ਮਿਲਾਨ/ਇਟਲੀ (ਸਾਬੀ ਚੀਨੀਆ)- ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਟਲੀ ਦੇ ਨੌਜਵਾਨ ਆਗੂ ਹਰਪ੍ਰੀਤ ਸਿੰਘ ਜੀਰਾ ਦੀ ਰਹਿਨੁਮਾਈ ਹੇਠ ਇਟਲੀ ਤੋਂ ਇੱਕ ਵਿਸ਼ੇਸ਼ ਵਫ਼ਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਿਆ ਅਤੇ ਉਹਨਾਂ ਦੇ ਨਾਲ ਵਿਚਾਰ ਵਟਾਂਦਰੇ ਕੀਤੇ ਗਏ। ਇਸ ਮੌਕੇ ਗਿਆਨੀ ਰਘਬੀਰ ਸਿੰਘ ਨੇ ਗੱਲ ਕਰਦਿਆਂ ਆਖਿਆ ਕਿ ਉਹ ਇਟਲੀ ਦੇ ਸਿੱਖਾਂ ਦੇ ਵਿਸ਼ੇਸ਼ ਸੱਦੇ 'ਤੇ ਗੁਰਦੁਆਰਾ ਸਿੰਘ ਸਭਾ ਫਲੈਰੋ ਵੱਲੋਂ ਕਰਵਾਏ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਨ ਲਈ ਇਟਲੀ ਗਏ ਸਨ ਅਤੇ ਉਹ ਭਵਿੱਖ ਵਿੱਚ ਵੀ ਦੁਬਾਰਾ ਅਜਿਹਾ ਪ੍ਰੋਗਰਾਮ ਉਲੀਕ ਰਹੇ ਹਨ ਤਾਂ ਜੋ ਵਿਦੇਸ਼ਾਂ ਵਿੱਚ ਵੱਸਦੀਆਂ ਸਿੱਖ ਸੰਗਤਾਂ ਦੇ ਨਾਲ ਨੇੜਿਓਂ ਵਿਚਾਰਾਂ ਕੀਤੀਆਂ ਜਾ ਸਕਣ।
ਇਸ ਦੌਰਾਨ ਇਟਲੀ ਤੋਂ ਹਰਪ੍ਰੀਤ ਸਿੰਘ ਜੀਰਾ ਤੇ ਨੌਜਵਾਨ ਅਕਾਲੀ ਦਲ ਇਟਲੀ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਕਾਲਰੂ ਵੱਲੋਂ ਜਥੇਦਾਰ ਸਾਹਿਬ ਨਾਲ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਇਟਲੀ ਦੇ ਵਿੱਚ 70 ਦੇ ਕਰੀਬ ਗੁਰਦੁਆਰਾ ਸਾਹਿਬ ਹਨ ਅਤੇ ਸਮੇਂ-ਸਮੇਂ ਸਿਰ ਇੱਥੇ ਰਹਿੰਦੀਆਂ ਸਿੱਖ ਸੰਗਤਾਂ ਵੱਲੋਂ ਕੌਮ ਦੀ ਚੜ੍ਹਦੀ ਕਲਾ ਲਈ ਅੰਮ੍ਰਿਤ ਸੰਚਾਰ ਪ੍ਰੋਗਰਾਮ ਉਲੀਕੇ ਜਾਂਦੇ ਹਨ ਤਾਂ ਜੋ ਵਿਦੇਸ਼ਾਂ ਵਿੱਚ ਜਨਮੇ ਬੱਚਿਆਂ ਨੂੰ ਸਿੱਖ ਧਰਮ ਦੇ ਨਾਲ ਜੋੜਿਆ ਜਾ ਸਕੇ। ਇਸ ਮੌਕੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਗ੍ਰੰਥੀ ਸਿੰਘ ਬਾਬਾ ਬਲਜੀਤ ਸਿੰਘ ਜੀ, ਕਰਨੈਲ ਸਿੰਘ ਪੀਰ, ਮੁਹੰਮਦ ਭਾਈ ਜਸਪਾਲ ਸਿੰਘ, ਸਕੱਤਰ ਸ੍ਰੀ ਅਕਾਲ ਤਖਤ ਸਾਹਿਬ ਵੀ ਉਚੇਚੇ ਤੌਰ 'ਤੇ ਮੌਜੂਦ ਸਨ, ਜਿਨ੍ਹਾਂ ਵੱਲੋਂ ਇਟਲੀ ਤੋਂ ਆਏ ਹੋਏ ਵਫਦ ਦੇ ਨਾਲ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਵਿਚਾਰ ਵਟਾਂਦਰੇ ਕੀਤੇ ਗਏ।
ਭਾਰਤ ਨਿੱਝਰ ਦੀ ਹੱਤਿਆ ਦੀ ਜਾਂਚ 'ਚ ਕਰ ਰਿਹੈ ਸਹਿਯੋਗ: ਸਾਬਕਾ ਕੈਨੇਡੀਅਨ NSA ਜੋਡੀ ਥਾਮਸ
NEXT STORY