ਵਾਸ਼ਿੰਗਟਨ (ਵਾਰਤਾ)— ਅਮਰੀਕਾ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ਦੀ ਇਮਰਾਨ ਖਾਨ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਸਾਰੇ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ। ਅਮਰੀਕਾ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਵੀਰਵਾਰ ਸ਼ਾਮ ਹੋਏ ਅੱਤਵਾਦੀ ਹਮਲੇ ਵਿਚ ਭਾਰਤ ਨਾਲ ਦ੍ਰਿੜ੍ਹਤਾ ਨਾਲ ਖੜ੍ਹੇ ਹੁੰਦੇ ਹੋਏ ਪਾਕਿਸਤਾਨ ਵਿਰੁੱਧ ਸਖਤ ਰਵੱਈਆ ਅਪਨਾਇਆ ਹੈ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੇ ਬਿਆਨ ਜਾਰੀ ਕਰ ਕੇ ਕਿਹਾ,''ਪਾਕਿਸਤਾਨ ਆਪਣੀ ਧਰਤੀ ਤੋਂ ਸੰਚਾਲਿਤ ਹੋਣ ਵਾਲੀਆਂਸਾਰੀਆਂ ਅੱਤਵਾਦੀ ਗਤੀਵਿਧੀਆਂ ਅਤੇ ਅੱਤਵਾਦੀ ਸੰਗਠਨਾਂ ਨੂੰ ਮਦਦ ਕਰਨਾ ਤੁਰੰਤ ਬੰਦ ਕਰੇ।''
ਸੈਂਡਰਸ ਨੇ ਕਿਹਾ,''ਇਸ ਹਮਲੇ ਨਾਲ ਅਮਰੀਕਾ ਅਤੇ ਭਾਰਤ ਵਿਚਕਾਰ ਅੱਤਵਾਦ ਵਿਰੁੱਧ ਮੁਹਿੰਮ ਅਤੇ ਸਹਿਯੋਗ ਨੂੰ ਮਜ਼ਬੂਤ ਕਰਨ ਦਾ ਸਾਡਾ ਸੰਕਲਪ ਹੋਰ ਦ੍ਰਿੜ੍ਹ ਹੋਇਆ ਹੈ। ਅਮਰੀਕਾ ਪਾਕਿਸਤਾਨ ਸਮਰਥਿਤ ਅੱਤਵਾਦੀ ਸੰਗਠਨ ਵੱਲੋਂ ਕੀਤੇ ਗਏ ਇਸ ਗੰਭੀਰ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਾ ਹੈ।'' ਉਨ੍ਹਾਂ ਨੇ ਕਿਹਾ,''ਇਸ ਹਮਲੇ ਵਿਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰ ਵਾਲਿਆਂ, ਭਾਰਤ ਸਰਕਾਰ ਅਤੇ ਭਾਰਤ ਦੇ ਲੋਕਾਂ ਪ੍ਰਤੀ ਸਾਡੀ ਡੂੰਘੀ ਹਮਦਰਦੀ ਹੈ।'' ਜ਼ਿਕਰਯੋਗ ਹੈ ਕਿ ਭਾਰਤ ਨੇ ਪੁਲਵਾਮਾ ਵਿਚ ਸੁਰੱਖਿਆ ਬਲਾਂ 'ਤੇ ਅੱਤਵਾਦੀ ਹਮਲੇ ਨੂੰ ਲੈ ਕੇ ਸਖਤ ਰਵੱਈਆ ਅਪਨਾਉਂਦੇ ਹੋਏ ਕਿਹਾ ਹੈ ਕਿ ਪਾਕਿਸਤਾਨ ਵਿਚ ਸਰਗਰਮ ਅੱਤਵਾਦੀ ਸਮੂਹ ਜੈਸ਼-ਏ-ਮੁਹੰਮਦ (ਜੇ.ਏ.ਐੱਮ.) ਨੇ ਇਸ ਹਮਲੇ ਨੂੰ ਅੰਜਾਮ ਦਿੱਤਾ ਹੈ।
ਭਾਰਤ ਨੇ ਸੰਯੁਕਤ ਰਾਸ਼ਟਰ ਅਤੇ ਹੋਰ ਦੇਸ਼ਾਂ ਨੂੰ ਪਾਕਿਸਤਾਨ ਸਮਰਥਿਤ ਅੱਤਵਾਦੀ ਸਮੂਹਾਂ 'ਤੇ ਪਾਬੰਦੀ ਲਗਾਏ ਜਾਣ ਦੀ ਅਪੀਲ ਕੀਤੀ ਹੈ। ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਪਾਕਿਸਤਾਨ ਸਰਕਾਰ ਨੇ ਅੰਤਰਰਾਸ਼ਟਰੀ ਅੱਤਵਾਦੀ ਮਸੂਦ ਅਜ਼ਹਰ ਦੀ ਅਗਵਾਈ ਵਾਲੇ ਅੱਤਵਾਦੀ ਸਮੂਹ ਨੂੰ ਚਲਾਉਣ ਅਤੇ ਉਸ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਉਸ ਨੂੰ ਪੂਰੀ ਆਜ਼ਾਦੀ ਦਿੱਤੀ ਹੈ। ਦੁਨੀਆ ਭਰ ਵਿਚ ਇਸ ਅੱਤਵਾਦੀ ਹਮਲੇ ਦੀ ਸਖਤ ਨਿੰਦਾ ਹੋ ਰਹੀ ਹੈ। ਪੁਲਵਾਮਾ ਜ਼ਿਲੇ ਦੇ ਅਵੰਤੀਪੋਰਾ ਵਿਚ ਵੀਰਵਾਰ ਸ਼ਾਮ ਨੂੰ ਸੀ.ਆਰ.ਪੀ.ਐੱਫ. ਦੀ ਗੱਡੀ 'ਤੇ ਕੀਤੇ ਗਏ ਅੱਤਵਾਦੀ ਹਮਲੇ ਵਿਚ ਘੱਟੋ-ਘੱਟ 40 ਜਵਾਨ ਸ਼ਹੀਦ ਹੋ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ।
ਆਸਟ੍ਰੇਲੀਆਈ ਪੀ.ਐੱਮ. ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਦਾ ਕੀਤਾ ਵਾਅਦਾ
NEXT STORY