ਅੰਮ੍ਰਿਤਸਰ (ਵੈੱਬ ਡੈਸਕ/ਸਰਬਜੀਤ): ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਕੈਬਨਿਟ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਸ੍ਰੀਨਗਰ ਵਿਖੇ ਸ਼ਹੀਦੀ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ। ਇਸ ਮੌਕੇ ਹਰਜੋਤ ਬੈਂਸ ਤੋਂ ਸਪਸ਼ਟੀਕਰਨ ਲੈਣ ਤੋਂ ਬਾਅਦ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਾਹਮਣੇ ਆਏ ਤੱਥਾਂ ਤੋਂ ਸਪੱਸ਼ਟ ਹੋਇਆ ਹੈ ਕਿ ਉਕਤ ਸਮਾਗਮ ਦੌਰਾਨ ਸਿੱਖ ਮਰਿਆਦਾਂ ਦੀ ਉਲੰਘਣਾ ਹੋਈ ਹੈ। ਹਰਜੋਤ ਸਿੰਘ ਨੇ ਗਲਤੀ ਮੰਨ ਲਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਨੋਟੀਫ਼ਿਕੇਸ਼ਨ ਜਾਰੀ
ਇਸ ਦੌਰਾਨ ਹਰਜੋਤ ਸਿੰਘ ਬੈਂਸ ਨੂੰ ਧਾਰਮਿਕ ਸਜ਼ਾ ਵੀ ਲਗਾਈ ਗਈ ਕਿ ਉਹ ਅੱਜ ਹੀ ਨੌਂਵੇਂ ਪਾਤਸ਼ਾਹ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੁਰ ਕੇ ਜਾਣਗੇ। ਇਸ ਅਸਥਾਨ ਨੂੰ ਜਾਂਦੇ ਰਸਤਿਆਂ ਤੇ ਗਲੀਆਂ ਨੂੰ ਆਉਣ ਵਾਲੇ ਸਮੇਂ ਵਿਚ ਠੀਕ ਕਰਵਾਉਣਗੇ। ਇਸ ਤੋਂ ਬਾਅਦ ਗੁਰਦੁਆਰਾ ਕੋਠਾ ਸਾਹਿਬ ਵਿਖੇ 100 ਮੀਟਰ ਤੁਰ ਕੇ ਜਾਣਗੇ। ਇਸ ਗੁਰੂ ਘਰ ਨੂੰ ਜਾਣ ਵਾਲੇ ਰਸਤੇ ਦੀ ਹਾਲਤ ਨੂੰ ਸੁਧਾਰਨ ਲਈ ਕਾਰਜ ਕਰਨਗੇ। ਇਸ ਉਪਰੰਤ ਉਹ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਜਾਣਗੇ। ਉਪਰੰਤ ਉਹ ਗੁਰਦੁਆਰਾ ਸ੍ਰੀ ਅਨੰਦਪੁਰ ਸਾਹਿਬ ਵਿਖੇ 2 ਦਿਨ ਜੋੜਾ ਘਰ ਸੇਵਾ ਕਰਨ ਉਪਰੰਤ 1100 ਰੁਪਏ ਦੀ ਕੜਾਹ ਪ੍ਰਸ਼ਾਦਿ ਦੇ ਦੇਗ ਕਰਵਾ ਕੇ ਅਰਦਾਸ ਕਰਵਾਉਣਗੇ। ਹਰਜੋਤ ਸਿੰਘ ਬੈਂਸ ਨੇ ਸੀਸ ਨਿਵਾ ਕੇ ਇਹ ਸਜ਼ਾ ਕਬੂਲ ਕਰ ਲਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਦੇ ਪੁੱਤਰਾਂ ਨੂੰ ਜਾਰੀ ਹੋਏ ਨੋਟਿਸ! 16 ਸਤੰਬਰ ਨੂੰ ਦੋਵੇਂ ਭਰਾ...
