ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਦੀਆਂ 3 ਅਗਾਊਂ ਜ਼ਮਾਨਤ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ। ਵਧੀਕ ਸੈਸ਼ਨ ਜੱਜ ਮੁਹੰਮਦ ਅਫਜ਼ਲ ਮਜੋਕਾ ਨੇ 26 ਨਵੰਬਰ ਦੇ ਵਿਰੋਧ ਪ੍ਰਦਰਸ਼ਨਾਂ ਨਾਲ ਸਬੰਧਤ ਮਾਮਲਿਆਂ ਵਿੱਚ ਪਟੀਸ਼ਨਾਂ 'ਤੇ ਸੁਣਵਾਈ ਕੀਤੀ। ਬੀਬੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੇ ਸੈਂਕੜੇ ਵਰਕਰਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਸਨ।
ਹਿਰਾਸਤ ਵਿੱਚ ਲਏ ਗਏ ਪੀ.ਟੀ.ਆਈ. ਮੈਂਬਰਾਂ ਦੀ ਰਿਹਾਈ ਅਤੇ ਹੋਰ ਮੰਗਾਂ ਲਈ 72 ਸਾਲਾ ਖਾਨ ਨੇ 26 ਨਵੰਬਰ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਕਰਨ ਦਾ 13 ਨਵੰਬਰ ਨੂੰ ਲੋਕਾਂ ਨੂੰ ਸੱਦਾ ਦਿੱਤਾ ਸੀ। ਖਾਨ ਦੇ ਸੱਦੇ 'ਤੇ ਹਜ਼ਾਰਾਂ ਪੀ.ਟੀ.ਆਈ. ਵਰਕਰ ਇਸਲਾਮਾਬਾਦ ਪਹੁੰਚੇ ਪਰ ਉਨ੍ਹਾਂ ਨੂੰ ਪੁਲਸ ਦੀ ਕਾਰਵਾਈ ਦਾ ਸਾਹਮਣਾ ਕਰਨਾ ਪਿਆ। ਪੀ.ਟੀ.ਆਈ. ਵਰਕਰਾਂ ਨੂੰ ਜ਼ਬਰਦਸਤੀ ਖਿੰਡਾਇਆ ਗਿਆ, ਜਦੋਂ ਕਿ 1,400 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ।
ਬੁਸ਼ਰਾ ਬੀਬੀ ਅਦਾਲਤ ਵਿੱਚ ਮੌਜੂਦ ਨਹੀਂ ਸੀ ਅਤੇ ਉਨ੍ਹਾਂ ਦੇ ਵਕੀਲ ਖਾਲਿਦ ਯੂਸਫ਼ ਚੌਧਰੀ ਨੇ ਉਨ੍ਹਾਂ ਨੂੰ ਇਸ ਆਧਾਰ 'ਤੇ ਪੇਸ਼ ਹੋਣ ਤੋਂ ਛੋਟ ਦੇਣ ਦੀ ਮੰਗ ਕਰਦੇ ਹੋਏ ਅਰਜ਼ੀ ਦਾਇਰ ਕੀਤੀ ਕਿ ਉਨ੍ਹਾਂ ਨੂੰ ਕਿਸੇ ਹੋਰ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ, ਜਿੱਥੇ ਅਲ-ਕਾਦਿਰ ਟਰੱਸਟ ਭ੍ਰਿਸ਼ਟਾਚਾਰ ਮਾਮਲੇ ਵਿੱਚ ਫੈਸਲਾ ਸੁਣਾਉਣਾ ਸੀ। ਸਰਕਾਰੀ ਵਕੀਲ ਇਕਬਾਲ ਕੱਖੜ ਨੇ ਜ਼ਮਾਨਤ ਦਾ ਵਿਰੋਧ ਕਰਦੇ ਹੋਏ ਦਲੀਲ ਦਿੱਤੀ ਕਿ ਬੁਸ਼ਰਾ ਬੀਬੀ ਲੋੜੀਂਦੇ ਜ਼ਮਾਨਤ ਬਾਂਡ ਜਮ੍ਹਾ ਕਰਨ ਵਿੱਚ ਅਸਫਲ ਰਹੀ ਹੈ। ਜ਼ਿਕਰਯੋਗ ਹੈ ਕਿ ਬੁਸ਼ਰਾ ਬੀਬੀ ਨੇ ਸਾਲ 2018 ਵਿੱਚ ਇਮਰਾਨ ਨਾਲ ਵਿਆਹ ਕੀਤਾ ਸੀ ਅਤੇ ਉਹ ਉਨ੍ਹਾਂ ਦੀ ਤੀਜੀ ਪਤਨੀ ਹੈ।
6.9 ਤੀਬਰਤਾ ਦੇ ਭੂਚਾਲ ਨਾਲ ਕੰਬਿਆ ਜਾਪਾਨ, ਸੁਨਾਮੀ ਦੀ ਚਿਤਾਵਨੀ ਜਾਰੀ
NEXT STORY