ਮੈਲਬੌਰਨ (ਮਨਦੀਪ ਸਿੰਘ ਸੈਣੀ ): ਸਿੱਖ ਧਰਮ ਦੇ ਬਾਨੀ ਅਤੇ ਸਮੁੱਚੀ ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਦਲ ਬਾਬਾ ਬਿਧੀ ਚੰਦ ਜੀ ਖ਼ਾਲਸਾ ਛਾਉਣੀ, ਪਲੰਪਟਨ (ਮੈਲਬੌਰਨ) ਵਿਖੇ ਬੇਹੱਦ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਧਾਰਮਿਕ ਸਮਾਗਮਾਂ ਵਿੱਚ ਸਵੇਰ ਤੋਂ ਲੈ ਕੇ ਦੇਰ ਰਾਤ ਤੱਕ ਸੰਗਤਾਂ ਦੀ ਭਰਵੀਂ ਆਮਦ ਬਣੀ ਰਹੀ। ਗੁਰਬਾਣੀ ਕੀਰਤਨ, ਕਥਾ-ਵਿਚਾਰ ਅਤੇ ਧਾਰਮਿਕ ਰਸਮਾਂ ਨੇ ਸਮੁੱਚੇ ਮਾਹੌਲ ਨੂੰ ਰੂਹਾਨੀ ਰੰਗ ਵਿੱਚ ਰੰਗ ਦਿੱਤਾ।

ਸਮਾਗਮਾਂ ਦੀ ਸ਼ੁਰੂਆਤ ਅੰਮ੍ਰਿਤ ਵੇਲੇ ਨਿਤਨੇਮ ਦੀਆਂ ਬਾਣੀਆਂ ਦੇ ਪਾਠ ਨਾਲ ਹੋਈ। ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਅਤੇ ਆਸਾ ਦੀ ਵਾਰ ਦੇ ਕੀਰਤਨ ਨਾਲ ਗੁਰਮਤਿ ਦੀਵਾਨ ਸਜਾਏ ਗਏ। ਦਿਨ ਭਰ ਵੱਖ-ਵੱਖ ਰਾਗੀ ਜਥਿਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਕਥਾਵਾਚਕਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਉਪਦੇਸ਼ਾਂ ਦੀ ਵਿਸਥਾਰਪੂਰਵਕ ਵਿਆਖਿਆ ਕਰਦਿਆਂ ਉਨ੍ਹਾਂ ਦੀ ਸਰਬਸਾਂਝੀਵਾਲਤਾ ਅਤੇ ਮਨੁੱਖਤਾ ਦੀ ਭਲਾਈ ਵਾਲੀ ਵਿਚਾਰਧਾਰਾ ਤੋਂ ਜਾਣੂ ਕਰਵਾਇਆ।

ਗੁਰਮਤਿ ਵਿਚਾਰਾਂ ਦੌਰਾਨ ਗੁਰੂ ਸਾਹਿਬ ਵੱਲੋਂ ਸਮੁੱਚੀ ਲੋਕਾਈ ਨੂੰ ਦਿੱਤੇ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦੇ ਸਿਧਾਂਤਾਂ ਨੂੰ ਜੀਵਨ ਵਿੱਚ ਅਪਣਾਉਣ ਦੀ ਪ੍ਰੇਰਨਾ ਦਿੱਤੀ ਗਈ। ਬੁਲਾਰਿਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਅਤੇ ਵਿਚਾਰਧਾਰਾ ਅੱਜ ਵੀ ਮਨੁੱਖਤਾ ਨੂੰ ਬਰਾਬਰੀ, ਸੱਚਾਈ, ਆਪਸੀ ਪਿਆਰ ਅਤੇ ਨਿਸ਼ਕਾਮ ਸੇਵਾ ਦਾ ਮਾਰਗ ਦਿਖਾ ਰਹੀ ਹੈ।