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ 24 ਜੁਲਾਈ ਨੂੰ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ਼੍ਰੀਨਗਰ ਵਿਖੇ ਨੌਂਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਇਕ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿਚ ਨਾਚ-ਗਾਣੇ ਤੇ ਮਨੋਰੰਜਨ ਕਰ ਕੇ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਗਈ। ਇਸ ਸਬੰਧੀ ਦੇਸ਼ ਵਿਦੇਸ਼ ਤੋਂ ਸਿੱਖ ਸੰਗਤ ਨੇ ਇਸ ਸਬੰਧੀ ਪੰਜਾਬ ਕੈਬਨਿਟ ਮੰਤਰੀ ਹਰਜੋਤ ਸਿੰਘ, ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ, ਪੰਜਾਬੀ ਗਾਇਕ ਬੀਰ ਸਿੰਘ ਵਿਰੁੱਧ ਲਿਖਤੀ ਸ਼ਿਕਾਇਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੀਆਂ। ਇਨ੍ਹਾਂ ਤੇ ਵਿਚਾਰ ਕਰਦਿਆਂ ਪੰਜ ਸਿੰਘ ਸਾਹਿਬਾਨ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਸਰਕਾਰਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆ ਉੱਤੇ ਸੈਮੀਨਾਰ, ਗੋਸ਼ਟੀਆਂ ਤੇ ਲੈਕਚਰ ਕਰਵਾਉਣੇ ਚਾਹੀਦੇ ਹਨ, ਪਰ ਉਨ੍ਹਾਂ ਵਿਚ ਸਿੱਖ ਧਾਰਮਿਕ ਮਰਿਆਦਾ ਦਾ ਪੂਰਨ ਧਿਆਨ ਰੱਖਿਆ ਜਾਵੇ। ਇਨ੍ਹਾਂ ਸਮਾਗਮਾਂ ਨੂੰ ਕਰਵਾਉਣ ਲਈ SGPC ਦੀ ਧਰਮ ਪ੍ਰਚਾਰ ਕਮੇਟੀ ਦਾ ਸਹਿਯੋਗ ਲਿਆ ਜਾਵੇ। ਧਾਰਮਿਕ ਤੇ ਗੁਰਮਿਤ ਸਮਾਗਮ ਕਰਨੇ ਤੇ ਨਗਰ ਕੀਰਤਨ ਸਜਾਉਣੇ ਖ਼ਾਲਸਾ ਪੰਥ ਦੀਆਂ ਸਿੱਖ ਸੰਸਥਾਵਾਂ ਦੇ ਕਾਰਜ ਹਨ ਤੇ ਪੰਥ ਇਨ੍ਹਾਂ ਨੂੰ ਪੂਰਨ ਕਰਨ ਲਈ ਪੂਰਨ ਸਮਰੱਥ ਹੈ। ਇਸ ਲਈ ਸਰਕਾਰ SGPC ਤੇ ਹੋਰ ਸਿੱਖ ਸੰਸਥਾਵਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਤੇ ਹੋਰ ਇਤਿਹਾਸਕ ਅਸਥਾਨਾਂ ਉੱਤੇ ਕਰਵਾਏ ਜਾ ਰਹੇ ਸਮਾਗਮਾਂ ਵਿਚ ਸਹਿਯੋਗ ਕਰੇ। ਜਿਵੇਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਬਿਹਾਰ ਸਰਕਾਰ ਨੇ ਸਹਿਯੋਗ ਕੀਤਾ ਸੀ। ਸਿੱਖ ਸੰਸਥਾਵਾਂ ਵੀ ਸਰਕਾਰ ਤੇ ਸਰਕਾਰ ਦੇ ਨੁਮਾਇੰਦਿਆਂ ਦਾ ਇਨ੍ਹਾਂ ਸਮਾਗਮਾਂ ਵਿਚ ਬਣਦਾ ਸਤਿਕਾਰ ਕਰੇ। ਕਿਉਂਕਿ ਉਨ੍ਹਾਂ ਸ਼ਤਾਬਦੀ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਦੇਸ਼ ਵਿਦੇਸ਼ਤੋਂ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਨਾਲ ਸਬੰਧਤ ਹੋਰ ਗੁਰਧਾਮਾਂ ਉੱਤੇ ਨਤਮਸਤਕ ਹੋਣ ਲਈ ਵੱਡੀ ਗਿਣਤੀ ਵਿਚ ਪਹੁੰਚਣਗੀਆਂ। ਇਸ ਲਈ ਪੰਜਾਬ ਸਰਕਾਰ ਇਨ੍ਹਾਂ ਥਾਵਾਂ ਨੂੰ ਆਉਂਦੇ ਰਸਤੇ ਤੇ ਸੜਕਾਂ ਠੀਕ ਕਰੇ। ਲੋੜੀਂਦੇ ਵਿਕਾਸ ਕਾਰਜ ਕਰੇ, ਸੰਗਤ ਦੀ ਸਹੂਲਤ ਵਾਲੇ ਹੋਰ ਪ੍ਰਬੰਧ ਯਕੀਨੀ ਬਣਾਵੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ : 105 ਲੋਕਾਂ ਨੂੰ ਲਿਜਾ ਰਹੀ ਕਿਸ਼ਤੀ ਹਾਦਸਾਗ੍ਰਸਤ
NEXT STORY