ਹੁਸ਼ਿਆਰਪੁਰ (ਘੁੰਮਣ)— ਡਿਪਟੀ ਕਮਿਸ਼ਨਰੀ ਵਿਪੁਲ ਉੱਜਵਲ ਨੇ ਕਿਹਾ ਕਿ ਮੰਡੀਆਂ 'ਚ ਲਿਫਟਿੰਗ ਦੀ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਲਾ ਪ੍ਰਸ਼ਾਸਨ ਵੱਲੋਂ ਕੁਝ ਨਿੱਜੀ ਮਿੱਲਾਂ ਨਾਲ ਵੀ ਸੰਪਰਕ ਕੀਤਾ ਗਿਆ ਹੈ, ਤਾਂ ਜੋ ਵੱਧ ਤੋਂ ਵੱਧ ਕਣਕ ਦੀ ਖਰੀਦ ਕਰਨ 'ਚ ਤੇਜ਼ੀ ਲਿਆਂਦੀ ਜਾ ਸਕੇ। ਉਹ ਅੱਜ ਦਾਣਾ ਮੰਡੀ ਹੁਸ਼ਿਆਰਪੁਰ ਵਿਖੇ ਕਿਸਾਨਾਂ, ਆੜ੍ਹਤੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਬੈਠਕ ਕਰ ਰਹੇ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੰਡੀ 'ਚ ਪਿਛਲੇ ਸਾਲ ਅੱਜ ਦੇ ਦਿਨ ਤੱਕ 21 ਹਜ਼ਾਰ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ, ਜਦਕਿ ਇਸ ਸਾਲ ਹੁਣ ਤੱਕ 24 ਹਜ਼ਾਰ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜੋ ਪਿਛਲੇ ਸਾਲ ਦੇ ਮੁਕਾਬਲੇ 3 ਹਜ਼ਾਰ ਮੀਟਰਕ ਟਨ ਵਾਧੂ ਹੈ। ਇਸ ਨੂੰ ਦੇਖਦੇ ਹੋਏ ਇਸ ਮੰਡੀ 'ਚੋਂ ਲਿਫਟਿੰਗ ਵਿਚ ਤੇਜ਼ੀ ਲਿਆਉਣ ਲਈ ਪ੍ਰਾਈਵੇਟ ਆਟਾ ਮਿੱਲਾਂ ਨੂੰ ਵੀ ਕਣਕ ਦੀ ਖਰੀਦ ਕਰਨ ਲਈ ਸੰਪਰਕ ਕੀਤਾ ਜਾ ਰਿਹਾ ਹੈ, ਤਾਂ ਜੋ ਇਸ ਮੰਡੀਆਂ ਵਿਚ ਲਿਫਟਿੰਗ ਦੀ ਸਮੱਸਿਆ ਹੱਲ ਹੋ ਸਕੇ।
ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਹਰ ਰੋਜ਼ ਜ਼ਿਲੇ ਦੀਆਂ ਮੰਡੀਆਂ ਵਿਚ 3 ਤੋਂ 4 ਹਜ਼ਾਰ ਮੀਟਰਕ ਟਨ ਕਣਕ ਦੀ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੰਡੀਆਂ ਵਿਚੋਂ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ ਹੈ ਅਤੇ ਤੈਅ ਕੀਤੇ ਗਏ ਮਾਪਦੰਡਾਂ ਅਨੁਸਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਮੰਡੀਆਂ ਵਿਚੋਂ ਚੁੱਕਿਆ ਜਾਵੇਗਾ।
ਵਿਪੁਲ ਉਜਵਲ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ਦੀਆਂ 62 ਮੰਡੀਆਂ 'ਚ ਬੀਤੀ ਸ਼ਾਮ ਤੱਕ 2,59,095 ਮੀਟਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ, ਜਦਕਿ 2,59,733 ਮੀਟਰਕ ਟਨ ਕਣਕ ਦੀ ਮੰਡੀਆਂ ਵਿਚ ਆਮਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 50,970 ਮੀਟਰਕ ਟਨ, ਮਾਰਕਫੈੱਡ ਵੱਲੋਂ 55,958 ਮੀਟਰਕ ਟਨ, ਪਨਸਪ ਵੱਲੋਂ 42,030 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 28,428 ਮੀਟਰਕ ਟਨ, ਪੰਜਾਬ ਐਗਰੋ ਵੱਲੋਂ 21430 ਮੀਟਰਕ ਟਨ, ਐੱਫ. ਸੀ. ਆਈ. ਵੱਲੋਂ 58,525 ਮੀਟਰਕ ਟਨ, ਜਦਕਿ ਵਪਾਰੀਆਂ ਵੱਲੋਂ ਪ੍ਰਾਈਵੇਟ ਤੌਰ 'ਤੇ 1754 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸ ਤੋਂ ਇਲਾਵਾ ਖਰੀਦੀ ਗਈ ਕਣਕ ਦੀ 332.84 ਕਰੋੜ ਰੁਪਏ ਦੀ ਅਦਾਇਗੀ ਵੀ ਆੜ੍ਹਤੀਆਂ ਨੂੰ ਹੋ ਗਈ ਹੈ।
ਇਸ ਮੌਕੇ ਜ਼ਿਲਾ ਕੰਟਰੋਲਰ ਖੁਰਾਕ ਅਤੇ ਸਿਵਲ ਸਪਲਾਈਜ਼ ਰਜਨੀਸ਼ ਕੌਰ ਤੋਂ ਇਲਾਵਾ ਵੱਖ-ਵੱਖ ਏਜੰਸੀਆਂ ਦੇ ਜ਼ਿਲਾ ਮੈਨੇਜਰ ਭਗਤ ਸਿੰਘ, ਅਨੀਸ਼ ਕੁਮਾਰ, ਪ੍ਰਧਾਨ ਆੜ੍ਹਤੀ ਆਸੋਸੀਏਸ਼ਨ ਸੁਧੀਰ ਸੂਦ, ਸਕੱਤਰ ਵਿਕਰਮਜੀਤ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਪੱਤਰਕਾਰ ਕਤਲ ਕਾਂਡ: ਅੰਡਰਵਰਲਡ ਡਾਨ ਛੋਟਾ ਰਾਜਨ ਨੂੰ ਹੋਈ ਉਮਰਕੈਦ ਦੀ ਸਜ਼ਾ
NEXT STORY