ਸ਼ਾਮ ਦੇ ਦੀਵਾਨਾਂ ਦੌਰਾਨ ਸ੍ਰੀ ਸੁਖਮਨੀ ਸਾਹਿਬ ਅਤੇ ਸੋਦਰ ਰਹਿਰਾਸ ਸਾਹਿਬ ਦੇ ਪਾਠ ਕੀਤੇ ਗਏ, ਜਿਸ ਉਪਰੰਤ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਆਰਤੀ-ਆਰਤਾ ਅਤੇ ਗੁਰਬਾਣੀ ਕੀਰਤਨ ਰਾਹੀਂ ਗੁਰੂ ਸਾਹਿਬ ਦੀ ਮਹਿਮਾ ਦਾ ਗਾਇਨ ਕੀਤਾ ਗਿਆ। ਅੰਮ੍ਰਿਤ ਵੇਲੇ ਤੋਂ ਸ਼ੁਰੂ ਹੋਏ ਇਹ ਧਾਰਮਿਕ ਦੀਵਾਨ ਦੇਰ ਰਾਤ ਤੱਕ ਜਾਰੀ ਰਹੇ ਅਤੇ ਸੰਗਤਾਂ ਨੇ ਪੂਰੀ ਸ਼ਰਧਾ ਨਾਲ ਹਾਜ਼ਰੀ ਭਰਦਿਆਂ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਸਮੁੱਚੀ ਖ਼ਾਲਸਾ ਛਾਉਣੀ ਨੂੰ ਰੰਗ-ਬਿਰੰਗੀਆਂ ਰੌਸ਼ਨੀਆਂ ਅਤੇ ਸੁੰਦਰ ਸਜਾਵਟ ਨਾਲ ਸ਼ਿੰਗਾਰਿਆ ਗਿਆ ਸੀ। ਰਾਤ ਸਮੇਂ ਹੋਈ ਮਨਮੋਹਕ ਆਤਿਸ਼ਬਾਜ਼ੀ ਨੇ ਸਮਾਗਮ ਦੀ ਰੌਣਕ ਵਿੱਚ ਹੋਰ ਵਾਧਾ ਕੀਤਾ ਅਤੇ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀ ਰਹੀ। ਸਮਾਗਮ ਦੇ ਅੰਤ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਪੜ੍ਹੋ ਇਹ ਅਹਿਮ ਖ਼ਬਰ- ਕੈਨੇਡਾ 'ਚ ਸੈਂਕੜੇ ਪੰਜਾਬੀ ਪਰਿਵਾਰ ਹੋਏ ਦੀਵਾਲੀਆ
ਇਸ ਪਾਵਨ ਮੌਕੇ ਗੁਰੂ ਕੇ ਲੰਗਰ ਦੀ ਅਤੁੱਟ ਸੇਵਾ ਵਰਤਾਈ ਗਈ। ਵੱਖ-ਵੱਖ ਸੇਵਾਦਾਰਾਂ, ਕਾਰੋਬਾਰੀ ਅਦਾਰਿਆਂ ਅਤੇ ਸੰਗਤਾਂ ਵੱਲੋਂ ਲੰਗਰ ਦੀ ਸੇਵਾ ਵਿੱਚ ਵਧ-ਚੜ੍ਹ ਕੇ ਯੋਗਦਾਨ ਪਾਇਆ ਗਿਆ। ਸੰਗਤਾਂ ਵੱਲੋਂ ਤਨ, ਮਨ ਅਤੇ ਧਨ ਨਾਲ ਨਿਭਾਈ ਗਈ ਸੇਵਾ ਸਿੱਖ ਧਰਮ ਦੇ ਸੰਗਤ-ਪੰਗਤ, ਸਮਾਨਤਾ ਅਤੇ ਨਿਸ਼ਕਾਮ ਸੇਵਾ ਦੇ ਉੱਚੇ ਸਿਧਾਂਤਾਂ ਦੀ ਪ੍ਰਤੱਖ ਝਲਕ ਪੇਸ਼ ਕਰਦੀ ਰਹੀ। ਵਿਦੇਸ਼ਾਂ ਦੀ ਧਰਤੀ ’ਤੇ ਅਜਿਹੇ ਗੁਰਮਤਿ ਸਮਾਗਮ ਸਿੱਖ ਭਾਈਚਾਰੇ ਨੂੰ ਆਪਣੇ ਧਰਮ, ਇਤਿਹਾਸ ਅਤੇ ਅਮੀਰ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਸ ਦੇ ਨਾਲ ਹੀ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ, ਗੁਰਬਾਣੀ ਅਤੇ ਸਿੱਖੀ ਦੇ ਮੂਲ ਸਿਧਾਂਤਾਂ ਤੋਂ ਜਾਣੂ ਕਰਵਾਉਣ ਦਾ ਵੀ ਇਹ ਇੱਕ ਸਾਰਥਕ ਉਪਰਾਲਾ ਹੈ।
ਅੰਤ ਵਿੱਚ ਦਲ ਬਾਬਾ ਬਿਧੀ ਚੰਦ ਜੀ ਖ਼ਾਲਸਾ ਛਾਉਣੀ ਵੱਲੋਂ ਸਮਾਗਮ ਵਿੱਚ ਸ਼ਾਮਲ ਹੋਈਆਂ ਸਮੂਹ ਸੰਗਤਾਂ, ਸੇਵਾਦਾਰਾਂ, ਲੰਗਰ ਦੀ ਸੇਵਾ ਕਰਨ ਵਾਲੀਆਂ ਸੰਸਥਾਵਾਂ, ਕਾਰੋਬਾਰੀ ਅਦਾਰਿਆਂ ਅਤੇ ਸਹਿਯੋਗੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨ ਦਾ ਸੰਦੇਸ਼ ਵੀ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
PM ਮੋਦੀ ਦੇ ਕੈਨੇਡਾ ਦੌਰੇ ਤੋਂ ਪਹਿਲਾਂ ਦੋਵਾਂ ਦੇਸ਼ਾਂ ਵਿਚਾਲੇ ਕਈ ਅਹਿਮ ਸਮਝੌਤਿਆਂ 'ਤੇ ਗੱਲਬਾਤ ਤੇਜ਼
NEXT STORY