ਓਟਾਵਾ/ ਅੰਮ੍ਰਿਤਸਰ— ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ 17 ਫਰਵਰੀ ਨੂੰ ਭਾਰਤ ਦੌਰੇ 'ਤੇ ਆ ਰਹੇ ਹਨ, ਇਸ ਦੌਰਾਨ ਉਹ 21 ਫਰਵਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਜਾਣਗੇ। ਇਸ ਤੋਂ ਪਹਿਲਾਂ ਇੱਥੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਦਾ ਜਾਇਜ਼ਾ ਲੈਣ ਲਈ ਕੈਨੇਡਾ ਤੋਂ ਲਗਭਗ 12 ਮੈਂਬਰੀ ਟੀਮ ਵੀਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਪੁੱਜੀ । ਕੈਨੇਡਾ ਦੀ ਉੱਚ ਪੱਧਰੀ ਵਫਦ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਇਲਾਵਾ ਸ੍ਰੀ ਗੁਰੂ ਰਾਮ ਦਾਸ ਲੰਗਰ ਵਿਖੇ ਵੀ ਦੌਰਾ ਕੀਤਾ। ਜਾਣਕਾਰੀ ਮੁਤਾਬਕ ਟਰੂਡੋ 21 ਫਰਵਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਜਲ੍ਹਿਆਂਵਾਲਾ ਬਾਗ ਅਤੇ ਪਾਰਟੀਸ਼ਨ ਮਿਊਜ਼ੀਅਮ ਟਾਊਨ ਹਾਲ 'ਚ ਵੀ ਜਾ ਸਕਦੇ ਹਨ। ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਵਫਦ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਹੋਰ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਸੁਰੱਖਿਆ ਪ੍ਰਬੰਧਾਂ ਲਈ 80 ਤੋਂ ਵਧੇਰੇ ਆਪਣੇ ਟਾਸਕ ਫੋਰਸ ਦੇ ਨੌਜਵਾਨ ਵੀ ਤਾਇਨਾਤ ਕੀਤੇ ਜਾਣਗੇ । ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨੂੰ ਸਨਮਾਨ 'ਚ ਸਿਰੋਪਾਓ, ਸ੍ਰੀ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਭੇਟ ਕੀਤਾ ਜਾਵੇਗਾ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਪ੍ਰਧਾਨ ਭਾਈ ਗੋਬਿੰਦ ਸਿੰਘ ਲਾਗੋਵਾਲ ਦੀ ਅਗਵਾਈ 'ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਸਵਾਗਤ ਤੇ ਸਨਮਾਨ ਪੰਥਕ ਰਵਾਇਤਾਂ ਅਨੁਸਾਰ ਕੀਤਾ ਜਾਵੇਗਾ । ਕੈਨੇਡੀਅਨ ਪ੍ਰਧਾਨ ਮੰਤਰੀ ਦਫਤਰ ਦੇ ਉੱਚ ਸੁਰੱਖਿਆ ਤੇ ਪ੍ਰੋਟੋਕੋਲ ਅਧਿਕਾਰੀਆਂ ਤੋਂ ਇਲਾਵਾ ਨਵੀਂ ਦਿੱਲੀ ਸਥਿਤ ਕੈਨੇਡੀਅਨ ਅੰਬੈਸੀ ਦੇ ਅਧਿਕਾਰੀਆਂ ਵਲੋਂ ਵੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਡਾ. ਰੂਪ ਸਿੰਘ ਨੇ ਦੱਸਿਆ ਕਿ ਕੈਨੇਡੀਅਨ ਪੀ. ਐੱਮ. ਟਰੂਡੋ ਦੇ 21 ਫਰਵਰੀ ਦੀ ਸਵੇਰ ਨੂੰ ਤਕਰੀਬਨ 10 ਵਜੇ ਸ੍ਰੀ ਹਰਿਮੰਦਰ ਸਾਹਿਬ ਪੁੱਜਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਟਰੂਡੋ ਲਗਭਗ ਇਕ ਘੰਟੇ ਦਾ ਸਮਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਤਾਉਣਗੇ । ਸ਼੍ਰੋਮਣੀ ਕਮੇਟੀ ਵਲੋਂ ਸਵਾਗਤ ਲਈ ਜ਼ੋਰਦਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਆਸਟ੍ਰੇਲੀਆ 'ਚ ਇਕ ਕਾਰ ਨੇ 8 ਲੋਕਾਂ ਨੂੰ ਮਾਰੀ ਟੱਕਰ, ਜਾਂਚ ਜਾਰੀ
NEXT STORY