ਇੰਟਰਨੈਸ਼ਨਲ ਡੈਸਕ (ਬਿਊਰੋ): ਨਵੀਂ ਦਿੱਲੀ ਵਿਖੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਅੰਦੋਲਨ ਦਾ ਅੱਜ 78ਵਾਂ ਦਿਨ ਹੈ। ਇੰਨੇ ਦਿਨ ਬੀਤ ਜਾਣ ਦੇ ਬਾਵਜੂਦ ਅਤੇ ਕਈ ਬੈਠਕਾਂ ਦੇ ਦੌਰ ਦੇ ਬਾਅਦ ਵੀ ਸਰਕਾਰ ਅਤੇ ਕਿਸਾਨਾਂ ਵਿਚਕਾਰ ਸਹਿਮਤੀ ਨਹੀਂ ਬਣ ਪਾਈ ਹੈ। ਇਸ ਦੌਰਾਨ ਕਿਸਾਨ ਅੰਦੋਲਨ ਨੂੰ ਅੰਤਰਰਾਸ਼ਟਰੀ ਭਾਈਚਾਰੇ ਦੇ ਕਈ ਮੈਂਬਰਾਂ ਅਤੇ ਸੰਸਥਾਵਾਂ ਨੇ ਸਮਰਥਨ ਦੇਣਾ ਸ਼ੁਰੂ ਕਰ ਦਿੱਤਾ ਹੈ। ਇਸ ਲੜੀ ਵਿਚ ਐਮਨੈਸਟੀ ਇੰਟਰਨੈਸ਼ਨਲ ਨੇ ਭਾਰਤ ਸਰਕਾਰ ਨੂੰ ਪੱਤਰਕਾਰਾਂ, ਮੁਜ਼ਾਹਰਾਕਾਰੀਆਂ ਤੇ ਕਿਸਾਨ ਆਗੂਆਂ ਨੂੰ ਨਿਸ਼ਾਨਾ ਬਣਾਉਣਾ ਬੰਦ ਕਰਨ ਲਈ ਕਿਹਾ ਹੈ। ਮਨੁੱਖੀ ਅਧਿਕਾਰਾਂ ਬਾਰੇ ਸੰਸਥਾ ਨੇ ਬਿਆਨ ਜਾਰੀ ਕਰਦਿਆਂ ਭਾਰਤ ਸਰਕਾਰ ਨੂੰ ਕਿਹਾ ਹੈ ਕਿ ਸ਼ਾਂਤਮਈ ਢੰਗ ਨਾਲ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਜਿਹੜੇ ਲੋਕ ਗ੍ਰਿਫ਼ਤਾਰ ਕੀਤੇ ਗਏ ਹਨ ਉਹਨਾਂ ਨੂੰ ਬਿਨਾਂ ਸ਼ਰਤ 'ਤੇ ਤੁਰੰਤ ਰਿਹਾਅ ਕੀਤਾ ਜਾਵੇ।
ਐਮਨੈਸਟੀ ਇੰਟਰਨੈਸ਼ਨਲ ਨੇ ਟਵੀਟ ਕੀਤਾ,''ਭਾਰਤ ਸਰਕਾਰ ਨੂੰ ਦੇਸ਼ ਭਰ ਵਿਚ ਨਵੇਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਮੱਦੇਨਜ਼ਰ ਮੁਜ਼ਾਹਰਾਕਾਰੀਆਂ, ਕਿਸਾਨ ਆਗੂਆਂ ਤੇ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬੰਦ ਕਰਨਾ ਚਾਹੀਦਾ ਹੈ।'' ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ 'ਦੀ ਕਾਰਵਾਂ' ਲਈ ਆਜ਼ਾਦਾਨਾ ਤੌਰ 'ਤੇ ਕੰਮ ਕਰਦੇ ਪੱਤਰਕਾਰ ਮਨਦੀਪ ਪੂਨੀਆ ਨੂੰ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ 'ਤੇ ਉਸ ਨੂੰ 14 ਦਿਨ ਲਈ ਹਿਰਾਸਤ ਵਿਚ ਰੱਖੇ ਜਾਣ ਮਗਰੋਂ ਐਮਨੈਸਟੀ ਇੰਟਰਨੈਸ਼ਨਲ ਦਾ ਇਹ ਬਿਆਨ ਸਾਹਮਣੇ ਆਇਆ ਹੈ। ਮਨਦੀਪ ਪੂਨੀਆ ਨੂੰ ਬਾਅਦ ਵਿਚ ਜਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਸੀ। ਸੰਸਥਾ ਨੇ ਕਿਹਾ ਕਿ ਮੁਜ਼ਾਹਰਾਕਾਰੀਆਂ ਖ਼ਿਲਾਫ਼ ਕੀਤੀ ਗਈ ਹਿੰਸਾ ਦੀਆਂ ਰਿਪੋਰਟਾਂ ਦੀ ਪੜਤਾਲ ਕਰਨ ਅਤੇ ਸ਼ੱਕੀ ਦੋਸ਼ੀਆਂ ਨੂੰ ਫੜਨ ਦੀ ਥਾਂ ਅਥਾਰਿਟੀ ਧਰਨੇ ਵਾਲੀਆਂ ਥਾਵਾਂ 'ਤੇ ਲੋਕਾਂ ਦੀ ਪਹੁੰਚ ਰੋਕ ਰਹੀ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਪਾਬੰਦੀ ਲਗਾ ਰਹੀ ਹੈ। ਅਥਾਰਿਟੀ ਨੇ ਕਿਹਾ ਕਿ ਦੇਸ਼ ਵਿਚ ਨਾਗਰਿਕਤਾ ਸੋਧ ਬਿੱਲਾਂ ਖ਼ਿਲਾਫ਼ ਮੁਜ਼ਾਹਰਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਹਾਲੇ ਰੁਕੀ ਨਹੀਂ ਸੀ ਕਿ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲਿਆਂ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਸ਼ੁਰੂ ਹੋ ਗਈਆਂ ਹਨ।
ਪੜ੍ਹੋ ਇਹ ਅਹਿਮ ਖ਼ਬਰ- ਬਾਈਡੇਨ ਨੇ ਰਾਸ਼ਟਰਪਤੀ ਬਣਨ ਮਗਰੋਂ ਪਹਿਲੀ ਵਾਰ ਸ਼ੀ ਜਿਨਪਿੰਗ ਨਾਲ ਕੀਤੀ ਗੱਲਬਾਤ
ਜਾਣੋ ਐਮਨੈਸਟੀ ਇੰਟਰਨੈਸ਼ਨਲ ਬਾਰੇ
ਐਮਨੈਸਟੀ ਇੰਟਰਨੈਸ਼ਨਲ ਇੱਕ ਮਨੁੱਖੀ ਅਧਿਕਾਰਾਂ ਸੰਬੰਧੀ ਸਮਾਜ ਸੇਵੀ ਸੰਸਥਾ ਹੈ, ਜਿਸ ਨੂੰ 1977 ਵਿੱਚ ਨੋਬਲ ਸ਼ਾਂਤੀ ਪੁਰਸਕਾਰ ਮਿਲਿਆ। ਐਮਨੈਸਟੀ ਇੰਟਰਨੈਸ਼ਨਲ ਦੀ ਨੀਂਹ 1961 ਵਿਚ ਲੰਡਨ ਵਿਖੇ ਰੱਖੀ ਗਈ ਸੀ। ਇਹ ਐਮਨੈਸਟੀ ਮਨੁੱਖੀ ਅਧਿਕਾਰਾਂ ਦੇ ਮੁੱਦੇ ਉੱਤੇ ਬਹੁਦੇਸ਼ੀ ਪ੍ਰਚਾਰ ਮੁਹਿੰਮ ਚਲਾ ਕੇ, ਜਾਂਚ ਕਾਰਜ ਕਰਕੇ ਪੂਰੇ ਸੰਸਾਰ ਦਾ ਧਿਆਨ ਉਹਨਾਂ ਮੁੱਦਿਆਂ ਵੱਲ ਆਕਰਸ਼ਤ ਕਰਨ ਅਤੇ ਇੱਕ ਸੰਸਾਰ ਜਨਮਤ ਤਿਆਰ ਕਰਨ ਦੀ ਕੋਸ਼ਿਸ਼ ਕਰਦਾ ਹੈ। ਅਜਿਹਾ ਕਰਕੇ ਉਹ ਖਾਸ ਸਰਕਾਰਾਂ, ਸੰਸਥਾਵਾਂ ਜਾਂ ਵਿਅਕਤੀਆਂ ਉੱਤੇ ਦਵਾਬ ਬਣਾਉਣ ਦੀ ਕੋਸ਼ਿਸ਼ ਕਰਦਾ ਹੈ। ਇਸ ਸੰਸਥਾ ਨੂੰ 1977 ਵਿਚ ਸ਼ੋਸ਼ਣ ਖ਼ਿਲਾਫ਼ ਮੁਹਿੰਮ ਚਲਾਉਣ ਲਈ ਨੋਬਲ ਸ਼ਾਂਤੀ ਪੁਰਸਕਾਰ ਪ੍ਰਦਾਨ ਕੀਤਾ ਗਿਆ ਸੀ ਅਤੇ 1978 ਵਿਚ ਸੰਯੁਕਤ ਰਾਸ਼ਟਰ ਸੰਘ ਦੇ ਮਨੁੱਖੀ ਅਧਿਕਾਰ ਇਨਾਮ ਨਾਲ ਨਵਾਜਿਆ ਗਿਆ ਸੀ।
ਨੋਟ- ਐਮਨੈਸਟੀ ਇੰਟਰਨੈਸ਼ਨਲ ਵੱਲੋਂ ਕਿਸਾਨ ਅੰਦੋਲਨ ਨੂੰ ਦਿੱਤੇ ਸਮਰਥਨ 'ਤੇ ਕੁਮੈਂਟ ਕਰ ਦਿਓ ਰਾਏ।
ਕੈਨੇਡਾ 'ਚ ਛੋਟਾ ਜਹਾਜ਼ ਹਾਦਸਾਗ੍ਰਸਤ, ਇਕ ਵਿਅਕਤੀ ਦੀ ਮੌਤ
NEXT STORY