ਜੈਤੋ (ਰਘੂਨੰਦਨ ਪਰਾਸ਼ਰ ): ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1942 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਗੀ ਕਰਨ ਸਮੇਂ ਜਥੇ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰਜੰਗ ਬਹਾਦਰ ਸਿੰਘ, ਡਿਪਟੀ ਲੀਡਰ ਮੈਂਬਰ ਬੀਬੀ ਜੋਗਿੰਦਰ ਕੌਰ ਬਠਿੰਡਾ, ਅੰਤ੍ਰਿੰਗ ਮੈਂਬਰ ਰਵਿੰਦਰ ਸਿੰਘ ਖ਼ਾਲਸਾ, ਮੈਂਬਰ ਬੀਬੀ ਜਸਪਾਲ ਕੌਰ, ਰਾਮਪਾਲ ਸਿੰਘ ਬਹਿਣੀਵਾਲ, ਮੀਤ ਸਕੱਤਰ ਗੁਰਚਰਨ ਸਿੰਘ ਕੋਹਾਲਾ, ਮੈਨੇਜਰ ਸਤਨਾਮ ਸਿੰਘ ਰਿਆੜ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਓਐਸਡੀ ਸਤਬੀਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨ ਦਿੱਤਾ।
ਇਸ ਮੌਕੇ ਗੱਲਬਾਤ ਕਰਦਿਆਂ ਜਥੇ ਦੇ ਆਗੂ ਜੰਗ ਬਹਾਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਹਰ ਸਿੱਖ ਦੇ ਮਨ ਅੰਦਰ ਤਾਂਘ ਹੁੰਦੀ ਹੈ ਅਤੇ ਦਰਸ਼ਨ ਲਈ ਸਮਾਂ ਮਿਲਣ ਤੇ ਸਿੱਖ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾਂ ਨੂੰ ਜਥੇ ਦੀ ਅਗਵਾਈ ਸੌਂਪਣ ਲਈ ਧੰਨਵਾਦ ਕੀਤਾ।
ਇਹ ਵੀ ਪੜ੍ਹੋ- ਤਰਨਤਾਰਨ 'ਚ ਗੋਲੀ ਮਾਰ ਕੇ ਕਤਲ ਕੀਤੇ ਪੁਲਸ ਮੁਲਾਜ਼ਮ ਦੇ ਪਰਿਵਾਰ ਲਈ CM ਮਾਨ ਦਾ ਅਹਿਮ ਐਲਾਨ
ਜਥਾ ਰਵਾਨਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਜਥਾ ਪਾਕਿਸਤਾਨ ਵਿਖੇ ਖਾਲਸਾ ਸਾਜਣਾ ਦਿਵਸ ਵਿਸਾਖੀ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ। ਇਹ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨਅਬਦਾਲ, ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਸੱਚਾ ਸੌਦਾ ਸਾਹਿਬ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਦੇ ਦਰਸ਼ਨ ਕਰਕੇ 19 ਅਪ੍ਰੈਲ ਨੂੰ ਇਹ ਜਥਾ ਵਾਪਸ ਭਾਰਤ ਪਰਤੇਗਾ। ਸ਼੍ਰੋਮਣੀ ਕਮੇਟੀ ਸਕੱਤਰ ਨੇ ਖੁੱਲ੍ਹਦਿੱਲੀ ਨਾਲ ਵੀਜ਼ੇ ਦੇਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪਾਕਿਸਤਾਨ ਸਰਕਾਰ ਅਤੇ ਦੂਤਾਵਾਸ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਅੱਗੇ ਵੀ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਵੀਜ਼ੇ ਦੇਣ ਦੀ ਆਸ ਪ੍ਰਗਟਾਈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਲੱਗ ਗਈ ਵੱਡੀ ਪਾਬੰਦੀ, 3 ਮਹੀਨੇ ਲਾਗੂ ਰਹਿਣਗੇ ਹੁਕਮ
ਜਥੇ ਦੀ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਬਿਜੈ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਪਲਵਿੰਦਰ ਸਿੰਘ ਇੰਚਾਰਜ ਯਾਤਰਾ, ਮੇਜਰ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸੁਰਜੀਤ ਸਿੰਘ ਰਾਣਾ ਸਮੇਤ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦਾ ਸਟਾਫ਼ ਅਤੇ ਜਥੇ ਵਿਚ ਜਾਣ ਵਾਲੇ ਯਾਤਰੂ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭੂਚਾਲ ਦੇ ਝਟਕਿਆ ਨਾਲ ਫਿਰ ਕੰਬੀ ਧਰਤੀ, ਘਰਾਂ 'ਚੋਂ ਬਾਹਰ ਨਿਕਲੇ ਲੋਕ
NEXT STORY