ਰੋਮ/ਮਿਲਾਨ (ਦਲਵੀਰ ਸਿੰਘ ਕੈਂਥ, ਸ਼ਾਹੀ ਚੀਨੀਆਂ) : ਸੰਨ 1699 ਈ: ਦੀ ਵਿਸਾਖੀ ਨੂੰ ਸਾਹਿਬ-ਏ-ਕਮਾਲ ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਜੇ ਗਏ ਖਾਲਸੇ ਦੇ ਸਾਜਨਾ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਦੇਸ਼ਾਂ ਤੇ ਵਿਦੇਸ਼ਾਂ ਵਿੱਚ ਨਗਰ ਕੀਰਤਨ ਸਜਾਏ ਗਏ। ਇਸ ਲੜੀ ਨੂੰ ਸਮਰਪਿਤ ਰਾਜਧਾਨੀ ਰੋਮ ਦੇ ਨਜ਼ਦੀਕ ਤੇ ਜ਼ਿਲ੍ਹਾ ਲਾਤੀਨਾ ਦੇ ਸ਼ਹਿਰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 24 ਮਈ 2026 ਦਿਨ ਐਤਵਾਰ ਨੂੰ ਅਲੌਕਿਕ ਵਿਸ਼ਾਲ ਨਗਰ ਕੀਰਤਨ ਸਜਾਏ ਜਾ ਰਹੇ ਹਨ।
ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 22 ਮਈ ਦਿਨ ਸ਼ੁੱਕਰਵਾਰ ਸਵੇਰੇ 9:30 ਵਜੇ ਇਲਾਹੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 24 ਮਈ ਦਿਨ ਐਤਵਾਰ ਨੂੰ ਸਵੇਰੇ 9:30 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਤੇ ਭੋਗ ਉਪਰੰਤ ਲਗਭਗ ਸਵੇਰੇ 11 ਵਜੇ ਪੰਜ ਨਿਸ਼ਾਨਚੀ ਸਿੰਘਾਂ ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ ਅਤੇ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ, ਜੋ ਕਿ ਨਗਰ ਦੀ ਪਰਿਕਰਮਾ ਕਰਦੇ ਹੋਏ ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਨਜ਼ਦੀਕ “ਪਾਰਕੋ ਮਿੱਲੈ'' ਪਾਰਕ ਪਹੁੰਚਣ ਉਪਰੰਤ ਪੜਾਅ ਕੀਤਾ ਜਾਵੇਗਾ। ਇਸ ਮੌਕੇ ਭਾਈ ਸਰਬਜੀਤ ਸਿੰਘ ਮਾਣਕਪੁਰੀ ਦੇ ਜੱਥੇ ਵੱਲੋਂ ਖ਼ਾਲਸੇ ਦੇ ਸਿਰਜਣਾ ਦਿਹਾੜੇ ਦਾ ਇਤਿਹਾਸ ਸੰਗਤਾਂ ਨੂੰ ਜ਼ੋਸ਼ੀਲੇ ਅੰਦਾਜ਼ ਵਿੱਚ ਸੁਣਾ ਕੇ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਮਿਸਲ ਮੀਰੀ ਪੀਰੀ ਰੋਮਾ ਦੇ ਗੱਤਕੇ ਵਾਲੇ ਜਥੇ ਵਲੋਂ ਗੱਤਕੇ ਦੇ ਹੈਰਤਮਈ ਜੌਹਰ ਵੀ ਦਿਖਾਏ ਜਾਣਗੇ ਅਤੇ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਅਤੁੱਟ ਵਰਤਾਏ ਜਾਣਗੇ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਸੇਵਾਦਾਰਾਂ ਵੱਲੋਂ ਇਲਾਕੇ ਦੀਆਂ ਸਮੂਹ ਧਾਰਮਿਕ ਸੰਸਥਾਵਾਂ ਦੇ ਪ੍ਰਬੰਧਕਾਂ ਤੇ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਪਾਵਨ ਦਿਹਾੜੇ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ ਵਿੱਚ ਹਾਜ਼ਰੀ ਭਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਟਲੀ ਵਿਚ ਮੋਦੀ ‘ਐਗਰੀਕੋਲਾ ਮੈਡਲ’ ਨਾਲ ਸਨਮਾਨਿਤ
NEXT STORY