ਰੋਮ, (ਕੈਂਥ/ ਸਾਬੀ ਚੀਨੀਆ)— ਮਹਾਨ ਸਿੱਖ ਧਰਮ ਦੇ ਪਿਤਾਮਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਦੁਨੀਆ ਭਰ ਵਿੱਚ ਸਿੱਖ ਸੰਗਤਾਂ ਵੱਲੋਂ ਵਿਸ਼ਾਲ ਨਗਰ ਕੀਰਤਨ ਤੇ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ। ਪਹਿਲੀ ਵਾਰ ਭਾਰਤੀ ਅੰਬੈਂਸੀ ਰੋਮ ਅਤੇ ਭਾਰਤੀ ਸੰਸਕ੍ਰਿਤ ਪ੍ਰੀਸ਼ਦ ਨਵੀਂ ਦਿੱਲੀ ਵੱਲੋਂ ਇਟਲੀ ਦੀ ਰਾਜਧਾਨੀ ਰੋਮ ਸਥਿਤ ਮੈਡਮ ਰੀਨਤ ਸੰਧੂ (ਰਾਜਦੂਤ ਭਾਰਤੀ ਅੰਬੈਂਸੀ ਰੋਮ) ਦੀ ਰਿਹਾਇਸ਼ ਵਿਖੇ ਇਟਲੀ ਦੀਆਂ ਸਮੂਹ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀਆਂ, ਸਮੂਹ ਸਿੱਖ ਸੰਗਤਾਂ ਅਤੇ ਸਮੁੱਚੇ ਭਾਰਤੀ ਭਾਈਚਾਰੇ ਦੇ ਸਹਿਯੋਗ ਨਾਲ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ।

ਇਸ ਆਗਮਨ ਪੁਰਬ ਸਮਾਰੋਹ ਮੌਕੇ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪੰਰਤ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿੱਚ ਭਾਈ ਸੁਖਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਅੰਮ੍ਰਿਤਸਰ ਸਾਹਿਬ ਗੁਰੂ ਦੀ ਗੋਦ ਵਿੱਚ ਜੁੜ ਬੈਠੀਆਂ ਸੰਗਤਾਂ ਨੂੰ ਇਲਾਹੀ ਬਾਣੀ ਦੇ ਸ਼ਬਦ-ਕੀਰਤਨ ਰਾਹੀਂ ਨਿਹਾਲ ਕਰਦਿਆਂ ਗੁਰੂ ਚਰਨਾਂ ਨਾਲ ਜੋੜਿਆ।ਇਸ ਮੌਕੇ ਉਨ੍ਹਾਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵੀ ਵਧਾਈ ਦਿੱਤੀ।
ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਮਾਣਯੋਗ ਮੈਡਮ ਰੀਨਤ ਸੰਧੂ ਰਾਜਦੂਤ ਭਾਰਤੀ ਅੰਬੈਂਸੀ ਰੋਮ ਨੇ ਕਿਹਾ ਕਿ ਅਸੀਂ ਭਾਗਾਂ ਵਾਲੇ ਹਾਂ ਕਿ ਸਾਨੂੰ ਆਪਣੇ ਜੀਵਨ ਵਿੱਚ ਇਹ ਸ਼ੁੱਭ ਦਿਹਾੜਾ ਮਨਾਉਣ ਦਾ ਸੁਭਾਗਾ ਸਮਾਂ ਮਿਲ ਰਿਹਾ ਹੈ । ਉਨ੍ਹਾਂ ਗੁਰੂ ਜੀ ਦੇ ਜੀਵਨ ਸਬੰਧੀ ਦੱਸਦੇ ਹੋਇਆ ਸਭ ਨੂੰ ਉਨ੍ਹਾਂ ਵਲੋਂ ਦਿਖਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸ਼ਾਂਤੀ, ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ । ਗੁਰੂ ਜੀ ਨੇ ਸੰਗਤਾਂ ਨੂੰ ਕਿਰਤ ਕਰਨਾ, ਵੰਡ ਛਕਣਾ ਅਤੇ ਨਾਮ ਜਪਣਾ ਸਿਖਾਇਆ।

ਇਸ ਗੁਰਪੁਰਬ ਸਮਾਰੋਹ ਵਿੱਚ ਉਚੇਚੇ ਤੌਰ 'ਤੇ ਸ਼ਰਧਾ ਹਿੱਤ ਇਟਲੀ ਦੇ ਭਾਰਤ ਵਿੱਚ ਨਵੇਂ ਬਣੇ ਅੰਬੈਸਡਰ ਵਿਚੇਂਸੋ ਦੇ ਲੂਕਾ ਵੀ ਪਹੁੰਚੇ। ਸਮਾਗਮ ਦੇ ਅੰਤ ਵਿੱਚ ਭਾਈ ਸਾਹਿਬ ਸੁਖਜਿੰਦਰ ਸਿੰਘ ਜੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਗੁਰੂ ਦੀ ਬਖ਼ਸ਼ਿਸ਼ ਸਿਰਪਾਓ ਨਾਲ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਧੰਨ ਸ੍ਰੀ ਗੁਰੂ ਗ੍ਰ੍ਰੰਥ ਸਾਹਿਬ ਜੀ ਨੂੰ ਲਿਆਉਣ ਦੀ ਸੇਵਾ ਗੁਰਦੁਆਰਾ ਸਿੰਘ ਸਭਾ ਬੋਰਗੋ ਹਰਮਾਦੇ ਦੀ ਪ੍ਰਬੰਧਕ ਕਮੇਟੀ ਵੱਲੋਂ ਨਿਭਾਈ ਗਈ। ਇਸ ਮੌਕੇ ਭਾਰਤੀ ਅੰਬੈਂਸੀ ਰੋਮ ਵੱਲੋਂ ਗੁਰੂ ਜੀ ਦੇ 550ਵੇਂ ਪ੍ਰਕਾਸ਼ ਦਿਵਸ ਨਾਲ ਸੰਬਧੀ ਕਿਤਾਬਾਂ, ਟੀ-ਸ਼ਰਟ, ਪੈੱਨ ਤੇ ਵਿਸ਼ੇਸ਼ ਕੱਪੜੇ ਦੇ ਬਣੇ ਝੋਲੇ ਆਈ ਸਭ ਸੰਗਤ ਨੂੰ ਉਪਹਾਰ ਵਜੋਂ ਦਿੱਤੇ ਤੇ ਬਾਅਦ 'ਚ ਗੁਰੂ ਦਾ ਲੰਗਰ ਅਤੁੱਟ ਵਰਤਿਆ।
ਅਫਗਾਨਿਸਤਾਨ 'ਚ ਸੁਰੱਖਿਆ ਬਲਾਂ ਦੀ ਕਾਰਵਾਈ 'ਚ 40 ਅੱਤਵਾਦੀ ਢੇਰ
NEXT STORY