀ ਬਰਕਤਿ ਨਾਲ) ਜੇਹੜਾ ਮਨੁੱਖ (ਅੰਤਰ ਆਤਮੇ ਮਾਇਆ ਦੇ ਮੋਹ ਵਲੋਂ) ਉਪਰਾਮ ਰਹਿੰਦਾ ਹੈ ਉਹ ਹਰੇਕ ਚੀਜ਼ ਨੂੰ ਪਰਮਾਤਮਾ ਦੀ (ਦਿੱਤੀ ਹੋਈ) ਹੀ ਸਮਝਦਾ ਹੈ। ਜਿਸ ਪਰਮਾਤਮਾ ਨੇ ਇਹ ਸਰੀਰ ਤੇ ਮਨ ਦਿੱਤਾ ਹੈ ਉਸ ਦੇ ਹਵਾਲੇ ਕਰਦਾ ਹੈ। ਹੇ ਨਾਨਕ! ਉਹ ਮਨੁੱਖ ਜਨਮ ਮਰਨ ਦੇ ਗੇੜ ਵਿਚੋਂ ਬਚ ਜਾਂਦਾ ਹੈ, ਉਹ ਸਦਾ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦਾ ਹੈ।੮।੨।
BILAAVAL, FIRST MEHL:
The human acts according to the wishes of the mind. This mind feeds on virtue and vice. Intoxicated with the wine of Maya, satisfaction never comes. Satisfaction and liberation come, only to one whose mind is pleasing to the True Lord. || 1 || Gazing upon his body, wealth, wife and all his possessions, he is proud. But without the Name of the Lord, nothing shall go along with him. || 1 || Pause || He enjoys tastes, pleasures and joys in his mind. But his wealth will pass on to other people, and his body will be reduced to ashes. The entire expanse, like dust, shall mix with dust. Without the Word of the Shabad, his filth is not removed. || 2 || The various songs, tunes and rhythms are false. Trapped by the three qualities, people come and go, far from the Lord. In duality, the pain of their evil-mindedness does not leave them. But the Gurmukh is emancipated by taking the medicine, and singing the Glorious Praises of the Lord. || 3 || He may wear a clean loin-cloth, apply the ceremonial mark to his forehead, and wear a mala around his neck; but if there is anger within him, he is merely reading his part, like an actor in a play. Forgetting the Naam, the Name of the Lord, he drinks in the wine of Maya. Without devotional worship to the Guru, there is no peace. || 4 || The human is a pig, a dog, a donkey, a cat, a beast, a filthy, lowly wretch, an outcast, if he turns his face away from the Guru. He shall wander in reincarnation. Bound in bondage, he comes and goes. || 5 || Serving the Guru, the treasure is found. With the Naam in the heart, one always prospers. And in the Court of the True Lord, you shall not called to account. One who obeys the Hukam of the Lord’s Command, is approved at the Lord’s Door. || 6 || Meeting the True Guru, one knows the Lord. Understanding the Hukam of His Command, one acts according to His Will. Understanding the Hukam of His Command, he dwells in the Court of the True Lord. Through the Shabad, death and birth are ended. || 7 || He remains detached, knowing that everything belongs to God. He dedicates his body and mind unto the One who owns them. He does not come, and he does not go. O Nanak, absorbed in Truth, he merges in the True Lord. || 8 || 2 ||
Saturday, 24th Assaar (Samvat 555 Nanakshahi) 8th July, 2023 (Page: 832)
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੁਲਾਈ, 2023)
NEXT STORY