ਇਸਲਾਮਾਬਾਦ (ਬਿਊਰੋ)— ਦਿੱਲੀ ਸਥਿਤ ਵੱਖ-ਵੱਖ ਦੂਤਘਰਾਂ ਦੇ 84 ਰਾਜਦੂਤਾਂ ਨੇ ਮੰਗਲਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ। ਇਸ ਸੰਬੰਧੀ ਭਾਰਤ ਸਰਕਾਰ ਵੱਲੋਂ ਪਾਕਿਸਤਾਨ, ਚੀਨ ਸਮੇਤ ਬਰਤਾਨੀਆ ਦੇ ਰਾਜਦੂਤਾਂ ਨੂੰ ਵੀ ਸੱਦਾ ਦਿੱਤਾ ਗਿਆ ਸੀ ਪਰ ਇਨ੍ਹਾਂ ਦੇਸ਼ਾਂ ਨੇ ਭਾਰਤ ਸਰਕਾਰ ਦਾ ਸੱਦਾ ਸਵੀਕਾਰ ਨਹੀਂ ਕੀਤਾ। ਗੌਰਤਲਬ ਹੈ ਕਿ ਭਾਰਤ ਸਰਕਾਰ ਵੱਲੋਂ ਜੰਮੂ-ਕਸ਼ਮੀਰ ਵਿਚੋਂ ਧਾਰਾ 370 ਖਤਮ ਕਰਨ ਦੇ ਬਾਅਦ ਤੋਂ ਪਾਕਿਸਤਾਨ ਨਾਲ ਸੰਬੰਧਾਂ ਵਿਚ ਤਣਾਅ ਦੀ ਸਥਿਤੀ ਬਣੀ ਹੋਈ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵੱਲੋਂ ਭਾਰਤ ਵਿਚ ਤਾਇਨਾਤ ਵੱਖ-ਵੱਖ ਦੇਸ਼ਾਂ ਦੇ ਰਾਜਦੂਤ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੀ ਅਗਵਾਈ ਵਿਚ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ ਰਾਜਦੂਤਾਂ ਨੇ ਪਲਾਜ਼ਾ ਦੇ ਜ਼ਮੀਨਦੋਜ ਹਿੱਸੇ 'ਚ ਬਣੇ ਵਿਆਖਿਆ ਕੇਂਦਰ ਵਿਖੇ ਸਿੱਖ ਇਤਿਹਾਸ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸ਼ਰਧਾ ਨਾਲ ਪ੍ਰਸ਼ਾਦਾ ਛਕਿਆ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਨਤਮਸਤਕ ਹੋਏ। ਸ਼੍ਰੋਮਣੀ ਕਮੇਟੀ ਵੱਲੋਂ ਰਾਜਦੂਤਾਂ ਦੀ ਆਮਦ ਨੂੰ ਲੈ ਕੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਭਗਵੰਤ ਸਿੰਘ ਸਿਆਲਕਾ, ਸਕੱਤਰ ਮਹਿੰਦਰ ਸਿੰਘ ਆਹਲੀ ਨੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਇਕ ਵਿਸ਼ੇਸ਼ ਪੰਡਾਲ ਤਿਆਰ ਕਰ ਕੇ ਰਾਜਦੂਤਾਂ ਦਾ ਸਨਮਾਨ ਕੀਤਾ। ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਆਖਿਆ ਕਿ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਜਦੂਤਾਂ ਨੂੰ ਲਿਆਉਣ ਦਾ ਮੰਤਵ ਗੁਰੂ ਸਾਹਿਬ ਦੇ ਸਾਂਝੀਵਾਲਤਾ ਦੇ ਸੰਦੇਸ਼ ਤੇ ਵਿਸ਼ਵ ਸ਼ਾਂਤੀ ਦੇ ਸਰੋਕਾਰਾਂ ਨੂੰ ਉਭਾਰਨਾ ਹੈ। ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਮੁਖਤਾਰ ਸਿੰਘ, ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਤੇ ਪੁਲਸ ਕਮਿਸ਼ਨਰ ਸੁਖਚੈਨ ਸਿੰਘ ਆਦਿ ਮੌਜੂਦ ਸਨ।
'ਧਾਰਮਿਕ ਸ਼ੋਸ਼ਣ ਪਾਕਿਸਤਾਨ ਦੀ ਆਦਤ ਬਣ ਗਈ ਹੈ'
NEXT STORY