ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਮਰਥਕਾਂ ਨੇ ਇਸਲਾਮਾਬਾਦ ਅਤੇ ਰਾਵਲਪਿੰਡੀ ਵਿੱਚ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾਈ ਹੈ। ਇਹ ਪ੍ਰਦਰਸ਼ਨ ਖਾਨ ਦੀ ਸਿਹਤ ਨੂੰ ਲੈ ਕੇ ਵਧ ਰਹੀਆਂ ਚਿੰਤਾਵਾਂ ਦੇ ਮੱਦੇਨਜ਼ਰ ਕੀਤੇ ਜਾ ਰਹੇ ਹਨ, ਕਿਉਂਕਿ ਜੇਲ੍ਹ ਵਿੱਚ ਉਨ੍ਹਾਂ ਦਾ ਲਗਭਗ ਇੱਕ ਮਹੀਨੇ ਤੋਂ ਉਨ੍ਹਾਂ ਦਾ ਕਿਸੇ ਨਾਲ ਕੋਈ ਸੰਪਰਕ ਨਹੀਂ ਹੋਇਆ ਹੈ। ਇਸ ਕਾਰਨ ਉਨ੍ਹਾਂ ਦੀ ਮੌਤ ਹੋਣ ਦੀਆਂ ਅਫਵਾਹਾਂ ਵੀ ਤੇਜ਼ ਹੋ ਗਈਆਂ ਹਨ।
ਇਹ ਪ੍ਰਦਰਸ਼ਨ ਇਮਰਾਨ ਖਾਨ ਦੀ ਪਾਰਟੀ, ਪਾਕਿਸਤਾਨ ਤਹਿਰੀਕ-ਏ-ਇਨਸਾਫ਼ (PTI) ਵੱਲੋਂ ਕੀਤੇ ਜਾ ਰਹੇ ਹਨ। ਇਹ ਪ੍ਰਦਰਸ਼ਨ ਰਾਵਲਪਿੰਡੀ ਵਿੱਚ ਅਦਿਆਲਾ ਜੇਲ੍ਹ ਦੇ ਬਾਹਰ ਅਤੇ ਇਸਲਾਮਾਬਾਦ ਹਾਈ ਕੋਰਟ ਦੇ ਬਾਹਰ ਹੋਣੇ ਤੈਅ ਹਨ। ਜਾਣਕਾਰੀ ਦਿੰਦੇ ਹੋਏ ਪੀ.ਟੀ.ਆਈ. ਨੇਤਾ ਅਸਦ ਕੈਸਰ ਨੇ ਦੱਸਿਆ ਕਿ ਪ੍ਰਦਰਸ਼ਨਾਂ ਦੀ ਯੋਜਨਾ ਇਸ ਲਈ ਬਣਾਈ ਗਈ ਹੈ ਕਿਉਂਕਿ ਇਸਲਾਮਾਬਾਦ ਹਾਈ ਕੋਰਟ ਆਪਣੇ ਆਦੇਸ਼ ਨੂੰ ਲਾਗੂ ਨਹੀਂ ਕਰ ਸਕੀ ਅਤੇ ਅਦਿਆਲਾ ਜੇਲ੍ਹ ਪ੍ਰਸ਼ਾਸਨ ਅਦਾਲਤੀ ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਤਿਆਰ ਨਹੀਂ ਹੈ।
ਇਸ ਪ੍ਰਦਰਸ਼ਨ ਦੇ ਮੱਦੇਨਜ਼ਰ ਜਵਾਬ ਪ੍ਰਸ਼ਾਸਨ ਨੇ ਇਸਲਾਮਾਬਾਦ ਤੇ ਰਾਵਲਪਿੰਡੀ, ਦੋਵਾਂ ਸ਼ਹਿਰਾਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ। ਇਸਲਾਮਾਬਾਦ ਵਿੱਚ 'ਰੈੱਡ ਜ਼ੋਨ' ਸਮੇਤ ਕਿਸੇ ਵੀ ਜਨਤਕ ਥਾਂ 'ਤੇ 5 ਜਾਂ ਵੱਧ ਵਿਅਕਤੀਆਂ ਦੇ ਸਾਰੇ ਤਰ੍ਹਾਂ ਦੇ ਇਕੱਠਾਂ, ਰੈਲੀਆਂ ਅਤੇ ਪ੍ਰਦਰਸ਼ਨਾਂ 'ਤੇ ਦੋ ਮਹੀਨਿਆਂ ਦੀ ਪਾਬੰਦੀ ਲਗਾਈ ਗਈ ਹੈ, ਜੋ 18 ਜਨਵਰੀ 2026 ਤੱਕ ਲਾਗੂ ਰਹੇਗੀ, ਜਦਕਿ ਰਾਵਲਪਿੰਡੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ 1 ਦਸੰਬਰ ਤੋਂ 3 ਦਸੰਬਰ ਤੱਕ ਤਿੰਨ ਦਿਨਾਂ ਲਈ ਧਾਰਾ 144 ਲਾਗੂ ਕੀਤੀ ਹੈ, ਜਿਸ ਵਿੱਚ ਅਸਲੇ, ਪੈਟਰੋਲ ਬੰਬਾਂ ਅਤੇ ਹਿੰਸਾ ਲਈ ਵਰਤੇ ਜਾਣ ਵਾਲੇ ਕਿਸੇ ਵੀ ਯੰਤਰ ਨੂੰ ਚੁੱਕਣ 'ਤੇ ਵੀ ਮਨਾਹੀ ਹੈ।
ਜ਼ਿਕਰਯੋਗ ਹੈ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਗਸਤ 2023 ਤੋਂ ਜੇਲ੍ਹ ਵਿੱਚ ਹਨ ਅਤੇ ਭ੍ਰਿਸ਼ਟਾਚਾਰ ਸਮੇਤ ਕਈ ਮਾਮਲਿਆਂ ਵਿੱਚ ਸਜ਼ਾ ਕੱਟ ਰਹੇ ਹਨ। ਪਰ ਬੀਤੇ ਕਰੀਬ 1 ਮਹੀਨੇ ਤੋਂ ਉਨ੍ਹਾਂ ਨੂੰ ਕਿਸੇ ਨਾਲ ਵੀ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ, ਜਿਸ ਕਾਰਨ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਾਵਾਂ ਪੈਦਾ ਹੋ ਰਹੀਆਂ ਹਨ। ਖਾਨ ਦੇ ਪਰਿਵਾਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਡਰ ਹੈ ਕਿ ਅਧਿਕਾਰੀ ਉਨ੍ਹਾਂ ਦੀ ਸਥਿਤੀ ਬਾਰੇ ਕੁਝ ਲੁਕਾ ਰਹੇ ਹਨ। ਇਸ ਤੋਂ ਬਾਅਦ ਬੀਤੇ ਕੁਝ ਦਿਨਾਂ ਤੋਂ ਇਮਰਾਨ ਦੀਆਂ ਮੌਤ ਦੀਆਂ ਖ਼ਬਰਾਂ ਨੇ ਸਥਿਤੀ ਹੋਰ ਜ਼ਿਆਦਾ ਤਣਾਅਪੂਰਨ ਬਣਾ ਦਿੱਤੀ ਹੈ, ਜਿਸ ਮਗਰੋਂ ਇਮਰਾਨ ਦੇ ਸਮਰਥਕਾਂ ਨੇ ਵੱਡੇ ਪੱਧਰ 'ਤੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਗੁਰੂ ਦੇ ਰੰਗ 'ਚ ਰੰਗੀਆਂ ਸੰਗਤਾਂ
NEXT STORY