ਮਿਲਾਨ (ਸਾਬੀ ਚੀਨੀਆ)- ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦਿਆਂ ਇਟਲੀ ਵਿੱਚ ਵਸਦੀਆਂ ਸਿੱਖ ਸੰਗਤਾਂ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਸਤਲਗੌਂਬੈਰਤੋ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ 'ਚ ਇਲਾਕੇ ਭਰ ਤੋਂ ਸੰਗਤਾਂ ਦੀ ਸ਼ਮੂਲੀਅਤ ਨੇ ਨਗਰ ਕੀਰਤਨ ਦੀ ਰੌਣਕ ਨੂੰ ਵਧਾਇਆ।
ਨਗਰ ਕੀਰਤਨ ਦੀ ਆਰੰਭਤਾ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਗੁਰਦੁਆਰਾ ਸਾਹਿਬ ਤੋਂ ਹੋਈ, ਜਿਸ ਦੀ ਅਗਵਾਈ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਨੇ ਕੀਤੀ। ਸੰਗਤਾਂ ਦੁਆਰਾ ਸਾਰੇ ਰਸਤੇ ਸ਼ਬਦ ਕੀਰਤਨ ਨਾਲ ਗੁਰੂ ਦਾ ਜੱਸ ਗਾਇਨ ਕੀਤਾ ਗਿਆ। ਰਸਤੇ ਵਿਚ ਜਗ੍ਹਾ-ਜਗ੍ਹਾ ਸ਼ਰਧਾਲੂ ਸੰਗਤਾਂ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ।

ਨਗਰ ਕੀਰਤਨ ਦੌਰਾਨ ਪੰਥ ਦੇ ਪ੍ਰਸਿੱਧ ਢਾਡੀ ਜੱਥੇ ਭਾਈ ਸਤਪਾਲ ਸਿੰਘ ਗਰਚਾ ਅਤੇ ਸਾਥੀਆਂ ਦੁਆਰਾ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਗੌਰਵਮਈ ਸਿੱਖ ਇਤਿਹਾਸ ਸਰਵਣ ਕਰਵਾਇਆ ਗਿਆ। ਸੇਵਾਦਾਰਾਂ ਨੇ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦੇ ਸਟਾਲਾਂ ਦਾ ਪ੍ਰਬੰਧ ਕਰ ਕੇ ਆਈਆਂ ਸੰਗਤਾਂ ਨੂੰ ਲੰਗਰ ਛਕਾਇਆ ਅਤੇ ਸੇਵਾਵਾਂ ਵਿੱਚ ਹਿੱਸਾ ਪਾਇਆ।
ਇਟਲੀ 'ਚ ਯੂਨੀਅਨ ਸਿੱਖ ਇਟਲੀ ਦੇ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਸੰਸਥਾ ਦੇ ਮੁੱਖ ਸੇਵਾਦਾਰ ਭਾਈ ਸਤਵਿੰਦਰ ਸਿੰਘ ਬਾਜਵਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀਆ ਵਧਾਈਆਂ ਦਿੱਤੀਆਂ। ਇਸ ਦੌਰਾਨ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆ ਪ੍ਰਬੰਧਕ ਕਮੇਟੀਆਂ ਅਤੇ ਹੋਰਨਾਂ ਸੇਵਾਦਾਰਾਂ ਨੂੰ ਸਿਰੋਪਾੳ ਭੇਂਟ ਕੀਤੇ ਗਏ।

ਪੁਲਸ ਪ੍ਰਸ਼ਾਸਨ ਦੁਆਰਾ ਟ੍ਰੈਫ਼ਿਕ ਨੂੰ ਬੜੇ ਸੁਚੱਜੇ ਢੰਗ ਨਾਲ ਕੰਟਰੋਲ ਕਰਕੇ ਸਹਿਯੋਗ ਦਿੱਤਾ ਗਿਆ, ਜਿਸ ਲਈ ਸ਼ਹਿਰ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਸਨਮਾਨ ਚਿੰਨ ਭੇਂਟ ਕੀਤੇ ਗਏ। ਸ਼ਾਮ ਨੂੰ ਕਸਤਲਗੌਂਬੈਰਤੋ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੁਆਰਾ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇੰਨੇ ਵੱਡੇ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਹੀ ਨੇਪਰੇ ਚੜ੍ਹਦੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਿਸ ਮਨਪ੍ਰੀਤ ਸਰਨਾ ਨੂੰ 'ਸਿੰਘ ਡਿਜੀਟਲ ਹਾਊਸ ਯੂਰਪ' ਦਾ ਵਾਈਸ ਪ੍ਰੈਜ਼ੀਡੈਂਟ ਕੀਤਾ ਗਿਆ ਨਿਯੁਕਤ
NEXT STORY